ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕੰਮਾਂ ਲਈ ਅਧਿਕਾਰੀਆਂ ਨੂੰ ਮੌਕੇ ਉਤੇ ਦਿੱਤੇ ਆਦੇਸ਼

Rajneet Kaur
3 Min Read

ਸੰਗਰੂਰ: CM ਮਾਨ ਨੇ ਅੱਜ ਹੜ੍ਹਾਂ ਦੇ ਪਾਣੀਆਂ ਵਿਚ ਖੁਦ ਉਤਰ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਚਿੱਟਾ-ਕੁੜਤਾ ਪਜਾਮਾ ਪਾਇਆ ਹੋਇਆ ਸੀ ਪਰ ਰਾਹਤ ਕੰਮਾਂ ਦੀ ਨਿਗਰਾਨੀ ਕਰਨ ਲਈ ਉਹ ਬਿਨਾਂ ਕੋਈ ਝਿਜਕ ਮਹਿਸੂਸ ਕੀਤੀਆਂ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹਾਂ ਦੇ ਪਾਣੀ ਵਿਚ ਉਤਰ ਗਏ। ਭਗਵੰਤ ਮਾਨ ਹੜ੍ਹਾਂ ਤੋਂ ਪ੍ਰਭਾਵਿਤ ਪਾਣੀ ਨਾਲ ਭਰੇ ਖੇਤਾਂ ਵਿਚ ਵੀ ਗਏ ਜਿੱਥੇ ਜੇ.ਸੀ.ਬੀ. ਨਾਲ ਕੀਤੇ ਜਾ ਰਹੇ ਕੰਮ ਦੀ ਖੁਦ ਨਿਗਾਰਨੀ ਕੀਤੀ। ਘੱਗਰ ਨਾਲ ਲਗਦੇ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਦੌਰਾਨ ਮੁੱਖ ਮੰਤਰੀ ਨੇ ਮੌਕੇ ਉਤੇ ਹੀ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਜੁਟੇ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।

CM ਮਾਨ ਨੇ ਕਿਹਾ ਕਿ ਅਮਰੀਕਾ, ਸਪੇਨ ਵਰਗੇ ਵਿਕਸਤ ਦੇਸ਼ਾਂ ਨੂੰ ਵੀ ਹੜ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁਦਰਤ ਨੇ ਸੂਬੇ ਵਿਚ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਪਹਾੜੀ ਸੂਬਿਆਂ ਅਤੇ ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਸੂਬੇ ਵਿੱਚ ਇਹ ਸਥਿਤੀ ਪੈਦਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਜੀਵਨ ਸਭ ਤੋਂ ਮਹੱਤਵਪੂਰਨ ਹੈ ਜਿਸ ਕਾਰਨ ਇਸ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨੀਵੇਂ ਅਤੇ ਹੜ੍ਹਾਂ ਦੀ ਸੰਭਾਵਨਾ ਵਾਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਸਿਆਸਤ ਕਰਨ ਦਾ ਸਮਾਂ ਨਹੀਂ ਹੈ, ਸਗੋਂ ਸਾਰੇ ਪੰਜਾਬੀਆਂ ਨੂੰ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਇਕਜੁੱਟ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਤੋਂ ਪਹਿਲੇ ਮੁੱਖ ਮੰਤਰੀਆਂ ਵਾਂਗ ਸਰਵੇਖਣ ਕਰਨ ਲਈ ਹੈਲੀਕਾਪਟਰ ‘ਤੇ ਗੇੜੇ ਨਹੀਂ ਲਾ ਰਹੇ ਸਗੋਂ ਉਹ ਜ਼ਮੀਨੀ ਪੱਧਰ ‘ਤੇ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਲੋਕਾਂ ਦੇ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ  ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਅਧਾਰ ‘ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

Share This Article
Leave a Comment