ਨਿਊਜ਼ ਡੈਸਕ: ਸੰਸਦ ਦੀ ਸੁਰੱਖਿਆ ਵਿੱਚ ਕਮੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਸੰਸਦ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਹੈ। ਸਰਕਾਰ ਹੁਣ ਸੰਸਦ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ CISF ਦੀ ਤਾਇਨਾਤੀ ‘ਤੇ ਵਿਚਾਰ ਕਰ ਰਹੀ ਹੈ। ਇਸ ਦੇ ਲਈ ਸਬੰਧਿਤ ਧਿਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਕੇਂਦਰ ਨੇ ਇਸ ਸਬੰਧ ਵਿਚ ਇਕ ਵੱਡੀ ਮੀਟਿੰਗ ਕੀਤੀ, ਜਿਸ ਵਿਚ ਦਿੱਲੀ ਪੁਲਿਸ, ਗ੍ਰਹਿ ਮੰਤਰਾਲੇ, CISF, CRPF ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।
ਸੂਤਰਾਂ ਅਨੁਸਾਰ ਸਰਕਾਰ ਅਗਲੇ ਹਫ਼ਤੇ ਇਸ ਸਬੰਧ ਵਿਚ ਦੂਜੇ ਦੌਰ ਦੀ ਮੀਟਿੰਗ ਕਰੇਗੀ, ਜਿਸ ਵਿਚ ਇਸ ਸਬੰਧੀ ਅੰਤਿਮ ਫ਼ੈਸਲਾ ਲਿਆ ਜਾ ਸਕਦਾ ਹੈ। ਮਾਮਲੇ ਨਾਲ ਸਬੰਧਤ ਸੂਤਰਾਂ ਅਨੁਸਾਰ ਉੱਚ ਪੱਧਰੀ ਮੀਟਿੰਗ ਵਿੱਚ ਦੋ ਨੁਕਤੇ ਵਿਸ਼ੇਸ਼ ਤੌਰ ’ਤੇ ਵਿਚਾਰੇ ਗਏ। ਇਸ ਵਿੱਚ ਸੰਸਦ ਦੀ ਸੁਰੱਖਿਆ ਸੀਆਈਐਸਐਫ ਨੂੰ ਸੌਂਪਣ ਦਾ ਸੁਝਾਅ ਦਿੱਤਾ ਗਿਆ ਸੀ ਕਿਉਂਕਿ ਇਹ ਸੰਸਥਾਵਾਂ ਦੀ ਸੁਰੱਖਿਆ ਵਿੱਚ ਮਾਹਿਰ ਹੈ ਅਤੇ ਸੰਸਦ ਵਿੱਚ ਕੁਝ ਥਾਵਾਂ ‘ਤੇ ਦਿੱਲੀ ਪੁਲਿਸ ਦੀ ਸੁਰੱਖਿਆ ਜਾਰੀ ਰੱਖਣ ਦਾ ਸੁਝਾਅ ਦਿੱਤਾ ਗਿਆ ਸੀ।
ਸੰਸਦ ਵਿੱਚ CISF ਦੀ ਤਾਇਨਾਤੀ ਤੋਂ ਪਹਿਲਾਂ ਸੰਸਦ ਭਵਨ ਕੰਪਲੈਕਸ ਦਾ ਸਰਵੇਖਣ ਕਰਨ ਦਾ ਆਦੇਸ਼ ਵੀ ਜਾਰੀ ਕੀਤਾ ਗਿਆ ਸੀ, ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ, ਪ੍ਰਤੀਕਿਰਿਆ ਫੋਰਸ ਤੁਰੰਤ ਕਾਰਵਾਈ ਸ਼ੁਰੂ ਕਰ ਸਕੇ।
ਦਸ ਦਈਏ ਕਿ ਸੰਸਦ ਦੀ ਸੁਰੱਖਿਆ ਪ੍ਰਣਾਲੀ ਨੂੰ ਬਦਲਣ ਲਈ ਇਹ ਮੀਟਿੰਗ ਸੁਰੱਖਿਆ ਵਿੱਚ ਕਮੀਆਂ ਕਾਰਨ ਲੋਕ ਸਭਾ ਵਿੱਚ 8 ਸੁਰੱਖਿਆ ਕਰਮਚਾਰੀਆਂ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਹੋਈ ਹੈ। ਲੋਕ ਸਭਾ ਵਿੱਚ 13 ਦਸੰਬਰ ਨੂੰ ਮਨੋਰੰਜਨ ਡੀ ਅਤੇ ਸਾਗਰ ਸ਼ਰਮਾ ਨਾਂ ਦੇ ਦੋ ਘੁਸਪੈਠੀਆਂ ਨੇ ਦਰਸ਼ਕ ਗੈਲਰੀ ਤੋਂ ਐਮਪੀ ਗੈਲਰੀ ਵਿੱਚ ਛਾਲ ਮਾਰ ਦਿੱਤੀ ਸੀ। ਇਸ ਦੌਰਾਨ ਉਨ੍ਹਾਂ ਧੂੰਏਂ ਦੇ ਡੱਬੇ ਖੋਲ੍ਹੇ ਅਤੇ ਨਾਅਰੇਬਾਜ਼ੀ ਕੀਤੀ। ਬਾਅਦ ਵਿਚ ਉਨ੍ਹਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਨੀਲਮ ਆਜ਼ਾਦ ਅਤੇ ਅਮੋਲ ਸ਼ਿੰਦੇ ਨਾਂ ਦੇ ਦੋ ਹੋਰ ਵਿਅਕਤੀਆਂ ਨੂੰ ਵੀ ਸੰਸਦ ਦੇ ਬਾਹਰੋਂ ਗ੍ਰਿਫਤਾਰ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।