ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ, ਆਗੂਆਂ ਨੇ ਜਤਾਈ ਸਹਿਮਤੀ

Global Team
5 Min Read

ਅੰਮ੍ਰਿਤਸਰ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਚੱਲੀ ਕਈ ਘੰਟਿਆਂ ਦੀ ਇਤਿਹਾਸਕ ਅਤੇ ਭਾਵੁਕ ਸੁਣਵਾਈ ਇੱਕ ਵੱਡੇ ਸਿਆਸੀ ਤੇ ਧਾਰਮਿਕ ਸਮਝੌਤੇ ਨਾਲ ਸੰਪੂਰਨ ਹੋ ਗਈ ਹੈ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ), ਐਕਟ 2026 ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਸਾਰੇ ਮੰਤਰੀਆਂ ਦੇ ਵਿਧਾਇਕਾਂ ਤੋਂ ਕਾਨੂੰਨ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਤੇ ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਭਾਵਨਾਵਾਂ ਅਨੁਸਾਰ ਐਕਟ ਨੂੰ ਮੁੜ ਸੋਧਣ ਲਈ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਜਥੇਦਾਰ ਨੇ ਕਿਹਾ ਹੈ ਇੱਕ ਮਹੀਨੇ ਦੇ ਅੰਦਰ ਵਿਧਾਨਸਬਾ ਦਾ ਸਪੈਸ਼ਲ ਸੈਸ਼ਨ ਬੁਲਾ ਕੇ ਜਰੂਰੀ ਸੋਧਾਂ ਕੀਤੀਆਂ ਜਾਣ।

ਜਿਵੇਂ ਹੀ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਕਿ ਸਮੂਹ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਦਾ ਇਹ ਨੈਤਿਕ ਫਰਜ਼ ਹੈ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਵਿਧਾਨ ਸਭਾ ਰਾਹੀਂ ਅਕਾਲ ਤਖ਼ਤ ਸਾਹਿਬ ਦੇ ਸਾਰੇ ਇਤਰਾਜ਼ਾਂ ਨੂੰ ਦੂਰ ਕਰਨ, ਤਾਂ ਹਾਲ ਵਿੱਚ ਮੌਜੂਦ ਸਾਰੀਆਂ ਸਿਆਸੀ ਪਾਰਟੀਆਂ (ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ) ਦੇ ਆਗੂਆਂ ਨੇ ਇੱਕਸੁਰ ਵਿੱਚ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਆਕਾਸ਼-ਗੁੰਜਾਊ ਜੈਕਾਰੇ ਛੱਡ ਕੇ ਇਸ ਫੈਸਲੇ ਦੀ ਪ੍ਰਵਾਨਗੀ ਦਿੱਤੀ। ਜੈਕਾਰਿਆਂ ਦੀ ਗੂੰਜ ਦੇ ਨਾਲ ਹੀ ਸਮੂਹ ਵਿਧਾਇਕਾਂ ਨੇ ਸਿੰਘ ਸਾਹਿਬਾਨ ਨੂੰ ਭਰੋਸਾ ਦਿੱਤਾ ਕਿ ਉਹ ਨਿਰਧਾਰਿਤ ਇੱਕ ਮਹੀਨੇ ਦੇ ਸਮੇਂ ਦੇ ਅੰਦਰ ਇਸ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਵਾਉਣ ਲਈ ਵਚਨਬੱਧ ਰਹਿਣਗੇ।

ਸਾਰੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਦੀ ਪੇਸ਼ੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਸਿੱਖ ਵਿਧਾਇਕਾਂ ਤੇ ਮੰਤਰੀਆਂ ਦੇ ਸਾਹਮਣੇ ਗੁਰਬਾਣੀ ਸ਼ਬਦ ਦਾ ਉਚਾਰਨ ਕੀਤਾ। ਜਥੇਦਾਰ ਗੜਗੱਜ ਨੇ ਸਾਰੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨਾਲ ਸਿਮਰਨ ਕਰਕੇ ਅੱਜ ਦੀ ਕਾਰਵਾਈ ਨੂੰ ਅੱਗੇ ਵਧਾਇਆ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਿਰਭਉ ਤੇ ਨਿਰਵੈਰ ਹੈ।

