ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸਰਗਰਮੀਆਂ ਵਧਾ ਦਿੱਤੀਆਂ ਹਨ। ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਬਾਜਵਾ ਨੇ ਪੰਜਾਬ ਕਾਂਗਰਸ ਭਵਨ ਵਿਖੇ ‘ਆਵਾਜ਼ ਪੰਜਾਬ ਦੀ’ ਚੋਣ ਮਨੋਰਥ ਪੱਤਰ ਮੁਹਿੰਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਅਗਲੇ 15 ਦਿਨਾਂ ਵਿੱਚ ਖਰੜਾ ਤਿਆਰ ਕਰ ਲਿਆ ਜਾਵੇਗਾ। ਕਾਂਗਰਸ ਨੇ ਚੋਣ ਮਨੋਰਥ ਪੱਤਰ ਪ੍ਰਚਾਰ ਲਈ ਜਨਤਾ ਤੋਂ ਸੁਝਾਅ ਵੀ ਮੰਗੇ ਹਨ। ਇਸ ਦੇ ਲਈ ਉਨ੍ਹਾਂ ਨੇ ‘ਆਵਾਜ਼ ਪੰਜਾਬ ਦੀ’ ਵੈੱਬਸਾਈਟ ਅਤੇ ਟੋਲ ਫਰੀ ਨੰਬਰ ਵੀ ਲਾਂਚ ਕੀਤਾ ਹੈ। ਬਾਜਵਾ ਨੇ ਕਿਹਾ ਕਿ ਅਗਲੀ ਸਰਕਾਰ ਆਉਣ ‘ਤੇ ਇਸ ‘ਤੇ ਕੰਮ ਕੀਤਾ ਜਾਵੇਗਾ।
ਬਾਜਵਾ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਧੀਆ ਹੈ। ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਹੋਰ ਕਦਮ ਵੀ ਚੁੱਕੇ ਜਾਣਗੇ।
ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਉਹ ਪਹਿਲਾਂ ਕਦੇ ਲੋਕਾਂ ਨੂੰ ਨਹੀਂ ਮਿਲਦੇ ਸਨ ਤੇ ਹੁਣ ਖੁਦ ਮਿਲਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਾਹਬ ਸੱਤਾ ਵਿੱਚ ਰਹਿੰਦਿਆਂ ਪਹਿਲਾਂ ਮਿਲੇ ਹੁੰਦੇ ਤਾਂ ਅੱਜ ਉਨ੍ਹਾਂ ਦੀ ਇਹ ਹਾਲਤ ਨਾ ਹੁੰਦੀ।