ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਬਾਰੇ ਨਵੀਂਆਂ ਹਦਾਇਤਾਂ ਜਾਰੀ

TeamGlobalPunjab
2 Min Read

ਚੰਡੀਗੜ੍ਹ: ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਸਿੱਖਿਆ ਵਿਭਾਗ ਨੇ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਦਸਤਾਵੇਜ਼ਾਂ ਦੇ ਆਧਾਰ ’ਤੇ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਦੇਣ ਤੋਂ ਨਾਂਹ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਦੇ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਨੇ ਇਹ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ ਕਿਉਕਿ ਕਈ ਵਿਦਿਆਰਥੀਆਂ ਨੂੰ ਦਸਤਾਵੇਜ਼ ਨਾ ਹੋਣ ਕਾਰਨ ਮੁਸ਼ਕਲ ਪੇਸ਼ ਆ ਰਹੀ ਹੈ। ਬੁਲਾਰੇ ਅਨੁਸਾਰ ਆਰ.ਟੀ.ਆਈ. ਐਕਟ 2009 ਦੇ ਆਧਾਰ ’ਤੇ ਪਹਿਲੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੂੰ ਉਮਰ ਦੇ ਆਧਾਰ ’ਤੇ ਦਾਖਲਾ ਦੇਣ ਲਈ ਆਖਿਆ ਗਿਆ ਹੈ। ਇਸ ਦੇ ਨਾਲ ਹੀ ਬਿਨਾ ਆਧਾਰ ਕਾਰਡ ਵਾਲੇ ਵਿਦਿਆਰਥੀਆਂ ਨੂੰ ਵੀ ਦਾਖਲਾ ਦੇਣ ਅਤੇ ਬਾਅਦ ਵਿੱਚ ਉਨਾਂ ਦਾ ਆਧਾਰ ਕਾਰਡ ਬਨਾਉਣ ਲਈ ਆਖਿਆ ਗਿਆ ਹੈ। ਇਸ ਤੋਂ ਇਲਾਵਾ 9ਵੀਂ ਤੋਂ 12ਵੀਂ ਜਮਾਤ ਵਿੱਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਰਜਿਸਟ੍ਰੇਸ਼ਨ ਨੰਬਰ ਨਾ ਮੰਗਣ ਲਈ ਵੀ ਕਿਹਾ ਗਿਆ ਹੈ।

ਇਸੇ ਤਰਾਂ ਹੀ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕੀਤੀ ਗਈ ਹੈ ਅਤੇ ਸਕੂਲ ਮੁਖੀਆਂ ਨੂੰ ਦੂਸਰੇ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਦਾਖਲਾ ਦੇਣ ਲਈ ਕਿਹਾ ਗਿਆ ਹੈ। ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜਾਈ ਦੇ ਸਬੰਧ ਵਿੱਚ ਲਿਖਤੀ ਤੌਰ ’ਤੇ ਲਿਆ ਜਾਵੇ।

ਇਸ ਦੇ ਨਾਲ ਹੀ ਦਾਖਲਾ ਲੈਣ ਦੀ ਇੱਛਾ ਰੱਖਣ ਵਾਲੇ ਜਿਨਾਂ ਵਿਦਿਆਰਥੀਆਂ ਦੇ ਕੋਲ ਜਨਮ ਸਰਟੀਫਿਕੇਟ ਨਹੀਂ ਹੈ, ਉਨਾਂ ਨੂੰ ਜਨਮ ਸਰਟੀਫਿਕੇਟ ਦੇ ਸਬੰਧ ਵਿੱਚ ਮਜ਼ਬੂਰ ਨਾ ਕਰਨ ਵਾਸਤੇ ਵੀ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ ਅਤੇ ਇਨਾਂ ਵਿਦਿਆਰਥੀਆਂ ਨੂੰ ਪ੍ਰੋਵੀਜ਼ਨ ਆਧਾਰ ’ਤੇ ਦਾਖਲਾ ਦੇਣ ਵਾਸਤੇ ਕਿਹਾ ਗਿਆ ਹੈ।

- Advertisement -

Share this Article
Leave a comment