ਪਠਾਨਕੋਟ: ਮਿਲਾਵਟਖੋਰਾਂ ਵਿਰੁੱਧ ਸਿਹਤ ਵਿਭਾਗ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪਠਾਨਕੋਟ ਸਿਹਤ ਵਿਭਾਗ ਵੱਲੋਂ ਦੁੱਧ ਵਿੱਚ ਮਿਲਾਵਟ ਕਰਨ ਵਾਲਿਆਂ ਖਿਲਾਫ਼ ਇੱਕ ਵੱਡੀ ਮੁਹਿੰਮ ਵਿੱਢੀ ਗਈ ਹੈ। ਜ਼ਿਲ੍ਹਾ ਸਿਹਤ ਅਫ਼ਸਰ (DHO) ਡਾ. ਪੁਨੀਤ ਜਵਾਲ ਦੀ ਅਗਵਾਈ ਹੇਠ ਅੱਜ ਤੜਕੇ 5 ਵਜੇ ਹੀ ਪਠਾਨਕੋਟ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦੁੱਧ ਵਿਕਰੇਤਾਵਾਂ ਅਤੇ ਡੇਅਰੀ ਸੰਚਾਲਕਾਂ ਦੇ ਟਿਕਾਣਿਆਂ ‘ਤੇ ਅਚਨਚੇਤ ਛਾਪੇਮਾਰੀ ਕੀਤੀ ਗਈ।
ਵਿਭਾਗ ਦੀ ਟੀਮ ਨੇ ਸ਼ਹਿਰ ਦੇ ਕਈ ਸਥਾਨਾਂ ‘ਤੇ ਛਾਪੇਮਾਰੀ ਕਰਕੇ ਵੱਖ-ਵੱਖ ਵੈਂਡਰਾਂ ਤੋਂ ਦੁੱਧ ਦੇ ਨਮੂਨੇ ਇਕੱਠੇ ਕੀਤੇ ਅਤੇ ਇਹਨਾਂ ਸੈਂਪਲਾਂ ਨੂੰ ਜਾਂਚ ਲਈ ਤੁਰੰਤ ਸਰਕਾਰੀ ਲੈਬ ਖਰੜ ਭੇਜਿਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਰਿਪੋਰਟ ਆਉਣ ਤੋਂ ਬਾਅਦ ਜੇਕਰ ਕਿਸੇ ਵੀ ਸੈਂਪਲ ਵਿੱਚ ਮਿਲਾਵਟ ਪਾਈ ਗਈ, ਤਾਂ ਸਬੰਧਤ ਵੈਂਡਰ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਾ. ਪੁਨੀਤ ਨੇ ਡੇਅਰੀ ਅਤੇ ਮਿਠਾਈ ਕਾਰੋਬਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਜਨਤਾ ਦੀ ਸਿਹਤ ਨਾਲ ਖਿਲਵਾੜ ਨਾ ਕਰਨ। ਉਨ੍ਹਾਂ ਕਿਹਾ ਕਿ ਵਿਭਾਗ ਬਿਲਕੁਲ ਨਹੀਂ ਚਾਹੁੰਦਾ ਕਿ ਪਠਾਨਕੋਟ ਦੇ ਕਿਸੇ ਵੀ ਨਿਵਾਸੀ ਦੀ ਸਿਹਤ ਨੂੰ ਨੁਕਸਾਨ ਪਹੁੰਚੇ। ਸਾਰੇ ਵੈਂਡਰ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਉਤਪਾਦ 100% ਸ਼ੁੱਧ ਅਤੇ ਸਾਫ਼-ਸੁਥਰੇ ਹੋਣ, ਨਹੀਂ ਤਾਂ ਵਿਭਾਗ ਸਖ਼ਤ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗਾ।
ਇਸ ਦੇ ਨਾਲ ਹੀ ਫਲ ਵਿਕਰੇਤਾਵਾਂ ਨੂੰ ਵੀ ਆੜੇ ਹੱਥੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਫਲਾਂ ਨੂੰ ਸਮੇਂ ਤੋਂ ਪਹਿਲਾਂ ਪਕਾਉਣ ਲਈ ਹਾਨੀਕਾਰਕ ਕੈਲਸ਼ੀਅਮ ਕਾਰਬਾਈਡ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਬੇਮੌਸਮੀ ਫਲਾਂ ਤੋਂ ਬਚਣ ਅਤੇ ਸਿਰਫ਼ ਸੀਜ਼ਨਲ (ਮੌਸਮੀ) ਫਲ ਅਤੇ ਸਬਜ਼ੀਆਂ ਖਾਣ ਦੀ ਸਲਾਹ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

