ਗਣਪਤੀ ਉਤਸਵ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਬਣਿਆ ਪੰਡਾਲ, SGPC ਨੇ ਲਿਆ ਸਖ਼ਤ ਨੋਟਿਸ

Global Team
2 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ ਦੇ ਕੈਂਪ ਏਰੀਏ `ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸ਼ਖਤ ਨੋਟਿਸ ਲੈਂਦਿਆਂ ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪੁਣੇ ਸ਼ਹਿਰ ਦੇ ਕੈਂਪ ਏਰੀਆ `ਚ ਗਣਪਤੀ ਪੂਜਾ ਲਈ ਇਹ ਪੰਡਾਲ ਬਣਾਇਆ ਗਿਆ ਹੈ, ਜੋ ਬਿਲਕੁਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ਉੱਤੇ ਹੈ। ਉਨ੍ਹਾਂ ਕਿਹਾ ਪੁਣੇ ਦੀ ਸਿੱਖ ਸੰਗਤ ਅਨੁਸਾਰ ਇਸ ਕੰਮ ਵਿੱਚ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੈਂਪ ਏਰੀਆ ਦੀ ਪ੍ਰਬੰਧਕ ਕਮੇਟੀ ਵੱਲੋਂ ਮੋਹਰੀ ਰੋਲ ਅਦਾ ਕੀਤਾ ਜਾ ਰਿਹਾ ਹੈ ਜੋ ਹੋਰ ਵੀ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਵਲੋਂ ਜਾਣਬੁਝ ਕਿ ਸਿੱਖ ਧਰਮ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੀ ਨਕਲ ਕੀਤੀ ਜਾਂਦੀ ਹੈ, ਜਿਸ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਕਾਰਵਾਈ ਸਿੱਖ ਰਵਾਇਤਾਂ, ਪ੍ਰੰਪਰਾਵਾਂ ਅਤੇ ਸਿਧਾਂਤਾਂ ਦੇ ਉਲਟ ਹੈ ਅਤੇ ਇਸ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨਹੀਂ ਕੀਤੀ ਜਾ ਸਕਦੀ। ਅਜਿਹਾ ਕਰਨ ਵਾਲਿਆਂ ਨੂੰ ਸਿੱਖ ਰਵਾਇਤਾਂ, ਮਾਨਤਾਵਾਂ ਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਸੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਪੁਣੇ ਵਿਖੇ ਇਕ ਟੀਮ ਨੂੰ ਪੜਤਾਲ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਵਰਤਮਾਨ ਸਮੇਂ `ਚ ਅਜਿਹੀਆਂ ਸਿੱਖ ਵਿਰੋਧੀ ਕਾਰਵਾਈਆਂ ਦੇ ਚਲਨ `ਤੇ ਵੀ ਚਿੰਤਾ ਪ੍ਰਗਟ ਕਰਦਿਆਂ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਕਿਹਾ ਕਿ ਉਹ ਅਜਿਹੇ ਕਾਰਵਾਈਆਂ ਨੂੰ ਮੌਕੇ ’ਤੇ ਹੀ ਰੋਕਣ ਦਾ ਯਤਨ ਕਰਨ ਨਾ ਕਿ ਇਸ ਵਿਚ ਖੁਦ ਭਾਗੀਦਾਰ ਬਨਣ।

ਐਡਵੋਕੇਟ ਧਾਮੀ ਨੇ ਕਿਹਾ ਕਿ ਮਾਮਲੇ ਦੀ ਪੜਤਾਲ ਕਰਵਾਈ ਜਾਵੇਗੀ ਅਤੇ ਜੇਕਰ ਗੁਰਦੁਆਰਾ ਕਮੇਟੀ ਵੀ ਦੋਸ਼ੀ ਹੋਈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਲਈ ਲਿਖਿਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਮਾਮਲੇ ਤੁਰੰਤ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਲਿਆਂਦੇ ਜਾਣ।

Share This Article
Leave a Comment