ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵੱਡੇ ਪੱਧਰ ‘ਤੇ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ-ਨਵੇਂ ਮੌਕੇ ਮੁਹੱਈਆ ਕਰਵਾ ਰਹੀ ਹੈ। ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਿਸ਼ ਦੇ ਨੌਕਰੀਆਂ ਮਿਲ ਰਹੀਆਂ ਹਨ। ਨੌਕਰੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਸਾਰੇ ਕਾਨੂੰਨੀ ਦਾਅ-ਪੇਚ ਪੂਰੇ ਕਰਨ ਤੋਂ ਬਾਅਦ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦੇ ਰਹੀ ਹੈ। ਮੈਰਿਟ ਦੇ ਆਧਾਰ ‘ਤੇ ਮਿਲ ਰਹੀਆਂ ਨੌਕਰੀਆਂ ਕਾਰਨ ਜਿੱਥੇ ਨੌਜਵਾਨ ਖੁਸ਼ ਹਨ, ਉੱਥੇ ਹੀ ਉਨ੍ਹਾਂ ਦੇ ਪਰਿਵਾਰ ਵੀ ਖ਼ੁਸ਼ੀ ਮਨਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਉਨ੍ਹਾਂ ਨੇ ਪੂਰਾ ਕਰ ਦਿਖਾਇਆ ਹੈ। ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੇ ਸਿਰਫ 30 ਮਹੀਨਿਆਂ ‘ਚ ਹੀ 45 ਹਜ਼ਾਰ ਤੋਂ ਵੱਧ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਤਾਬਕ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਹਰ ਵਿਭਾਗ ਵਿਚ ਖਾਲ੍ਹੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਰਹੀ ਹੈ।
ਘਰ-ਘਰ ਰੁਜ਼ਗਾਰ ਮਿਸ਼ਨ ਦਾ ਮਕਸਦ
ਘਰ-ਘਰ ਰੁਜ਼ਗਾਰ ਮਿਸ਼ਨ ਦਾ ਮਕਸਦ ਪੰਜਾਬ ਦੇ ਹਰ ਨੌਜਵਾਨ ਨੂੰ ਨੌਕਰੀ ਦੇ ਮੌਕੇ ਦੇਣਾ ਹੈ। ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨੌਕਰੀਆਂ ਦੇ ਮੌਕੇ ਸਿਰਜੇ ਜਾ ਰਹੇ ਹਨ, ਜਿਸ ਵਿੱਚ ਸਰਕਾਰੀ, ਨਿੱਜੀ, ਅਤੇ ਸਵੈ-ਰੁਜ਼ਗਾਰ ਦੇ ਮੌਕੇ ਸ਼ਾਮਲ ਹਨ। ਇਹ ਯੋਜਨਾ ਨਵੇਂ ਸਟਾਰਟਅਪਸ ਅਤੇ ਕਾਰੋਬਾਰਾਂ ਨੂੰ ਵੀ ਬੜਾਵਾ ਦਿੰਦੀ ਹੈ। ਸਰਕਾਰ ਵੱਲੋਂ ਨਵੇਂ ਕਾਰੋਬਾਰ ਖੋਲ੍ਹਣ ਲਈ ਮਾਲੀ ਸਹਾਇਤਾ, ਸਿਖਲਾਈ ਅਤੇ ਬਾਕੀ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਤਾਂ ਜੋ ਨੌਜਵਾਨ ਆਪਣਾ ਖ਼ੁਦ ਦਾ ਕਾਰੋਬਾਰ ਸ਼ੁਰੂ ਕਰ ਸਕਣ। ਮਿਸ਼ਨ ਰੋਜ਼ਗਾਰ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਪੰਜਾਬ ‘ਚ ਹੁਣ ਤੱਕ 44,681 ਨੌਜਵਾਨਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਆਸ ਦੀ ਕਿਰਨ ਬਣ ਗਿਆ ਹੈ। ਇਸ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ 44,681 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਜਿਸ ਕਰਕੇ ਬਹੁਤ ਸਾਰੇ ਨੌਜਵਾਨ ਹੁਣ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿ ਕੇ ਇੱਥੇ ਸਰਕਾਰੀ ਨੌਕਰੀ ਹਾਸਲ ਕਰਨ ਲਈ ਤਿਆਰੀ ਕਰ ਰਹੇ ਹਨ। ਪੰਜਾਬ ਸਰਕਾਰ ਲਗਾਤਾਰ ਵੱਖ-ਵੱਖ ਅਹੁਦਿਆਂ ਦੀਆਂ ਖਾਲੀ ਅਸਾਮੀਆਂ ‘ਤੇ ਭਰਤੀਆਂ ਕਰ ਰਹੀ ਹੈ।
