ਇਸਲਾਮਾਬਾਦ: ਪਾਕਿਸਤਾਨ ਵਿੱਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸਭ ਤੋਂ ਵੱਡਾ ਵਾਧਾ ਕੀਤਾ ਹੈ। ਸਰਕਾਰ ਨੇ ਪੈਟਰੋਲ ਅਤੇ ਹਾਈ-ਸਪੀਡ ਡੀਜ਼ਲ ਦੋਵਾਂ ਦੀ ਕੀਮਤ 55 ਪਾਕਿਸਤਾਨੀ ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਇਹ ਪਾਕਿਸਤਾਨ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ਮੰਨਿਆ ਜਾ ਰਿਹਾ ਹੈ।
ਪਾਕਿਸਤਾਨ ਵਿੱਚ ਇਸ ਵਾਧੇ ਦਾ ਐਲਾਨ ਅੱਧੀ ਰਾਤ ਤੋਂ ਠੀਕ ਪਹਿਲਾਂ ਇੱਕ ਪ੍ਰੈੱਸ ਕਾਨਫਰੰਸ ਵਿੱਚ ਕੀਤਾ ਗਿਆ। ਇਸ ਪ੍ਰੈੱਸ ਕਾਨਫਰੰਸ ਵਿੱਚ ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ, ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਅਤੇ ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਮੌਜੂਦ ਸਨ।
ਪਾਕਿਸਤਾਨ ਸਰਕਾਰ ਨੇ ਲੋਕਾਂ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਦੇਸ਼ ਕੋਲ ਅਜੇ ਪੈਟਰੋਲੀਅਮ ਦਾ ਲੋੜੀਂਦਾ ਭੰਡਾਰ ਮੌਜੂਦ ਹੈ। ਨਵੀਆਂ ਕੀਮਤਾਂ ਅਨੁਸਾਰ ਹਾਈ-ਸਪੀਡ ਡੀਜ਼ਲ ਦੀ ਐਕਸ-ਡਿਪੂ ਕੀਮਤ 280.86 ਰੁਪਏ ਤੋਂ ਵਧਾ ਕੇ 335.86 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਯਾਨੀ ਇਸ ਵਿੱਚ ਕਰੀਬ 20% ਦਾ ਵਾਧਾ ਹੋਇਆ ਹੈ। ਉੱਥੇ ਹੀ ਪੈਟਰੋਲ ਦੀ ਕੀਮਤ 266.17 ਰੁਪਏ ਤੋਂ ਵਧ ਕੇ 321.17 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜੋ ਕਿ ਲਗਭਗ 17% ਜ਼ਿਆਦਾ ਹੈ।
ਪ੍ਰੈੱਸ ਕਾਨਫਰੰਸ ਵਿੱਚ ਅਲੀ ਪਰਵੇਜ਼ ਮਲਿਕ ਨੇ ਕਿਹਾ ਕਿ ਮੱਧ ਪੂਰਬ (ਮਿਡਲ ਈਸਟ) ਵਿੱਚ ਚੱਲ ਰਹੇ ਸੰਘਰਸ਼ ਕਾਰਨ ਪੂਰੇ ਖੇਤਰ ਵਿੱਚ ਅਨਿਸ਼ਚਿਤਤਾ ਵੱਧ ਗਈ ਹੈ। ਇਸ ਦਾ ਅਸਰ ਦੁਨੀਆ ਭਰ ਵਿੱਚ ਊਰਜਾ ਦੀ ਸਪਲਾਈ ਅਤੇ ਕੀਮਤਾਂ ‘ਤੇ ਪਿਆ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਖੇਤਰ ਵਿੱਚ ਸ਼ੁਰੂ ਹੋਇਆ ਇਹ ਸੰਕਟ ਹੁਣ ਪੂਰੇ ਇਲਾਕੇ ਵਿੱਚ ਫੈਲ ਚੁੱਕਾ ਹੈ ਅਤੇ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਇਹ ਸਥਿਤੀ ਕਦੋਂ ਤੱਕ ਚੱਲੇਗੀ।
ਉਨ੍ਹਾਂ ਦੱਸਿਆ ਕਿ ਪਾਕਿਸਤਾਨ ਕਾਫੀ ਹੱਦ ਤੱਕ ਉਸ ਤੇਲ ਸਪਲਾਈ ‘ਤੇ ਨਿਰਭਰ ਹੈ, ਜੋ ਸਟ੍ਰੇਟ ਆਫ ਹਾਰਮੁਜ਼ (Strait of Hormuz) ਦੇ ਰਸਤੇ ਆਉਂਦੀ ਹੈ। ਮੌਜੂਦਾ ਸੰਘਰਸ਼ ਕਾਰਨ ਇਸ ਰਸਤੇ ਤੋਂ ਆਉਣ ਵਾਲੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ। ਹਾਲਾਂਕਿ ਸਰਕਾਰ ਸਪਲਾਈ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

