ਚੰਡੀਗੜ੍ਹ: ਦਾਤਾਸਿੰਘਵਾਲਾ-ਖਨੌਰੀ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਐਤਵਾਰ ਨੂੰ 97ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ 5 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ਜਾ ਰਹੇ ਹਨ। ਇਸ ਦਿਨ 100 ਕਿਸਾਨ ਖਨੌਰੀ ਬਾਰਡਰ ‘ਤੇ ਇਕ ਦਿਨ ਲਈ ਪ੍ਰਤੀਕ ਭੁੱਖ ਹੜਤਾਲ ‘ਤੇ ਜਾਣਗੇ।
ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਭਰ ਦੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਕਿਸਾਨਾਂ ਨੂੰ 5 ਮਾਰਚ ਨੂੰ ਇੱਕ ਰੋਜ਼ਾ ਪ੍ਰਤੀਕ ਭੁੱਖ ਹੜਤਾਲ ਕਰਨ ਦੀ ਅਪੀਲ ਕੀਤੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 8 ਮਾਰਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਦਾਤਾਸਿੰਘਵਾਲਾ-ਖਨੌਰੀ, ਸ਼ੰਭੂ ਅਤੇ ਰਤਨਾਪੁਰਾ ਵਿਖੇ ਕਿਸਾਨ ਮੋਰਚੇ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਐਕਟ ਦੇ ਮੁੱਦੇ ‘ਤੇ ਮਹਿਲਾ ਪੰਚਾਇਤਾਂ ਦਾ ਇਕੱਠ ਕੀਤਾ ਜਾਵੇਗਾ। ਮੰਚ ਤੋਂ ਸਿਰਫ਼ ਮਹਿਲਾ ਬੁਲਾਰੇ ਹੀ ਐਮਐਸਪੀ ਗਾਰੰਟੀ ਐਕਟ ਬਾਰੇ ਆਪਣੇ ਵਿਚਾਰ ਪ੍ਰਗਟ ਕਰਨਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਮਾਰਚ ਮਹੀਨੇ ਵਿੱਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਦੇਸ਼ ਭਰ ਵਿੱਚ ਸੂਬਾ ਪੱਧਰ ’ਤੇ ਮਹਾਂਪੰਚਾਇਤਾਂ ਕੀਤੀਆਂ ਜਾਣਗੀਆਂ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਪੰਧੇਰ ਨੇ ਮਾਨ ਸਰਕਾਰ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਮਾਨ ਸਾਹਿਬ, ਤੁਸੀਂ ਅਤੇ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਨਸ਼ੇ ਦੇ ਵੱਡੇ ਸੌਦਾਗਰਾਂ ਦੇ ਨਾਂ ਲਏ ਸਨ। ਕਿਹਾ ਅਸੀਂ ਉਨ੍ਹਾਂ ਨੂੰ ਫੜ ਲਵਾਂਗੇ। ਨਸ਼ੇ ਦੀ ਸਪਲਾਈ ਲਾਈਨ ਤੋੜ ਦੇਣਗੇ। ਪੰਧੇਰ ਨੇ ਸਵਾਲ ਕੀਤਾ ਕਿ ਕੀ ਤੁਹਾਨੂੰ ਇਹ ਵਾਅਦੇ ਯਾਦ ਹਨ ਜਾਂ ਭੁੱਲ ਗਏ ਹਨ। ਪੰਧੇਰ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਅਜਿਹਾ ਕੁਝ ਨਹੀਂ ਹੋਇਆ। ਸਿਰਫ਼ ਨਸ਼ੇੜੀਆਂ ਨੂੰ ਫੜਨ ਦਾ ਕੋਈ ਫਾਇਦਾ ਨਹੀਂ ਹੋਵੇਗਾ। ਪੰਧੇਰ ਨੇ ਕਿਹਾ ਕਿ ਜਦੋਂ ਤੱਕ ਨਸ਼ੇ ਦੇ ਸੌਦਾਗਰ ਫੜੇ ਨਹੀਂ ਜਾਂਦੇ, ਉਦੋਂ ਤੱਕ ਨਸ਼ੇ ਖੁੱਲ੍ਹੇਆਮ ਵਿਕਦੇ ਰਹਿਣਗੇ ਅਤੇ ਪੰਜਾਬ ਦੀ ਜਵਾਨੀ ਬਰਬਾਦ ਹੁੰਦੀ ਰਹੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।