ਗਣਤੰਤਰ ਦਿਵਸ ਮੌਕੇ ਡਾ. ਅੰਬੇਦਕਰ ਦੇ ਯੋਗਦਾਨ ਨੂੰ ਕੀਤਾ ਯਾਦ, ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ

TeamGlobalPunjab
2 Min Read

ਚੰਡੀਗੜ੍ਹ:- ਅੱਜ ਗਣਤੰਤਰ ਦਿਵਸ ਮੌਕੇ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਇਆ। ਮੁੱਖ ਮੰਤਰੀ ਨੇ ਬਾਬਾ ਸਾਹਿਬ ਡਾ. ਅੰਬੇਦਕਰ ਦੇ ਯੋਗਦਾਨ ਨੂੰ ਚੇਤੇ ਕੀਤਾ ਜਿਨ੍ਹਾਂ ਨੇ ਸਾਡਾ ਸੰਵਿਧਾਨ ਬਣਾਇਆ।  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਮੰਗਲਵਾਰ ਨੂੰ ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ ਕਿਹਾ ਕਿ ਉਨ੍ਹਾਂ ਦਾ ਦਿਲ ਕਿਸਾਨਾਂ ਦੇ ਨਾਲ ਹੈ।

ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਸੁਧਾਰਾਂ ਬਾਰੇ ਕਾਇਮ ਕੀਤੀ ਉਚ ਤਾਕਤੀ ਕਮੇਟੀ  ‘ਚ ਪੰਜਾਬ ਨੂੰ ਜਾਣਬੁੱਝ ਕੇ ਬਾਹਰ ਰੱਖਿਆ ਕਿਉਕਿ ਕੇਂਦਰ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਕਿ ਸੂਬੇ ਤੋਂ ਰੋਹ ਭਰੀਆਂ ਆਵਾਜ਼ਾਂ ਉਠਣਗੀਆਂ। ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਗਲਤ ਹਨ ਕਿਉਂਕਿ ਭਾਰਤੀ ਸੰਵਿਧਾਨ ਦੀ ਸੂਚੀ 7 ਅਧੀਨ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰਕੇ ਕੇਂਦਰ ਵੱਲੋਂ ਇਹ ਕਾਨੂੰਨ ਬਣਾਉਣ ਹੀ ਸੰਘੀ ਢਾਂਚੇ ਦੀ ਵਿਰੁੱਧ ਹੈ।

ਗਣਤੰਤਰ ਦਿਵਸ ਮੌਕੇ ਬਰਨਾਲਾ ਵਿਖੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤਿਰੰਗਾ ਲਹਿਰਾਉਣ ਪਹੁੰਚੇ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਤੇ ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਬਲਬੀਰ ਸਿੰਘ ਸਿੱਧੂ ਦੀ ਕਾਰ ਦੇ ਅੱਗੇ ਲੇਟ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

ਉਧਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਬਠਿੰਡਾ  ‘ਚ ਗਣਤੰਤਰ ਦਿਵਸ ਸਮਾਰੋਹ  ‘ਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਅੱਜ ਕਿਸਾਨ ਦਿੱਲੀ  ‘ਚ ਬੈਠਣ ਲਈ ਮਜ਼ਬੂਰ ਹਨ, ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਲਈ ਸਹਿਮਤ ਹੋਣਾ ਚਾਹੀਦਾ ਹੈ ਤਾਂ ਜੋ ਉਹ ਘਰ ਆ ਸਕਣ।

Share This Article
Leave a Comment