Breaking News

ਪਾਕਿਸਤਾਨ ਸੁਪਰੀਮ ਕੋਰਟ ਨੇ ਹਿੰਦੂ ਮੰਦਰ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੀ ਕੀਤੀ ਹਦਾਇਤ

ਲਾਹੌਰ : ਪਾਕਿਸਤਾਨ ਵਿਖੇ ਇੱਕ ਹਿੰਦੂ ਮੰਦਰ ‘ਚ ਭੰਨ-ਤੋੜ ਦੀ ਘਟਨਾ ਤੇ ਪਾਕਿਸਤਾਨ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ । ਅਦਾਲਤ ਨੇ ਪੁਲਿਸ ਨੂੰ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ।  ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪੁਲਿਸ ਨੇ ਕਿਹਾ ਹੈ ਕਿ ਇੱਕ ਹਿੰਦੂ ਮੰਦਰ ’ਤੇ ਹਮਲਾ, ਭੰਨ-ਤੋੜ ਦੇ ਦੋਸ਼ ਵਿਚ 20 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 150 ਤੋਂ ਜ਼ਿਆਦਾ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਸਭ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਇਕ ਦਿਨ ਪਹਿਲਾਂ ਹੀ ਦੇਸ਼ ਦੀ ਸੁਪਰੀਮ ਕੋਰਟ ਨੇ ਮੰਦਰ ਦੀ ਸੁਰੱਖਿਆ ਵਿਚ ਨਾਕਾਮੀ ਨੂੰ ਲੈ ਕੇ ਅਧਿਕਾਰੀਆਂ ਨੂੰ ਫਟਕਾਰ ਲਗਾਈ ਸੀ।

ਲਾਹੌਰ ਤੋਂ ਕਰੀਬ 590 ਕਿਲੋਮੀਟਰ ਦੂਰ ਸੂਬੇ ਦੇ ਰਹੀਮ ਯਾਰ ਖਾਨ ਜ਼ਿਲ੍ਹੇ ਦੇ ਭੋਂਗ ਕਸਬੇ ਵਿਚ ਬੁੱਧਵਾਰ ਨੂੰ ਇਕ ਗਣੇਸ਼ ਮੰਦਰ ’ਤੇ ਭੀੜ ਨੇ ਹਮਲਾ ਕੀਤਾ ਸੀ। ਉਨ੍ਹਾਂ ਨੇ ਇਕ ਸਥਾਨਕ ਮਦਰਸੇ ਵਿਚ ਕਥਿਤ ਤੌਰ ’ਤੇ ਪੇਸ਼ਾਬ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ 8 ਸਾਲਾ ਹਿੰਦੂ ਮੁੰਡੇ ਨੂੰ ਅਦਾਲਤ ਵੱਲੋਂ ਰਿਹਾਅ ਕਰਨ ਦੇ ਵਿਰੋਧ ਵਿਚ ਮੰਦਰ ’ਤੇ ਹਮਲਾ ਕੀਤਾ ਸੀ।

ਰਹੀਮ ਯਾਰ ਖਾਨ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ (ਡੀ.ਪੀ.ਓ.) ਅਸਦ ਸਰਫਰਾਜ ਨੇ ਪੱਤਰਕਾਰਾਂ ਨੂੰ ਦੱਸਿਆ, ‘ਅਸੀਂ ਭੋਂਗ ਵਿਚ ਕਥਿਤ ਰੂਪ ਨਾਲ ਮੰਦਰ ’ਤੇ ਹਮਲੇ ਦੇ ਮਾਮਲੇ ਵਿਚ ਹੁਣ ਤੱਕ 20 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।’ ਉਨ੍ਹਾਂ ਦੱਸਿਆ ਕਿ ਪੁਲਿਸ ਵੀਡੀਓ ਫੁਟੇਜ ਜ਼ਰੀਏ ਸ਼ੱਕੀਆਂ ਦੀ ਪਛਾਣ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਦਰ ’ਤੇ ਹਮਲਾ ਕਰਨ ਦੇ ਦੋਸ਼ ਵਿਚ 150 ਤੋਂ ਵੱਧ ਲੋਕਾਂ ਖ਼ਿਲਾਫ਼ ਅੱਤਵਾਦ ਅਤੇ ਪਾਕਿਸਤਾਨ ਸਜ਼ਾ ਜ਼ਾਬਤਾ (ਪੀ.ਪੀ.ਸੀ.) ਦੀਆਂ ਹੋਰ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ, ‘ਇਸ ਅਪਰਾਧ ਵਿਚ ਸ਼ਾਮਲ ਹਰ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਜਾਏਗਾ। ਸੁਪਰੀਮ ਕੋਰਟ ਦੇ ਹੁਕਮ ਮੁਤਾਬਕ ਮੰਦਰ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।’