ਜਥੇਦਾਰ ਨੇ ਇਸ ਤੋਂ ਬਾਅਦ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਸੰਦੇਸ਼ ਦਿੱਤਾ ਕਿ ਅਸੀਂ ਸਾਰੇ ਗੁਰੂ ਭਾਈ ਤੇ ਗੁਰੂ ਭੈਣਾਂ ਹਾਂ। ਭਾਵੇਂ, ਹਰ ਕੋਈ ਪੰਜਾਬ ਦੇ ਵੱਖ-ਵੱਖ ਖਿਤਿਆਂ ਤੋਂ ਆਏ ਹਾਂ, ਪਰ ਜੋ ਗੁਰੂ ਸਾਹਿਬ ਨੇ ਸਾਨੂੰ ਸਾਂਝੇ ਪਰਿਵਾਰ ਦਾ ਸੰਦੇਸ਼ ਦਿੱਤਾ ਕਿ ਸਿੱਖ ਦੁਨੀਆ ਦੇ ਕਿਸੇ ਵੀ ਕੋਣੇ ਤੇ ਵਸੇ ਤਾਂ ਉਹ ਵਾਸੀ ਸ੍ਰੀ ਅਨੰਦਪੁਰ ਸਾਹਿਬ ਦਾ ਹੈ ਤੇ ਜਨਮ ਸਾਡਾ ਸ੍ਰੀ ਕੇਸਗੜ੍ਹ ਸਾਹਿਬ ਦਾ ਹੈ। ਅਸੀਂ ਸਭ ਪਰਿਵਾਰ ਹਾਂ। ਉਨ੍ਹਾਂ ਨੇ ਇਸ ਦੌਰਾਨ ਸਾਰੇ ਵਿਧਾਇਕਾਂ ਨੂੰ ਆਪਣੀ ਸ਼ਬਦਾਵਲੀ ਤੇ ਗੌਰ ਕਰਕੇ ਬੋਲਣ ਲਈ ਕਿਹਾ।ਜਥੇਦਾਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸੀ ਵਿਧਾਇਕ ਪਰਗਟ ਸਿੰਘ, ਆਮ ਆਦਮੀ ਪਾਰਟੀ ਵਿਧਾਇਕ ਇੰਦਰਬੀਰ ਸਿੰਘ ਨਿੱਜਰ, ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਸਮੇਤ ਵੱਖ-ਵੱਖ ਆਗੂਆਂ ਤੋਂ ਇਸ ਕਾਨੂੰਨ ਸਬੰਧੀ ਸਪੱਸ਼ਟੀਕਰਨ ਮੰਗਿਆ।

ਇਕੱਤਰਤਾ ਦੇ ਬਿਲਕੁਲ ਅਖ਼ੀਰ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਨੂੰ ਕੱਟੜ ਧਾਰਮਿਕ ਹਦਾਇਤ ਜਾਰੀ ਕਰਦਿਆਂ ਆਖਿਆ ਕਿ ਹੁਣ ਜਦੋਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸੁਲਝਣ ਵੱਲ ਵਧ ਰਿਹਾ ਹੈ, ਤਾਂ ਕੋਈ ਵੀ ਆਗੂ ਜਾਂ ਪਾਰਟੀ ਬਾਹਰ ਜਾ ਕੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਇੱਕ-ਦੂਜੇ ਦੇ ਖ਼ਿਲਾਫ਼ ਸਿਆਸੀ ਦੂਸ਼ਣਬਾਜ਼ੀ (Blame-game) ਨਹੀਂ ਕਰੇਗਾ। ਉਨ੍ਹਾਂ ਸਪੱਸ਼ਟ ਕੀਤਾ, “ ਇਹ ਗੁਰੂ ਸਾਹਿਬ ਦੇ ਸਤਿਕਾਰ ਦਾ ਸਾਂਝਾ ਮਸਲਾ ਹੈ, ਨਾ ਕਿ ਕਿਸੇ ਪਾਰਟੀ ਦੀ ਜਿੱਤ-ਹਾਰ ਦਾ। ਇਸ ਲਈ ਮੀਡੀਆ ਜਾਂ ਸੋਸ਼ਲ ਮੀਡੀਆ ’ਤੇ ਕੋਈ ਵੀ ਅਜਿਹੀ ਬਿਆਨਬਾਜ਼ੀ ਨਾ ਕੀਤੀ ਜਾਵੇ ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਮੁੜ ਡਰ ਜਾਂ ਆਪਸੀ ਨਫ਼ਰਤ ਪੈਦਾ ਹੋਵੇ। ਸਾਰੀਆਂ ਪਾਰਟੀਆਂ ਇੱਕਜੁੱਟ ਹੋ ਕੇ ਗੁਰੂ ਸਾਹਿਬ ਦੇ ਸਨਮਾਨ ਨੂੰ ਬਹਾਲ ਰੱਖਣ ਲਈ ਆਪਣਾ ਫਰਜ਼ ਨਿਭਾਉਣ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment