ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਉਣ ਵਾਲੇ ਅਧਿਆਪਕਾਂ ਵਿਰੁੱਧ ਕਾਰਵਾਈ ਲਈ ਪੂਰੀ ਤਰ੍ਹਾਂ ਤਿਆਰੀ ਖਿੱਚ ਲਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸਥਿਤ ਰਿਹਾਇਸ਼ ਅੱਗੇ ਈਟੀਟੀ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ। ਧਰਨਾ ਦੇ ਰਹੇ ਅਧਿਆਪਕਾਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਲਿਖਿਆ ਹੈ ਕਿ ਜੋ ਅਧਿਆਪਕ ਜ਼ਰੂਰੀ ਕੰਮ/ ਘਰੇਲੂ ਕੰਮ ਲਈ ਛੁੱਟੀ ਲੈ ਕੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਦੀ ਕੋਠੀ ਦੇ ਸਾਹਮਣੇ ਧਰਨੇ ਵਿੱਚ ਸ਼ਾਮਿਲ ਸਨ ਉਨ੍ਹਾਂ ਦੀ ਛੁੱਟੀ ਰੱਦ ਕਰਦੇ ਹੋਏ ਬਤੌਰ ਨਿਯੁਕਤੀ ਅਧਿਕਾਰੀ ਹੋਣ ਕਰਕੇ ਸੰਬੰਧਤਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਕਿਸੇ ਕਿਸਮ ਦੀ ਅਣਗਹਿਲੀ ਦੀ ਸੂਰਤ ਵਿੱਚ ਜਿੰਮੇਵਾਰੀ ਆਪ ਦੀ ਨਿੱਜੀ ਹੋਵੇਗੀ।
ਦੱਸ ਦੇਈਏ ਕਿ ਸਿੱਖਿਆ ਮੰਤਰੀ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਵਿਖੇ ਈਟੀਟੀ ਅਧਿਆਪਕਾਂ ਵੱਲੋਂ ਬਦਲੀਆਂ ਦੀ ਮੰਗ ਨੂੰ ਲੈ ਕੇ ਪੱਕਾ ਧਰਨਾ ਲਾਇਆ ਗਿਆ ਹੈ। ਧਰਨਾ ਸੋਮਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ।