ਚੰਡੀਗੜ੍ਹ: ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਪੰਜਾਬ ‘ਚ ਸਕੂਲ ਖੋਲ੍ਹ ਦਿੱਤੇ ਗਏ। ਬੀਤੇ ਦਿਨੀਂ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਸੀ ਕਿ 5ਵੀਂ ਤੋਂ 12ਵੀਂ ਜਮਾਤ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ। ਜਿਸ ਤੋਂ ਬਾਅਦ ਅੱਜ ਪੰਜਾਬ ਵਿੱਚ ਸਕੂਲਾਂ ਦੇ ਅੰਦਰ ਰੌਣਕਾਂ ਪਰਤ ਆਈਆਂ ਹਨ। ਹਲਾਂਕਿ 9ਵੀਂ ਤੋਂ 12ਵੀਂ ਜਮਾਤ ਦੀਆਂ ਕਲਾਸਾਂ ਅਕਤੂਬਰ ਮਹੀਨੇ ਤੋਂ ਹੀ ਚੱਲ ਰਹੀਆਂ ਹਨ।
ਬੱਚਿਆਂ ਨੇ ਸਕੂਲ ਪਹੁੰਚ ਕੇ ਖੁਸ਼ੀ ਜਾਹਰ ਕਰਦੇ ਹੋਏ ਕਿਹਾ ਕਿ ਕੋਰੋਨਾ ਕਾਲ ਵਿੱਚ ਆਨਲਾਈਨ ਸਟਡੀ ਕਰਨ ਦੌਰਾਨ ਕੁਝ ਵਿਸ਼ੇ ਸਮਝ ਨਹੀਂ ਆਉਂਦੇ ਸਨ। ਹੁਣ ਕਲਾਸਾਂ ਵਿੱਚ ਅਧਿਆਪਕਾਂ ਤੋਂ ਪੂਰੀ ਤਫ਼ਤੀਸ਼ ਨਾਲ ਸਮਝਿਆ ਜਾ ਸਕਦਾ ਹੈ। ਉਧਰ ਦੂਜੇ ਪਾਸੇ ਅਧਿਆਪਕਾਂ ਲਈ ਸਭ ਤੋਂ ਵੱਡੀ ਚੁਣੌਤੀ ਬਣੀ ਸੀ ਕਿ ਬੱਚਿਆਂ ‘ਚ ਸੋਸ਼ਲ ਡਿਸਟੈਸਿੰਗ ਬਣਾ ਕੇ ਕਲਾਸਾਂ ਵਿੱਚ ਬਠਾਉਣ ਹੈ। ਇਸ ਲਈ ਸਕੂਲਾਂ ਵੱਲੋਂ ਬੀਤੇ ਦਿਨ ਹੀ ਤਿਆਰੀਆਂ ਕਰ ਲਈਆਂ ਗਈਆਂ ਸਨ। ਦੂਜੇ ਪਾਸੇ ਮਾਪਿਆਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਦਾ ਪ੍ਰਸਾਰ ਹਾਲੇ ਤਕ ਵੀ ਪੰਜਾਬ ਵਿੱਚ ਜਾਰੀ ਹੈ। ਅਜਿਹੇ ਵਿੱਚ ਸਕੂਲਾਂ ਨੂੰ ਖੋਲ੍ਹਣਾ ਖ਼ਤਰਨਾਕ ਸਾਬਿਤ ਹੋ ਸਕਦਾ ਹੈ।
ਪੰਜਾਬ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਅਤੇ ਸਿਰਫ਼ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲਾਂ ਵਿੱਚ ਆ ਕੇ ਕਲਾਸਾਂ ਲਗਾਉਣ ਦੀ ਆਗਿਆ ਦਿੱਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਹਿਮਤੀ ਦਿੰਦੇ ਹੋਏ ਸਿੱਖਿਆ ਵਿਭਾਗ ਨੂੰ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੋਰੋਨਵਾਇਰਸ ਦੇ ਸੰਕਰਮਣ ਦੇ ਖਤਰੇ ਨੂੰ ਰੋਕਿਆ ਜਾ ਸਕਦਾ ਹੈ। ਸਿੱਖਿਆ ਵਿਭਾਗ ਨੇ ਸਕੂਲਾਂ ਦੇ ਮੁਖੀਆਂ ਤੋਂ ਫੀਡਬੈਕ ਲਈ ਸੀ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੁਖੀਆਂ ਨੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਲਈ ਅੰਤਮ ਰੀਵਿਜ਼ਨ ਤੋਂ ਪਹਿਲਾਂ ਮੁੜ ਸਕੂਲ ਖੋਲ੍ਹਣ ਦੀ ਬੇਨਤੀ ਕੀਤੀ ਸੀ।