ਪੰਜਾਬ ਚੋਂ ਬੇਰੁਜ਼ਗਾਰੀ ਹੋਵੇਗੀ ਖਤਮ
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਦਹਾਕਿਆਂ ਤੋਂ ਬੇਰੁਜ਼ਗਾਰੀ ਇਕ ਵੱਡਾ ਮੁੱਦਾ ਤੇ ਸਮੱਸਿਆ ਬਣੀ ਹੋਈ ਸੀ। ਹਰ ਸਾਲ ਲੱਖਾਂ ਹੀ ਨੌਜਵਾਨ ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਨੌਕਰੀ ਦੀ ਭਾਲ ਕਰਦੇ ਹਨ। ਇਸ ਸਮੇਂ ਦੇਸ਼ ਵਿਚ ਬੇਰੁਜ਼ਗਾਰੀ ਦੀ ਦਰ ਆਪਣੇ ਸਿਖਰ ‘ਤੇ ਹੈ, ਪਰ ਪੰਜਾਬ ਸਰਕਾਰ ਨੇ ਇਸ ਸਮੱਸਿਆ ਨਾਲ ਦੋ-ਦੋ ਹੱਥ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਵਿੱਢੀ ਹੈ। ਇਸ ਤਹਿਤ ਹੁਣ ਪੰਜਾਬ ਸਰਕਾਰ ਹੋਨਹਾਰ ਵਿਦਿਆਰੀਥਆਂ ਨੂੰ ਪਹਿਲ ਦੇ ਆਧਾਰ ‘ਤੇ ਨੌਕਰੀ ਦਵੇਗੀ।
ਪੰਜਾਬ ਸਰਕਾਰ ਦਾ ਉਦੇਸ਼
ਮੁੱਖ ਮੰਤਰੀ ਭਗਵੰਤ ਮਾਨ ਮੁਤਾਬਕ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ। ਸੀਐਮ ਮਾਨ ਦਾ ਕਹਿਣਾ ਹੈ ਕਿ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਜ਼ਰੀਏ ਹੀ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਇਹ ਬਹੁਤ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਸੂਬੇ ਦੇ ਵਿੱਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ‘ਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ।
ਪੰਜਾਬ ਸਰਕਾਰ ਨੇ ਸੰਘਰਸ਼ੀ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ
ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਵੀ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚੋਂ 25 ਵਿਅਕਤੀਆਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਕਲਰਕ ਅਤੇ ਪੰਜ ਨੂੰ ਸੇਵਾਦਾਰ ਵਜੋਂ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿੱਚ ਦੋ ਵੈਟਰਨਰੀ ਇੰਸਪੈਕਟਰਾਂ ਅਤੇ ਚਾਰ ਕਲਰਕਾਂ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਦੋ ਸਟੈਨੋਗ੍ਰਾਫ਼ਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਅਤੇ ਮੰਤਰੀ ਖੁੱਡੀਆਂ ਵਲੋਂ ਮੁਲਾਜ਼ਮਾਂ ਨੂੰ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।