ਪਾਕਿਸਤਾਨ ਦੇ ਚੀਫ ਜਸਟਿਸ ਗੁਲਜ਼ਾਰ ਅਹਿਮਦ ਨੇ ਇਸ ਮਾਮਲੇ ਤੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਕਿਹਾ ਕਿ ਮੰਦਰ ਵਿਚ ਭੰਨ-ਤੋੜ ਦੀ ਘਟਨਾ ਦੇਸ਼ ਲਈ ਸ਼ਰਮਨਾਕ ਹੈ, ਕਿਉਂਕਿ ਪੁਲਿਸ ਤਮਾਸ਼ਬੀਨਾਂ ਦੀ ਤਰ੍ਹਾਂ ਕੰਮ ਕਰ ਰਹੀ ਹੈ। ਚੀਫ ਜਸਟਿਸ ਨੇ 8 ਸਾਲਾ ਬੱਚੇ ਦੀ ਗ੍ਰਿਫ਼ਤਾਰੀ ’ਤੇ ਹੈਰਾਨੀ ਜਤਾਈ ਅਤੇ ਪੁਲਿਸ ਤੋਂ ਪੁੱਛਿਆ ਕਿ ਕੀ ਉਹ ਇੰਨੇ ਛੋਟੇ ਬੱਚੇ ਦੀ ਮਾਨਸਿਕ ਹਾਲਤ ਨੂੰ ਸਮਝ ਨਹੀਂ ਸਕੀ।

ਉਧਰ ਪਾਕਿਸਤਾਨ ਦੀ ਸੰਸਦ ਨੇ ਸ਼ੁੱਕਰਵਾਰ ਨੂੰ ਇਕ ਪ੍ਰਸਤਾਵ ਪਾਸ ਕਰਕੇ ਮੰਦਰ ’ਤੇ ਹਮਲੇ ਦੀ ਘਟਨਾ ਦੀ ਨਿੰਦਾ ਕੀਤੀ। ਮਾਮਲੇ ਵਿਚ ਸੁਣਵਾਈ 13 ਅਗਸਤ ਤੱਕ ਲਈ ਟਾਲ ਦਿੱਤੀ ਗਈ ਹੈ। ਨੈਸ਼ਨਲ ਅਸੈਂਬਲੀ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਸਰਬਸੰਮਤੀ ਨਾਲ ਇਕ ਪ੍ਰਸਤਾਵ ਪਾਸ ਕੀਤਾ। ਇਸ ਨੂੰ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਲੀ ਮੁਹੰਮਦ ਖਾਨ ਨੇ ਪੇਸ਼ ਕੀਤਾ ਸੀ। ਪ੍ਰਸਤਾਵ ਵਿਚ ਕਿਹਾ ਗਿਆ, ‘ਇਹ ਸਦਨ ਮੰਦਰ ਵਿਚ ਭੰਨ-ਤੋੜ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਾ ਹੈ।’

Check Also

ਅਰੁਣਾਚਲ ਤੋਂ ਬਾਅਦ ਹੁਣ ਉੱਤਰਾਖੰਡ ‘ਤੇ ਚੀਨ ਦੀ ਨਜ਼ਰ! LAC ਨੇੜ੍ਹੇ ਪਿੰਡ ਵਸਾਉਣੇ ਕੀਤੇ ਸ਼ੁਰੂ

ਨਿਊਜ਼ ਡੈਸਕ: ਗੁਆਂਢੀ ਦੇਸ਼ ਚੀਨ ਹਰ ਰੋਜ਼ ਭਾਰਤ ਵਿਰੁੱਧ ਕੋਈ ਨਾਂ ਕੋਈ ਸਾਜ਼ਿਸ਼ ਰਚਦਾ ਰਹਿੰਦਾ …

Leave a Reply

Your email address will not be published. Required fields are marked *