ਪੰਜ ਤੱਤਾਂ ‘ਚ ਵਿਲੀਨ ਹੋਏ ਪ੍ਰਕਾਸ਼ ਸਿੰਘ ਬਾਦਲ, 21 ਤੋਪਾਂ ਦੀ ਦਿੱਤੀ ਗਈ ਸਲਾਮੀ

Rajneet Kaur
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ।  ਉਨ੍ਹਾਂ ਨੂੰ ਬੇਟੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਅਗਨੀ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਕਿੰਨੂ ਬਾਗ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਪੰਜਾਬ ਪੁਲਿਸ ਦੀ 30 ਮੁਲਾਜ਼ਮਾਂ ਦੀ ਟੁਕੜੀ ਵੱਲੋਂ 21 ਤੋਪਾਂ ਦੀ ਸਲਾਮੀ ਦਿੱਤੀ ਗਈ ਹੈ।

ਸਸਕਾਰ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਐਨਸੀਪੀ ਮੁਖੀ ਸ਼ਰਦ ਪਵਾਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਰਿਆਣਾ ਇਨੈਲੋ ਆਗੂ ਅਭੈ ਚੌਟਾਲਾ, ਸੋਮਨਾਥ, ਸਾਬਕਾ ਸਿਹਤ ਮੰਤਰੀ ਸੁਰਜੀਤ ਜਿਆਣੀ, ਕਾਂਗਰਸੀ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਹਸਤੀਆਂ ਹਾਜ਼ਰ ਸਨ। ਉਨ੍ਹਾਂ ਦੇ ਅੰਤਿਮ ਸੰਸਕਾਰ ਲਈ ਕਿੰਨੂ ਦੇ ਬਾਗ ਵਾਲੀ ਜਗ੍ਹਾ ਨੂੰ ਪੱਧਰਾ ਕਰਕੇ ਲਗਭਗ 50 ਫੁੱਟ ਲੰਬਾ ਅਤੇ 30 ਫੁੱਟ ਚੌੜਾ ਮਕਬਰਾ ਤਿਆਰ ਕੀਤਾ ਗਿਆ ਸੀ। ਇਸ ਜਗ੍ਹਾ ‘ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਯਾਦਗਾਰ ਬਣਾਈ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment