ਬਠਿੰਡਾ :ਹੁਸ਼ਿਆਰਪੁਰ ਘਟਨਾ ਤੋਂ ਬਾਅਦ ਪੰਜਾਬ ਦੇ ਪਿੰਡਾਂ ਵਿੱਚ ਪ੍ਰਵਾਸੀਆਂ ਵਿਰੁੱਧ ਬਹੁਤ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਹੁਣ ਪਿੰਡਾਂ ਦੀਆਂ ਪੰਚਾਇਤਾਂ ਵਿੱਚ ਪ੍ਰਵਾਸੀਆਂ ਵਿਰੁੱਧ ਸਖ਼ਤ ਫੈਸਲੇ ਲਏ ਜਾ ਰਹੇ ਹਨ। ਬਠਿੰਡਾ ਦੇ ਪਿੰਡ ਗਾਗਰੀ ਭਾਗੀ ਦੇ ਗੁਰਦੁਆਰਾ ਸਾਹਿਬ ਤੋਂ ਐਲਾਨ ਕਰਕੇ ਪ੍ਰਵਾਸੀਆਂ ਵਿਰੁੱਧ ਸ਼ਰਤਾਂ ਲਗਾਈਆਂ ਗਈਆਂ ਹਨ।
ਪੰਚਾਇਤ ਨੇ ਪ੍ਰਵਾਸੀਆਂ ਲਈ ਜਾਰੀ ਕੀਤੀਆਂ ਇਹ ਸ਼ਰਤਾਂ
ਪ੍ਰਵਾਸੀ ਪਿੰਡ ਵਿੱਚ ਕੋਈ ਘਰ ਜਾਂ ਜ਼ਮੀਨ ਨਹੀਂ ਖਰੀਦ ਸਕਣਗੇ।
ਪ੍ਰਵਾਸੀ ਮਜ਼ਦੂਰਾਂ ਲਈ ਆਧਾਰ ਕਾਰਡ ਅਤੇ ਵੋਟਿੰਗ ਕਾਰਡ ਬਣਾਉਣ ‘ਤੇ ਪਾਬੰਦੀ ਹੋਵੇਗੀ।
ਪਿੰਡ ਵਿੱਚ ਆਉਣ ਵਾਲੇ ਪ੍ਰਵਾਸੀ ਸਿਰਫ਼ ਖੇਤ ਦੀ ਮੋਟਰ ‘ਤੇ ਹੀ ਰਹਿ ਸਕਣਗੇ।
ਜਿਸ ਕਿਸਾਨ ਦੇ ਖੇਤ ਵਿੱਚ ਪ੍ਰਵਾਸੀ ਮਜ਼ਦੂਰ ਕੰਮ ਕਰਦਾ ਹੈ, ਉਹ ਇਸ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ।
ਹਰੇਕ ਪ੍ਰਵਾਸੀ ਮਜ਼ਦੂਰ ਦੀ ਪੁਲਿਸ ਵੈਰੀਫਿਕੇਸ਼ਨ ਕੀਤੀ ਜਾਵੇਗੀ।
ਲਗਾਤਾਰ ਹੋ ਰਹੀਆਂ ਘਟਨਾਵਾਂ ਕਾਰਨ ਇਹ ਫੈਸਲਾ ਲਿਆ ਗਿਆ ਸੀ।
ਪਿੰਡ ਦੇ ਸਰਪੰਚ ਬਲਜੀਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਪੈਦਾ ਹੋਏ ਹਾਲਾਤ ਨੂੰ ਵੇਖਦੇ ਹੋਏ ਇਹ ਸਮੁੱਚੇ ਨਗਰ ਤੇ ਪੰਚਾਇਤ ਵੱਲੋਂ ਫੈਸਲਾ ਲਿਆ ਗਿਆ ਹੈ ਅਤੇ ਇਸ ਫੈਸਲੇ ਨੂੰ ਸਮੁੱਚੇ ਪਿੰਡ ਵੱਲੋਂ ਹੱਥ ਖੜ੍ਹੇ ਕਰਕੇ ਪ੍ਰਵਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਵਾਸੀਆਂ ਵੱਲੋਂ ਲਗਾਤਾਰ ਪੰਜਾਬ ਵਿੱਚ ਆ ਕੇ ਆਪਣੀਆਂ ਵੋਟਾਂ ਤੇ ਵੋਟਰ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਦੇ ਪਿੰਡ ਵਿੱਚ ਵੀ ਕਈ ਪ੍ਰਵਾਸੀਆਂ ਵੱਲੋਂ ਪੁਰਾਣੇ ਸਮੇਂ ਵਿੱਚ ਵੋਟਰ ਕਾਰਡ ਅਤੇ ਆਧਾਰ ਕਾਰਡ ਬਣਾਏ ਗਏ ਹਨ ਜਿਨ੍ਹਾਂ ਵੱਲੋਂ ਹੁਣ ਪਿੰਡ ਵਾਸੀਆਂ ਨੂੰ ਤੰਗ ਪਰੇਸ਼ਾਨ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਮੁੱਚੇ ਪਿੰਡ ਵੱਲੋਂ ਇਸ ਫੈਸਲੇ ਸਬੰਧੀ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾਵੇਗਾ ਤੇ ਬਾਹਰੋਂ ਆ ਕੇ ਇਸ ਪਿੰਡ ਵਿੱਚ ਵੋਟਾਂ ਬਣਾਉਣ ਵਾਲੇ ਪਰਵਾਸੀਆਂ ਦੀਆਂ ਵੋਟਾਂ ਕੱਟਣ ਸਬੰਧੀ ਵੀ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਿਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇੱਥੇ ਕਈ ਕਈ ਸਾਲ ਤੋਂ ਰਹਿ ਰਹੇ ਪ੍ਰਵਾਸੀਆਂ ਦੀ ਪੁਲਿਸ ਵੈਰੀਫਿਕੇਸ਼ਨ ਵੀ ਕਰਵਾਈ ਜਾਵੇਗੀ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਇਹ ਆਪਣੇ ਘਰ ਵਾਪਸ ਨਹੀਂ ਗਏ ਕੀ ਪਤਾ ਇਹ ਪਿੱਛੇ ਕਿਸੇ ਤਰ੍ਹਾਂ ਦਾ ਅਪਰਾਧ ਕਰਕੇ ਆਏ ਹੋਣ ਉਨ੍ਹਾਂ ਕਿਹਾ ਕਿ ਪਰਵਾਸੀ ਖਿਲਾਫ਼ ਇਸ ਮਤੇ ਨੂੰ ਲਾਗੂ ਕਰਨ ਲਈ ਸਮੁੱਚਾ ਪਿੰਡ ਵਚਨਬੱਧ ਹੈ।
