ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਤੇ ਕਾਂਗਰਸ ਪਾਰਟੀ ‘ਤੇ ਗੁੰਮਰਾਹਕੁੰਨ ਪ੍ਰਚਾਰ ਕਰਨ ਦੇ ਲਾਏ ਦੋਸ਼

TeamGlobalPunjab
2 Min Read

ਚੰਡੀਗੜ੍ਹ: ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਵਲੋਂ ਲਿਆਏ ਗਏ ਕਿਸਾਨ ਆਰਡੀਨੈਂਸਾਂ ਖਿਲਾਫ ਬਹੁਮਤ ਨਾਲ ਮਤਾ ਪਾਸ ਹੋਣ ਤੋਂ ਛੇ ਦਿਨ ਬਾਅਦ ਸ਼੍ਰੋਮਣੀ ਅਕਾਲੀ ਦਲ ਸਰਪ੍ਰਸਤ ਅਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, ਕਾਂਗਰਸ ਖੇਤੀਬਾੜੀ ਆਰਡੀਨੈਂਸ ‘ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਬਾਦਲ ਨੇ ਕਿਹਾ, ਇਹ ਸੰਭਵ ਹੀ ਨਹੀਂ ਹੈ ਕਿ ਫਸਲ ‘ਤੇ ਐਮਐਸਪੀ ਨੂੰ ਖਤਮ ਕਰ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਕਿਸਾਨ ਕਲਿਆਣ ਅਤੇ ਪੇਂਡੂ ਵਿਕਾਸ ਮੰਤਰੀ ਨਰੇਂਦਰ ਤੋਮਰ ਨੇ ਵੀ ਇਹ ਸਾਫ ਕਰ ਦਿੱਤਾ ਹੈ। ਇਸ ਸਬੰਧੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਕੇਂਦਰੀ ਮੰਤਰੀ ਨੇ ਪੱਤਰ ਵੀ ਲਿਖਿਆ ਹੈ।

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਮਤੇ ਦਾ ਵਿਰੋਧ ਉਹ ਲੋਕ ਕਰ ਰਹੇ ਹਨ, ਜਿਨ੍ਹਾਂ ਨੇ ਦੇਸ਼ ਅਤੇ ਆਪਣੇ ਰਾਜ ਦੇ ਭਲੇ ਲਈ ਕੁੱਝ ਵੀ ਨਹੀਂ ਕੀਤਾ। ਉਨ੍ਹਾਂ ਨੇ ਕਿਹਾ, ਖੇਤੀਬਾੜੀ ਪੰਜਾਬ ਹੀ ਨਹੀਂ ਪੂਰੇ ਦੇਸ਼ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਇਹ ਕਦੇ ਹੋ ਨਹੀਂ ਸਕਦਾ ਕਿ ਐਮਐਸਪੀ ਨੂੰ ਖਤਮ ਕਰ ਦਿੱਤਾ ਜਾਵੇ, ਕਿਉਂਕਿ ਕਿਸਾਨੀ ਨੂੰ ਜ਼ਿੰਦਾ ਰੱਖਣ ਲਈ ਐਮਐਸਪੀ ਨੂੰ ਜਾਰੀ ਰੱਖਣਾ ਹੀ ਹੋਵੇਗਾ। ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਹੈ ਕਿ ਆਰਡੀਨੈਂਸ ਨੂੰ ਲੈ ਕੇ ਗੁਮਰਾਹਕੁੰਨ ਪ੍ਰਚਾਰ ਤੋਂ ਬਚੋ।

ਇਸ ਤੋਂ ਇਲਾਵਾਂ ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਪਾਣੀ ਪੰਜਾਬ ਦੀ ਜਾਨ ਹੈ। ਜਦੋਂ ਸਾਬਕਾ ਪ੍ਰਧਾਨਮੰਤਰੀ ਇੰਦਰਾ ਗਾਂਧੀ ਨੇ ਐਸਵਾਈਐਲ ਨਹਿਰ ਦੀ ਸ਼ੁਰੂਆਤ ਕੀਤੀ ਸੀ ਉਦੋਂ ਕੈਪਟਨ ਅਮਰਿੰਦਰ ਸਿੰਘ ਵਧਾਈ ਦੇਣ ਲਈ ਪੁੱਜੇ ਹੋਏ ਸਨ।

ਉਨ੍ਹਾਂ ਕਿਹਾ ਦੇਸ਼ ਦੀ ਅਜ਼ਾਦੀ, ਪੰਜਾਬੀ ਸੂਬਾ ਬਣਾਉਣ, ਪੰਜਾਬ ਦੇ ਹਿੱਤਾਂ ਦੀ ਰਾਖੀ, ਕਿਸਾਨੀ ਦੀ ਬਿਹਤਰੀ ਅਤੇ ਸਿੱਖ ਕੌਮ ਹਿੱਤ ਸੰਘਰਸ਼ ਦਾ ਸ਼੍ਰੋਮਣੀ ਅਕਾਲੀ ਦਲ ਦਾ ਲੰਮਾ ਇਤਿਹਾਸ ਹੈ। ਦੂਜੇ ਪਾਸੇ ਕਾਂਗਰਸ ਦਾ ਇਤਿਹਾਸ ਸਿੱਖਾਂ ਦੇ ਘਾਣ ਤੇ ਅਮਰਿੰਦਰ ਸਿੰਘ ਦਾ ਇਤਿਹਾਸ ਐੱਸਵਾਈਐੱਲ ਦੇ ਨਿਰਮਾਣ ਵਰਗੇ ਪੰਜਾਬ ਮਾਰੂ ਫ਼ੈਸਲਿਆਂ ਨਾਲ ਭਰਿਆ ਪਿਆ ਹੈ।

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਜਿਵੇਂ 100 ਸਾਲਾਂ ਦੇ ਇਤਿਹਾਸ ‘ਚ ਸ਼੍ਰੋਮਣੀ ਅਕਾਲੀ ਦਲ ਕਿਰਸਾਨੀ ਲਈ ਸੰਘਰਸ਼ ਕਰਦਾ ਆਇਆ ਹੈ, ਅੱਗੇ ਵੀ ਜਦੋਂ ਕਿਤੇ ਲੋੜ ਪਈ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ‘ਚ ਨਿਡਰ ਹੋ ਕੇ ਲੜਾਈ ਲੜੇਗਾ, ਇਸ ਗੱਲ ਦਾ ਮੈਂ ਸਭ ਨੂੰ ਵਿਸ਼ਵਾਸ ਦਿਵਾਉਂਦਾ ਹਾਂ।

Share This Article
Leave a Comment