ਨਿਊਜ਼ ਡੈਸਕ: ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਇੱਕ ਨਵੀਂ ਬਿਪਤਾ ਨੇ ਘੇਰ ਲਿਆ ਹੈ। ਜਾਣਕਾਰੀ ਮੁਤਾਬਕ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰਦੇ ਸਮੇਂ ਉਹ ਡਿੱਗ ਗਏ, ਜਿਸ ਕਾਰਨ ਉਹਨਾਂ ਦੀ ਲੱਤ ਦੀ ਹੱਡੀ ਟੁੱਟ ਗਈ। ਇਹ ਘਟਨਾ ਬੁੱਧਵਾਰ ਰਾਤ ਦੀ ਦੱਸੀ ਜਾ ਰਹੀ ਹੈ, ਪਰ ਪਾਕਿਸਤਾਨ ਦੇ ਰਾਸ਼ਟਰਪਤੀ ਦਫਤਰ ਵਲੋਂ ਨੇ ਵੀਰਵਾਰ ਦੇਰ ਰਾਤ ਇਸ ਦੀ ਪੁਸ਼ਟੀ ਕੀਤੀ ਗਈ।
ਮੀਡੀਆ ਰਿਪੋਰਟਾਂ ਮੁਤਾਬਕ ਰਾਸ਼ਟਰਪਤੀ ਭਵਨ ਨੇ ਕਿਹਾ ਕਿ ਜ਼ਰਦਾਰੀ ਜਹਾਜ਼ ਤੋਂ ਉਤਰਦੇ ਸਮੇਂ ਡਿੱਗ ਪਏ। ਇਸ ਤੋਂ ਬਾਅਦ ਉਹਨਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਾਂਚ ਤੋਂ ਬਾਅਦ ਡਾਕਟਰਾਂ ਨੇ ਉਹਨਾਂ ਦੀ ਲੱਤ ਨੂੰ ਪਲਸਤਰ ਕਰ ਦਿੱਤਾ ਹੈ ਤੇ ਚਾਰ ਹਫ਼ਤਿਆਂ ਲਈ ਲੱਗਿਆ ਰਹੇਗਾ। ਫਿਲਹਾਲ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਅਤੇ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।
ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ 69 ਸਾਲਾ ਰਾਸ਼ਟਰਪਤੀ ਨੂੰ ਹਾਲ ਹੀ ਦੇ ਸਾਲਾਂ ਵਿੱਚ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ। ਮਾਰਚ 2023 ਵਿੱਚ ਸੰਯੁਕਤ ਅਰਬ ਅਮੀਰਾਤ ਵਿੱਚ ਉਹਨਾਂ ਦੀਆਂ ਅੱਖਾਂ ਦੀ ਸਰਜਰੀ ਹੋਈ ਸੀ। ਇਸ ਤੋਂ ਪਹਿਲਾਂ ਸਾਲ 2022 ‘ਚ ਛਾਤੀ ਦੀ ਇਨਫੈਕਸ਼ਨ ਦੇ ਇਲਾਜ ਲਈ ਉਨ੍ਹਾਂ ਨੂੰ ਕਰਾਚੀ ਦੇ ਡਾਕਟਰ ਜ਼ਿਆਉਦੀਨ ਹਸਪਤਾਲ ‘ਚ ਇਕ ਹਫਤੇ ਲਈ ਭਰਤੀ ਕਰਵਾਇਆ ਗਿਆ ਸੀ। ਖਰਾਬ ਸਿਹਤ ਦੀਆਂ ਅਫਵਾਹਾਂ ਦੇ ਵਿਚਕਾਰ, ਉਨ੍ਹਾਂ ਦੇ ਨਿੱਜੀ ਡਾਕਟਰ ਅਤੇ ਨਜ਼ਦੀਕੀ ਸਹਿਯੋਗੀ ਡਾਕਟਰ ਅਸੀਮ ਹੁਸੈਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੁਸ਼ਟੀ ਕੀਤੀ ਸੀ ਕਿ ਰਾਸ਼ਟਰਪਤੀ ਦੀ ਸਿਹਤ ਠੀਕ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।