ਕਿਸਾਨ ਆਗੂ ਜਸਵੀਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਲਗਾਤਾਰ ਪ੍ਰਵਾਸੀਆਂ ਵੱਲੋਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਆਮ ਘਰਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਨੇ ਕਿਹਾ ਕਿ ਆਮ ਤੌਰ ਦੇ ਉੱਪਰ ਪਰਵਾਸੀਆਂ ਦੇ ਰਾਮੂ ਅਤੇ ਰਾਜੂ ਹੀ ਨਾਮ ਹਨ। ਕੱਲ੍ਹ ਨੂੰ ਜੇਕਰ ਇਹ ਕੋਈ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ ਤਾਂ ਇਨ੍ਹਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਵੇਗਾ। ਇਸ ਲਈ ਪੰਚਾਇਤ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜੋ ਵੀ ਕਿਸਾਨ ਇਨ੍ਹਾਂ ਨੂੰ ਕੰਮ ਕਰਨ ਲਈ ਲੈ ਕੇ ਆਵੇਗਾ। ਉਹ ਪਿੰਡ ਵਿੱਚ ਇਨ੍ਹਾਂ ਨੂੰ ਨਹੀਂ ਰੱਖੇਗਾ ਇਨ੍ਹਾਂ ਨੂੰ ਸਿਰਫ਼ ਖੇਤ ਦੀ ਮੋਟਰ ਉਤੇ ਰੱਖਣ ਦੀ ਇਜਾਜ਼ਤ ਹੋਵੇਗੀ।
ਪ੍ਰਵਾਸੀਆਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਈ ਜਾਵੇਗੀ
ਇਸ ਤੋਂ ਇਲਾਵਾ ਪ੍ਰਵਾਸੀਆਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਈ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਦਾ ਕੋਈ ਅਪਰਾਧਿਕ ਪਿਛੋਕੜ ਤਾਂ ਨਹੀਂ, ਘਟਨਾਵਾਂ ਵਾਪਰਨ ਤੋਂ ਬਾਅਦ ਅਕਸਰ ਹੀ ਲੋਕਾਂ ਵੱਲੋਂ ਸੜਕ ਜਾਮ ਕਰਕੇ ਇਨਸਾਫ ਦੀ ਮੰਗ ਕੀਤੀ ਜਾਂਦੀ ਹੈ ਪਰ ਜੇਕਰ ਇਨ੍ਹਾਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣਾ ਹੈ ਤਾਂ ਅਜਿਹੇ ਸਖ਼ਤ ਫੈਸਲੇ ਲੈਣੇ ਪੈਣਗੇ। ਉਨ੍ਹਾਂ ਨੇ ਕਿਹਾ ਕਿ ਸਾਡੇ ਪਿੰਡ ਵਿੱਚ ਵੀ ਪ੍ਰਵਾਸੀਆਂ ਦੇ 8 ਤੋਂ 10 ਘਰ ਅਜਿਹੇ ਹਨ ਜਿਨ੍ਹਾਂ ਵੱਲੋਂ ਵੋਟ ਬਣਵਾਈ ਗਈ ਹੈ ਤੇ ਅਕਸਰ ਹੀ ਦੇਰ ਸਵੇਰ ਇਹ ਸਾਡੇ ਲੋਕਾਂ ਨਾਲ ਗਾਲੀ-ਗਲੋਚ ਕਰਦੇ ਹਨ।
ਫੈਸਲੇ ਦਾ ਸਵਾਗਤ
ਉਨ੍ਹਾਂ ਨੇ ਕਿਹਾ ਕਿ ਬਣਵਾਈਆਂ ਹੋਈਆਂ ਪ੍ਰਵਾਸੀਆਂ ਦੀਆਂ ਵੋਟਾਂ ਕਟਵਾਉਣ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤੇ ਇਨ੍ਹਾਂ ਲੋਕਾਂ ਦੀ ਪੁਲਿਸ ਕਰਵਾਉਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਅੱਜ ਸਮੁੱਚੇ ਨਗਰ ਵੱਲੋਂ ਇਸ ਫੈਸਲੇ ਦਾ ਜਿੱਥੇ ਸਵਾਗਤ ਕੀਤਾ ਹੈ ਉਥੇ ਹੀ ਦ੍ਰਿੜਤਾ ਨਾਲ ਲਾਗੂ ਕਰਨ ਲਈ ਸਾਥ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ।

