ਚਾਰ ਸਾਲ ਪੂਰੇ ਹੋਣ ‘ਤੇ ਕੈਪਟਨ ਅੱਜ ਦੇ ਸਕਦੇ ਸਰਕਾਰ ਦੀ ਕਾਰਗੁਜ਼ਾਰੀ ਦਾ ਲੇਖਾ ਜੋਖਾ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਅਖਾੜਾ ਭੱਖਦਾ ਦਿਖਾਈ ਦੇ ਰਿਹਾ ਹੈ। ਓਧਰ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਦੇ ਚਾਰ ਸਾਲ ਵੀ ਪੂਰੇ ਹੋ ਗਏ ਹਨ। ਜਿਸ ਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਚਾਰ ਸਾਲ ਦੇ ਕੰਮਕਾਜ ਦਾ ਲੇਖਾ ਜੋਖਾ ਅੱਜ ਸਾਂਝਾ ਕਰ ਸਕਦੇ ਹਨ। ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 18 ਮਾਰਚ (ਵੀਰਵਾਰ) ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨਗੇ। ਇਸ ਪ੍ਰੈਸ ਕਾਨਫਰੰਸ ਵਿੱਚ ਹਰ ਜਿਲ੍ਹੇ ਵਿੱਚ ਕਾਂਗਰਸੀ ਵਿਧਾਇਕ ਅਤੇ ਮੰਤਰੀ ਵਰਚੁਅਲ ਮਾਧਿਅਮ ਰਾਹੀਂ ਕੈਪਟਨ ਅਮਰਿੰਦਰ ਸਿੰਘ ਨਾਲ ਜੁੜਨਗੇ।

ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਵਰਚੂਅਲ ਮਾਧਿਅਮ ਰਾਹੀਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਜੁੜਨਗੇ। ਇਸ ਦੇ ਤੁਰੰਤ ਬਾਅਦ ਅਰੁਨਾ ਚੌਧਰੀ ਵੀ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ। ਮਾਨਸਾ ਦੇ ਬੱਚਤ ਭਵਨ ਵਿੱਚ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਰਚੁਅਲੀ ਮੁੱਖ ਮੰਤਰੀ ਨਾਲ ਜੁੜਨਗੇ ਅਤੇ ਉਸ ਤੋਂ ਬਾਅਦ ਮਾਨਸਾ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਇਸੇ ਤਰ੍ਹਾਂ ਸਾਰੇ ਜਿਲ੍ਹਿਆਂ ਵਿੱਚ ਹਰ ਮੰਤਰੀ ਦੀ ਡਿਊਟੀ ਲਗਾਈ ਗਈ ਹੈ।

ਇਹ ਤਿਆਰੀ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਕੀਤੀ ਜਾ ਰਹੀ ਹੈ। ਕਿਉਂਕਿ ਵਿਰੋਧੀ ਧਿਰਾਂ ਲਗਾਤਾਰ ਕੈਪਟਨ ਸਰਕਾਰ ‘ਤੇ ਨਿਸ਼ਾਨਾ ਸਾਧ ਰਹੀਆਂ ਹਨ ਕਿ ਪੰਜਾਬ ਸਰਕਾਰ ਨੇ ਚੋਣ ਵਾਅਦੇ ਪੂਰੇ ਨਹੀਂ ਕੀਤੇ। ਲੋਕਾਂ ਦੇ ਨਾਲ ਧੋਖਾ ਕੀਤਾ ਗਿਆ। ਇਹਨਾਂ ਸਾਰੇ ਸਵਾਲਾਂ ਦਾ ਜਵਾਬ ਦੇਣ ਲਈ ਅੱਜ ਕੈਪਟਨ ਅਮਰਿੰਦਰ ਸਿੰਘ ਸਾਹਮਣੇ ਆ ਰਹੇ ਹਨ।

Share this Article
Leave a comment