ਅਧਿਆਪਕਾਂ ਨੇ ਪਾਪੜ ਵੇਚ ਕੇ ਜਤਾਇਆ ਵਿਰੋਧ, ਸਰਕਾਰ ਨੂੰ ਯਾਦ ਕਰਵਾਏ ਚੋਣ ਵਾਅਦੇ

TeamGlobalPunjab
2 Min Read

ਪਟਿਆਲਾ : ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ ਸਿੱਖਿਆ ਮੰਤਰੀ ਅਤੇ ਅਧਿਕਾਰੀਆਂ ਨਾਲ ਹੋਈ ਬੈਠਕਾਂ ਦੇ ਬੇ-ਸਿੱਟਾ ਰਹਿਣ ਦੇ ਵਿਰੋਧ ‘ਚ ਪੱਕਾ ਧਰਨਾ 16ਵੇਂ ਦਿਨ ਵੀ ਗੁਰਦੁਆਰਾ ਸ਼੍ਰੀ ਦੁਖ਼ਨਿਵਾਰਨ ਸਾਹਮਣੇ ਜਾਰੀ ਰਿਹਾ । ਅੱਜ ਅਧਿਆਪਕਾਂ ਨੇ ਵੱਖਰੇ ਢੰਗ ਨਾਲ ਰੋਸ ਜ਼ਾਹਿਰ ਕੀਤਾ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਪਾਪੜ ਵੇਚ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਲਾਈਟਾਂ ਵਾਲੇ ਚੌਕ ਵਿਖੇ ਪਾਪੜ ਵੇਚੇ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਸਰਕਾਰੀ ਸਕੂਲਾਂ ‘ਚ ਵੋਕੇਸ਼ਨਲ ਅਧਿਆਪਕਾਂ ਦੀ ਭਰਤੀ ਦੀ ਮੰਗ ਕਰਦੇ ਆ ਰਹੇ ਹਨ ਪਰ ਹਾਲੇ ਤਕ ਸਰਕਾਰ ਵਲੋਂ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਇਸ ਦੇ ਰੋਸ ਵਜੋਂ ਉਨ੍ਹਾਂ ਵਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਉਧਰ ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਚਾਰ ਸਾਲ ਪੂਰੇ ਕਰ ਚੁੱਕੀ ਹੈ ਪਰ ਚੋਣਾਂ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਹੁਣ ਤੱਕ ਪੂਰਾ ਨਹੀਂ ਕਰ ਸਕੀ। ਅਧਿਆਪਕਾਂ ਨੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਪ੍ਰਦਰਸ਼ਨ ਜਾਰੀ ਰੱਖਣ ਦੀ ਗੱਲ ਆਖੀ।

- Advertisement -

ਇਸ ਮੌਕੇ ਸੂਬਾ ਮੀਤ ਪ੍ਰਧਾਨ ਸਵਰਨਜੀਤ ਸਿੰਘ ਵਿਰਦੀ ਨੇ ਕਿਹਾ ਕਿ ਸਿੱਖਿਆ ਸਕੱਤਰ ਸਿਰਫ ਨਿਜੀ ਕੰਪਨੀਆਂ ਦੇ ਹੱਕਾਂ ਬਾਰੇ ਸੋਚਦੇ ਹਨ। ਉਨ੍ਹਾਂ ਨੂੰ ਅਧਿਆਪਕਾਂ ਦੀ ਕੋਈ ਪਰਵਾਹ ਨਹੀਂ। ਜ਼ਿਕਰਯੋਗ ਹੈ ਕਿ ਸਰਕਾਰ ਦੇ ਤਾਨਾਸ਼ਾਹੀ ਰੱਵਈਏ ਦੇ ਵਿਰੁੱਧ ਵੋਕੇਸ਼ਨਲ ਅਧਿਆਪਕ ਯੂਨੀਅਨ ਵਲੋਂ ਬੁੱਧਵਾਰ (23 ਜੂਨ) ਨੂੰ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮੋਤੀ ਮਹਿਲ ਵੱਲ ਹੱਲਾ ਬੋਲ ਰੈਲੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਯੂਨੀਅਨ ਆਗੂਆਂ ਨੇ ਸਰਕਾਰ ਦੇ ਵਾਰ-ਵਾਰ ਕੀਤੇ ਜਾਂਦੇ ਝੂਠੇ ਲਾਰਿਆਂ ਤੋਂ ਤੰਗ ਆ ਕੇ ਆਪਣੇ ਪੱਕੇ ਧਰਨੇ ਨੂੰ ਅੱਗੇ ਜਾਰੀ ਰੱਖਣ ਦਾ ਫੈਸਲਾ ਲਿਆ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਿੰਨਾ ਚਿਰ ਅਧਿਆਪਕਾਂ ਦੀਆਂ ਮੰਗਾਂ ਦੀ ਪੂਰਤੀ ਨਹੀਂ ਹੁੰਦੀ ਉਦੋਂ ਤਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਯੂਨੀਅਨ ਸਲਾਹਕਾਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਮਾਨ, ਗੁਰਲਾਲ ਸਿੰਘ, ਮਨਜਿੰਦਰ ਸਿੰਘ ਤਰਨਤਾਰਨ, ਜਰਨੈਲ ਸਿੰਘ ਆਦਿ ਹਾਜ਼ਰ ਸਨ।

 

Share this Article
Leave a comment