ਚੋਣਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹੀ ਜਿੱਤਾੳਣਗੇ ਰਾਜ ਦੇ ਲੋਕ: ਪ੍ਰਨੀਤ ਕੌਰ

TeamGlobalPunjab
3 Min Read

ਪਾਤੜਾਂ: ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਰਾਜ ‘ਚ ਹੋ ਰਹੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਪੂਰਨ ਬਹੁਮੱਤ ਨਾਲ ਜਿੱਤ ਪ੍ਰਾਪਤ ਕਰਨਗੇ। ਉਹ ਅੱਜ ਨਗਰ ਕੌਂਸਲ ਚੋਣਾਂ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਥਾਵਾਂ ‘ਤੇ ਕੀਤੀਆਂ ਰੈਲੀਆਂ ਦੌਰਾਨ ਚੋਣ ਪ੍ਰਚਾਰ ਕਰਨ ਲਈ ਪਾਤੜਾਂ ਵਿਖੇ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਵੀ ਮੌਜੂਦ ਸਨ।

ਪ੍ਰਨੀਤ ਕੌਰ ਨੇ ਆਪਣੇ ਸੰਬੋਧਨ ‘ਚ ਕਿਹਾ ਪੰਜਾਬ ‘ਚ ਕਾਂਗਰਸ ਪਾਰਟੀ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਰਾਜ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਕਿਸੇ ਵੀ ਹਲਕੇ ਜਾਂ ਇਲਾਕੇ ਨਾਲ ਕੋਈ ਵਿਤਕਰਾ ਨਹੀਂ ਕੀਤਾ, ਜਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤਾ ਜਾਂਦਾ ਸੀ।

ਸੰਸਦ ਮੈਂਬਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਨਾ ਕੋਈ ਸਿਆਸੀ ਵਿਤਕਰੇਬਾਜੀ ਕੀਤੀ ਅਤੇ ਨਾ ਹੀ ਸਿਆਸੀ ਬਦਲਾਖੋਰੀ ਵਰਗੇ ਹੋਛੇ ਹਥਕੰਡੇ ਅਪਣਾਏ ਅਤੇ ਕੇਵਲ ਵਿਕਾਸ ਨੂੰ ਹੀ ਆਪਣਾ ਏਜੰਡਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਵਿਕਾਸਮੁਖੀ ਅਤੇ ਲੋਕ ਪੱਖੀ ਨੀਤੀਆਂ ਦੇ ਚੱਲਦਿਆਂ ਪੂਰੇ ਰਾਜ ‘ਚ ਜਿੱਥੇ ਵੀ ਕਿਤੇ ਨਗਰ ਨਿਗਮ, ਕੌਂਸਲ ਤੇ ਨਗਰ ਪੰਚਾਇਤ ਚੋਣਾਂ ਹੋ ਰਹੀਆਂ ਹਨ, ਉਥੇ ਦੇ ਲੋਕ, ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹੀ ਜਿਤਾਉਣਗੇ।

ਕਿਸਾਨਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਖੇਤੀਬਾੜੀ ਸਬੰਧੀਂ ਕਿਸਾਨਾਂ ਦੇ ਵਿਰੋਧੀ ਬਣਾਏ ਕਾਲੇ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ ਤਾਂ ਕਿ ਕੜਾਕੇ ਦੀ ਠੰਡ ‘ਚ ਆਪਣਾ ਰੋਸ ਸ਼ਾਂਤਮਈ ਢੰਗ ਨਾਲ ਕਰ ਰਹੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਰਾਜ ਦੀ ਕਾਂਗਰਸ ਸਰਕਾਰ ਆਖਰੀ ਦਮ ਤੱਕ ਕਿਸਾਨਾਂ ਦੇ ਨਾਲ ਖੜ੍ਹੇਗੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦਾ ਜੀ.ਐਸ.ਟੀ. ਨਹੀਂ ਦਿੱਤਾ, ਵਿਕਾਸ ਫੰਡ ਰੋਕ ਦਿੱਤੇ, ਰੇਲਾਂ ਰੋਕੀਆਂ ਪਰੰਤੂ ਇਸਦੇ ਬਾਵਜੂਦ ਕੈਪਟਨ ਸਰਕਾਰ ਨੇ ਕੋਰੋਨਾ ਦੇ ਔਖੇ ਸਮੇਂ ‘ਚ ਵੀ ਰਾਜ ਦੇ ਵਿਕਾਸ ‘ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ। ਉਨ੍ਹਾਂ ਦੱਸਿਆ ਕਿ ਪਾਤੜਾਂ ਸ਼ਹਿਰ ‘ਚ ਹੀ 40 ਕਰੋੜ ਰੁਪਏ ਦੇ ਕੰਮ ਚੱਲ ਰਹੇ ਹਨ। ਇਸ ਤੋਂ ਬਿਨ੍ਹਾਂ ਹਲਕੇ ਸ਼ੁਤਰਾਣੇ ‘ਚ ਵੀ ਲੜਕੀਆਂ ਲਈ ਆਈ.ਟੀ.ਆਈ. ਮਨਜੂਰ ਹੋ ਚੁੱਕੀ ਹੈ ਤੇ ਇਸ ਦਾ ਕੰਮ ਅਗਲੇ ਵਿੱਤੀ ਸਾਲ ਤੋਂ ਸ਼ੁਰੂ ਹੋ ਜਾਵੇਗਾ।

ਇਸ ਮੌਕੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ ਹਲਕਾ ਵਿਧਾਇਕ ਨਿਰਮਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਦੀ ਅਗਵਾਈ ਹੇਠ ਸ਼ੁਤਰਾਣਾ ਹਲਕੇ ਤੇ ਸਮਾਣਾ ਸ਼ਹਿਰ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹਲਕੇ ਤੇ ਪਾਤੜਾਂ ਸ਼ਹਿਰ ‘ਚ ਰਹਿੰਦੇ ਵਿਕਾਸ ਕਾਰਜ ਵੀ ਅਗਲੇ ਕੁਝ ਮਹੀਨਿਆਂ ‘ਚ ਮੁਕੰਮਲ ਕਰਵਾਏ ਜਾਣਗੇ।

Share This Article
Leave a Comment