‘ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਮੋਦੀ ਸਰਕਾਰ, ਅਸੀਂ ਡਰਨ ਵਾਲੇ ਨਹੀਂ’ : ਰਾਹੁਲ ਗਾਂਧੀ

TeamGlobalPunjab
2 Min Read

ਨਵੀਂ ਦਿੱਲੀ : ਰਾਜ ਸਭਾ ਵਿੱਚ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਮਾਮਲੇ ‘ਤੇ ਵਿਰੋਧੀ ਧਿਰਾਂ ਲਗਾਤਾਰ ਮੋਦੀ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਮੁੱਦੇ ‘ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਮੰਗਲਵਾਰ ਨੂੰ ਵੀ ਪ੍ਰਦਰਸ਼ਨ ਕੀਤਾ ਗਿਆ।

ਮੰਗਲਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਸੰਸਦ ਕੰਪਲੈਕਸ ‘ਚ 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਵੀ ਵਿਰੋਧੀ ਧਿਰ ਨੇ ਆਵਾਜ਼ ਚੁੱਕੀ ਹੈ, ਉੱਥੇ ਹੀ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਿਸ ਮੁੱਦੇ ‘ਤੇ ਅਸੀਂ ਬਹਿਸ ਕਰਨਾ ਚਾਹੁੰਦੇ ਹਾਂ, ਉਸ ਦੀ ਇਜਾਜ਼ਤ ਨਹੀਂ ਹੈ। ਤਿੰਨ-ਚਾਰ ਮੁੱਦੇ ਅਜਿਹੇ ਹਨ, ਜਿਨ੍ਹਾਂ ਦਾ ਨਾਂ ਤੱਕ ਨਹੀਂ ਲਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ 13 ਦਿਨਾਂ ਤੋਂ ਸਦਨ ਵਿੱਚ ਨਹੀਂ ਆਏ ਹਨ। ਇਹ ਲੋਕਤੰਤਰ ਨੂੰ ਚਲਾਉਣ ਦਾ ਤਰੀਕਾ ਨਹੀਂ ਹੈ। ਅਸੀਂ ਇੱਥੇ ਪ੍ਰਦਰਸ਼ਨ ਕਰ ਰਹੇ ਹਾਂ, ਇਹ ਲੋਕਤੰਤਰ ਦਾ ਪ੍ਰਤੀਕ ਹੈ। ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਅਤੇ ਉਹ ਇਸ ਦੇ ਖਿਲਾਫ ਸੰਸਦ ਦੇ ਬਾਹਰ ਧਰਨੇ ‘ਤੇ ਬੈਠੇ ਹਨ। ਸਾਨੂੰ ਰਾਸ਼ਟਰੀ ਹਿੱਤ ਦੇ ਮੁੱਦਿਆਂ ‘ਤੇ ਸੰਸਦ ‘ਚ ਆਵਾਜ਼ ਉਠਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।’

 

 

 

 ਰਾਹੁਲ ਗਾਂਧੀ ਨੇ ਕਿਹਾ ਕਿ ‘ਹੰਗਾਮੇ ਦਰਮਿਆਨ ਸੰਸਦ ਵਿੱਚ ਬਿੱਲ ਲਗਾਤਾਰ ਪਾਸ ਕੀਤੇ ਜਾ ਰਹੇ ਹਨ। ਇਹ ਸੰਸਦ ਨੂੰ ਚਲਾਉਣ ਦਾ ਤਰੀਕਾ ਨਹੀਂ ਹੈ। ਇਹ ਲੋਕਤੰਤਰ ਦਾ ਮੰਦਭਾਗਾ ਕਤਲ ਹੈ।’

- Advertisement -

 

ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਤੋਂ ਵਿਰੋਧੀ ਪਾਰਟੀਆਂ ਰਾਜ ਸਭਾ ਵਿੱਚ ਸੰਸਦ ਮੈਂਬਰਾਂ ਦੀ ਮੁਅੱਤਲੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਹਨ। ਮੰਗਲਵਾਰ ਨੂੰ ਵੀ ਰਾਜ ਸਭਾ ਵਿੱਚ ਸੰਸਦ ਮੈਂਬਰਾਂ ਦਾ ਪ੍ਰਦਰਸ਼ਨ ਜਾਰੀ ਰਿਹਾ। ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਮਾਰਚ ਕੱਢਿਆ, ਜਿਸ ਵਿੱਚ ਰਾਹੁਲ ਗਾਂਧੀ ਵੀ ਸ਼ਾਮਲ ਹੋਏ। ਵਿਰੋਧੀ ਪਾਰਟੀਆਂ ਨੇ ਗਾਂਧੀ ਬੁੱਤ ਤੋਂ ਵਿਜੇ ਚੌਕ ਤੱਕ ਰੋਸ ਮਾਰਚ ਕੱਢਿਆ। ਇਸ ਦੌਰਾਨ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਦੇ ਨਾਲ ਹੀ ਵਿਰੋਧੀ ਧਿਰ ਦੇ 12 ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕਰਨ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

Share this Article
Leave a comment