ਅੰਮ੍ਰਿਤਸਰ: ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੁਝ ਲੋਕਾਂ ਨੂੰ ਨਾਲ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਜਾਇਦਾਦ ਮੀਰੀ ਪੀਰੀ ਮੈਡੀਕਲ ਕਾਲਜ ਸਾਹਬਾਦ ਮਾਰਕੰਡਾ ਤੇ ਜ਼ਬਰੀ ਕਬਜ਼ਾ ਕਰਨ ਦੀ ਹਰਕਤ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸੰਗਤਾਂ ਦੀ ਵੱਡੀ ਸ਼ਰਧਾ ਹੈ ਅਤੇ ਇਸ ਪਾਵਨ ਅਸਥਾਨ ਦੀ ਜਾਇਦਾਦ ਨੂੰ ਕਿਸੇ ਨੂੰ ਵੀ ਹਥਿਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚਲ ਰਹੇ ਮੀਰੀ ਪੀਰੀ ਮੈਡੀਕਲ ਕਾਲਜ ਸਾ਼ਹਬਾਦ ਮਾਰਕੰਡਾ ਤੇ ਬਲਜੀਤ ਸਿੰਘ ਦਾਦੂਵਾਲ ਨੇ ਕੁਝ ਲੋਕਾਂ ਨੂੰ ਨਾਲ ਲੈ ਕੇ ਧੱਕੇਸ਼ਾਹੀ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਕਿਹਾ ਕਿ ਇੰਜ ਲਗਦਾ ਹੈ ਕਿ ਸਰਕਾਰਾਂ ਅਜਿਹੇ ਲੋਕਾਂ ਦੀ ਧੱਕੇਸ਼ਾਹੀ ਰੋਕਣ ਦੀ ਥਾਂ ਮੂਕ ਸਹਿਮਤੀ ਦੇ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੇ ਭਾਰਤ ਅੰਦਰ ਸਿੱਖ ਮਿਸ਼ਨ ਅਤੇ ਵਿਦਿਅਕ ਸੰਸਥਾਵਾਂ ਖੋਲ੍ਹ ਕੇ ਸਿੱਖੀ ਪ੍ਰਚਾਰ ਤੇ ਵਿਦਿਅਕ ਪ੍ਰਸਾਰ ਲਈ ਮੋਹਰੀ ਹੋ ਕੇ ਕਾਰਜ ਕਰ ਰਹੀ ਹੈ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸ਼ਾਹਬਾਦ ਮਾਰਕੰਡਾ ਵਿਖੇ ਚੱਲ ਰਹੇ ਮੀਰੀ ਪੀਰੀ ਮੈਡੀਕਲ ਕਾਲਜ ਨੂੰ ਕੁਝ ਲੋਕਾਂ ਵੱਲੋਂ ਹਥਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਇਸ ਕਾਲਜ ਨੂੰ ਚਲਾਉਣ ਲਈ ਸ਼੍ਰੋਮਣੀ ਕਮੇਟੀ ਹਰ ਸਾਲ 8 ਕਰੋੜ ਰੁਪਏ ਸਹਾਇਤਾ ਦਿੰਦੀ ਹੈ ਅਤੇ ਮੌਜੂਦਾ ਸਮੇਂ ਲੋਕਾਂ ਦੀ ਸਹੂਲਤ ਲਈ ਹਸਪਤਾਲ ਵਾਸਤੇ ਵੀ ਵੱਡੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਕਰਕੇ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆਖਿਆ ਕਿ ਅਜਿਹੇ ਲੋਕਾਂ ਦੀਆਂ ਹਰਕਤਾਂ ਤੇ ਰੋਕ ਲਗਾਈ ਜਾਵੇ ਅਤੇ ਇਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

