ਐਨ.ਐਸ.ਕਿਊ.ਐਫ. ਅਧਿਆਪਕਾਂ ਨੇ ਗਲਾਂ ‘ਚ ਟਾਇਰ ਪ‍ਾ ਕੇ ਕੀਤਾ ਪ੍ਰਦਰਸ਼ਨ

TeamGlobalPunjab
3 Min Read

 

ਪਟਿਆਲਾ : ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਅੱਜ ਉਸ ਸਮੇਂ ਹੰਗਾਮੀ ਸਥਿਤੀ ਬਣ ਗਈ ਜਦੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕੁਝ NSQF ਅਧਿਆਪਕਾਂ ਨੇ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੌਕੇ ‘ਤੇ ਮੌਜੂਦ ਪੁਲਿਸ ਕਰਮੀਆਂ ਵੱਲੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ। ਇਸ ਲਈ ਪੁਲਿਸ ਵੱਲੋਂ ਬਲ ਦਾ ਪ੍ਰਯੋਗ ਵੀ ਕੀਤਾ ਗਿਆ।

ਇਸ ਦਰਮਿਆਨ ਅਧਿਆਪਕਾਂ ਨੇ ਸੜਕ ਜਾਮ ਕਰ ਦਿੱਤੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਾਮਲਾ ਭਖਦਾ ਵੇਖ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਅਧਿਆਪਕਾਂ ਨੇ ਜਾਮ ਚੁੱਕ ਲਿਆ।

 

- Advertisement -

  ਐਨ ਐਸ ਕਿਊ ਐਫ ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਨੇ ਦੱਸਿਆ ਕਿ ਹਰ ਵਾਰ ਮੀਟਿੰਗ ਵਿੱਚ ਸਾਡੇ ਤੋਂ ਸਮਾਂ ਮੰਗ ਲਿਆ ਜਾਂਦਾ ਹੈ, ਪਰ ਹਲ ਕੁਝ ਨਹੀਂ ਕੀਤਾ ਜਾਂਦਾ, ਜਿਸ ਕਰਕੇ ਅਧਿਆਪਕਾਂ ਵਿੱਚ ਬਹੁਤ ਜ਼ਿਆਦਾ ਰੋਸ ਵਧ ਗਿਆ ਹੈ। ਅਧਿਆਪਕਾਂ ਨੇ ਇਹਨਾਂ ਦੇ ਝੂਠੇ ਲਾਰਿਆਂ ਤੋਂ ਅੱਕ ਕੇ ਗਲਾਂ ਵਿੱਚ ਟਾਇਰ ਪਾ ਕੇ ਰੋਸ ਮਾਰਚ ਕੱਢਿਆ ਅਤੇ ਪਟਿਆਲਾ-ਸਮਾਣਾ ਰੋਡ ਨੂੰ ਜਾਮ ਕੀਤਾ।

 

ਅਧਿਆਪਕ ਆਗੂ ਨੇ ਜਾਣਕਾਰੀ ਦਿੱਤੀ ਕਿ ਪਿਛਲੇ 89 ਦਿਨਾਂ ਤੋਂ ਅਧਿਆਪਕ ਆਪਣੀਆਂ ਮੰਗਾਂ ਦੀ ਪੂਰਤੀ ਲਈ ‘ਗੁਰਦੁਆਰਾ ਦੁੱਖ ਨਿਵਾਰਨ ਸਾਹਿਬ’ ਨਜ਼ਦੀਕ ਪੱਕਾ ਧਰਨਾ ਲਾਕੇ ਬੈਠੇ ਹੋਏ ਹਨ, ਪਰ ਅੱਜ ਤੱਕ ਉਹਨਾਂ ਦੀ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ । ਅਧਿਆਪਕਾਂ ਦੀਆਂ ਮੁੱਖ ਮੰਗਾਂ ਹਨ, ਸਰਕਾਰੀ ਸਕੂਲਾਂ ਵਿੱਚੋਂ ਕੰਪਨੀਆਂ ਨੂੰ ਬਾਹਰ ਕੱਢਿਆ ਜਾਵੇ। ਐਨ ਐਸ ਕਿਊ ਐਫ ਪੂਰੇ ਸਕੇਲ ਤੇ ਰੈਗੂਲਰ ਕੀਤਾ ਜਾਵੇ।

- Advertisement -

 ਅਧਿਆਪਕਾਂ ਨੇ ਇਲਜ਼ਾਮ ਲਗਾਇਆ ਕਿ ਪੁਲਿਸ ਵੱਲੋਂ ਅਧਿਆਪਕਾਂ ਨੂੰ ਰੋਕਨ ਲਈ ਬਲ ਦਾ ਪ੍ਰਯੋਗ ਕੀਤਾ ਗਿਆ, ਜਿਸ ਕਾਰਨ ਪ੍ਰਦਰਸ਼ਨਕਾਰੀ ਅਧਿਆਪਕਾਂ ‘ਚ ਬਹੁਤ ਰੋਸ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਖਿੱਚ ਧੂਹ ਵਿੱਚ ਕਾਫੀ ਅਧਿਆਪਕਾਂ ਦੇ ਸੱਟਾਂ ਵੀ ਲੱਗੀਆਂ ਹਨ।  ਇਸ ਦੌਰਾਨ ਅਧਿਆਪਕ ਆਗੂ ਰਾਇ ਸਾਹਿਬ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨਾਲ 6 ਸਤੰਬਰ ਨੂੰ ਚੰਡੀਗੜ੍ਹ ਸਕੱਤਰੇਤ ਵਿਖੇ ਪੈਨਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਜੇਕਰ ਕੱਲ ਵਾਲੀ ਮੀਟਿੰਗ ਵਿੱਚ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 11 ਸਤੰਬਰ ਨੂੰ ਦੋ ਦਿਨਾਂ ਦੀ ਅਗਲੀ ਰੈਲੀ ਦਾ ਐਲਾਨ ਕੀਤਾ ਜਾਵੇਗਾ।

Share this Article
Leave a comment