ਪ੍ਰਤਾਪ ਸਿੰਘ ਬਾਜਵਾ ਦੀ ਸੁਖਦੇਵ ਸਿੰਘ ਢੀਂਡਸਾ ਨਾਲ ਗੁਪਤ ਮੀਟਿੰਗ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਲਗਾਤਾਰ ਗਰਮਾ ਰਹੀ ਹੈ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੀ ਐਕਟਿਵ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਨਾਲ ਅੱਜ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਮੀਟਿੰਗ ਖਤਮ ਹੋਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸੁਖਦੇਵ ਸਿੰਘ ਢੀਂਡਸਾ ਨੂੰ ਮਿਲਣ ਲਈ ਆਏ ਸਨ। ਇਸ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਨੇ ਵੀ ਦਾਅਵਾ ਕੀਤਾ ਕਿ ਇਹ ਮਿਲਣੀ ਗੈਰ ਸਿਆਸੀ ਸੀ। ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਘਰ ਆਏ ਸਨ।

ਇਸ ਤੋਂ ਪਹਿਲਾਂ ਬੀਤੇ ਦਿਨੀਂ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ। ਅਜਿਹੇ ਵਿੱਚ ਸੁਖਦੇਵ ਸਿੰਘ ਢੀਂਡਸਾ ਨਾਲ ਬਾਜਵਾ ਦੀ ਮੀਟਿੰਗ ਵੱਡੇ ਸਿਆਸੀ ਮਾਇਨੇ ਰੱਖਦੀ ਹੈ। ਸੁਖਦੇਵ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਪਾਰਟੀ ਬਣਾਈ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਾਲ ਮਿਲ ਕੇ ਇਕ ਸੰਯੁਕਤ ਮੋਰਚਾ ਬਣਾਇਆ ਜਿਸ ਦਾ ਨਾਮ ਅਕਾਲੀ ਦਲ ਸੰਯੁਕਤ ਰੱਖਿਆ ਗਿਆ ਹੈ।

ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਰਾਘਵ ਚੱਢਾ ਦੇ ਨਾਲ ਮੁਲਾਕਾਤ ਵੀ ਕੀਤੀ ਗਈ ਸੀ। ਹਾਲਾਂਕਿ ਸੁਖਦੇਵ ਸਿੰਘ ਢੀਂਡਸਾ ਨੇ ਉਦੋਂ ਵੀ ਦਾਅਵਾ ਕੀਤਾ ਸੀ ਕਿ ਉਹ ਆਮ ਆਦਮੀ ਪਾਰਟੀ ਦੇ ਨਾਲ ਕਿਸੇ ਤਰ੍ਹਾਂ ਦਾ ਗੱਠਜੋੜ ਨਹੀਂ ਕਰਨਗੇ। ਇਸੇ ਵਿਚਾਲੇ ਅੱਜ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕਰਨਾ ਪੰਜਾਬ ਦੀ ਸਿਆਸਤ ਵਿੱਚ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈ।

Share this Article
Leave a comment