ਚੰਡੀਗੜ੍ਹ: ਪੰਜਾਬ ਕਾਂਗਰਸ ‘ਚ ਲੰਬੇ ਸਮੇਂ ਤੋਂ ਚੱਲ ਰਹੀ ਧੜੇਬੰਦੀ ਤੇ ਲੀਡਰਸ਼ਿਪ ਨੂੰ ਲੈ ਕੇ ਚਰਚਾਵਾਂ ਦਰਮਿਆਨ ਅੱਜ, ਐਤਵਾਰ ਨੂੰ ਪਾਰਟੀ ਨੇ ਏਕਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ। ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਨਵ-ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦਾ ਅਹੁਦਾ ਸੰਭਾਲਣ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਇੱਕ ਮੰਚ ਤੇ ਨਜ਼ਰ ਆਏ।
ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਮੌਕੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਪੰਜਾਬ ਨੂੰ ਸੁਨੇਹਾ ਦਿੱਤਾ ਕਿ ਉਹ ਸੂਬੇ ਵਿੱਚ ਸਾਫ਼-ਸੁਥਰੀ ਸਿਆਸਤ ਕਰਨਗੇ ਅਤੇ ਕਿਸੇ ਤਰ੍ਹਾਂ ਦੀ ਬਦਲਾਖੋਰੀ ਵਿੱਚ ਨਹੀਂ ਪੈਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਅੰਦਰ ਅਤੇ ਪਾਰਟੀ ਤੋਂ ਬਾਹਰ ਬਦਲਾਖੋਰੀ ਦੇ ਰਾਹ ਨਹੀਂ ਪੈਣਗੇ, ਬਲਕਿ ਅਸੂਲਾਂ ਦੀ ਸਿਆਸਤ ਹੋਵੇਗੀ। ਅੱਜ ਪਹਿਲੇ ਨਰਾਤੇ ਮੌਕੇ ਵਰ੍ਹਦੇ ਮੀਂਹ ਵਿੱਚ ਇੱਥੇ ਪਰਗਟ ਸਿੰਘ ਨੇ ਅਹੁਦਾ ਸੰਭਾਲਣ ਦੇ ਸਮਾਗਮਾਂ ਦੌਰਾਨ ਆਪਣੀ ਸਿਆਸਤ ਦਾ ਰੁਖ਼ ਸਪਸ਼ਟ ਕੀਤਾ।
ਅੱਜ ਪਰਗਟ ਸਿੰਘ ਦੇ ਅਹੁਦਾ ਸੰਭਾਲਣ ਮੌਕੇ ਪੰਜਾਬ ਕਾਂਗਰਸ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਮੌਜੂਦਗੀ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਾਰੇ ਸੀਨੀਅਰ ਆਗੂ ਮੌਜੂਦ ਸਨ। ਰਾਜਾ ਵੜਿੰਗ ਦੇ ਸਮਰਥਕ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਇਕੱਠੇ ਹੋਏ ਸਨ।

