ਚੰਡੀਗੜ੍ਹ: ਪੰਜਾਬ ਵਿੱਚ ਤਿੰਨ ਸਾਲਾਂ ਵਿੱਚ ਪ੍ਰਤੀ ਵਿਅਕਤੀ ਆਮਦਨ ਵਿੱਚ 19 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ, ਜੋ ਸੂਬੇ ਦੀ ਆਰਥਿਕਤਾ ਲਈ ਇੱਕ ਹਾਂ-ਪੱਖੀ ਸੰਕੇਤ ਹੈ। ਰਾਜ ਵਿੱਚ ਪ੍ਰਤੀ ਵਿਅਕਤੀ ਆਮਦਨ 2,21,197 ਰੁਪਏ ਤੱਕ ਪਹੁੰਚ ਗਈ ਹੈ ਜੋ ਬਿਹਾਰ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਤੋਂ ਵੱਧ ਹੈ। ਉਂਜ ਵੀ ਸੂਬਾ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਨਾਲੋਂ ਪਿੱਛੇ ਹੈ।
ਸਾਲ 2022-23 ਦੌਰਾਨ ਸੂਬੇ ਦੀ ਪ੍ਰਤੀ ਵਿਅਕਤੀ ਆਮਦਨ 1,85,802 ਰੁਪਏ ਸੀ, ਜੋ ਸਾਲ 2023-24 ਵਿੱਚ ਵੱਧ ਕੇ 2,05,374 ਰੁਪਏ ਹੋ ਗਈ ਹੈ ਅਤੇ ਸਾਲ 2024-25 ਵਿੱਚ ਵੱਡੀ ਛਾਲ ਮਾਰ ਕੇ ਇਹ 2,21,197 ਰੁਪਏ ਦਰਜ ਕੀਤੀ ਗਈ ਹੈ। ਵੱਧ ਆਮਦਨ ਦਾ ਮਤਲਬ ਹੈ ਕਿ ਰਾਜ ਦੇ ਲੋਕਾਂ ਕੋਲ ਸਿਹਤ ਸੰਭਾਲ, ਸਿੱਖਿਆ, ਰਿਹਾਇਸ਼ ਅਤੇ ਪੌਸ਼ਟਿਕ ਭੋਜਨ ਤੱਕ ਬਿਹਤਰ ਪਹੁੰਚ ਹੈ। ਨਾਲ ਹੀ, ਲੋਕ ਵਧੇਰੇ ਵਸਤੂਆਂ ਅਤੇ ਸੇਵਾਵਾਂ ਦੀ ਖਪਤ ਕਰਨ ਦੇ ਯੋਗ ਹੁੰਦੇ ਹਨ, ਜੋ ਆਰਥਿਕਤਾ ਵਿੱਚ ਖਪਤ ਵਧਾਉਣ ਵਿੱਚ ਵੀ ਮਦਦ ਕਰ ਰਿਹਾ ਹੈ। ਇਹ ਰਾਜ ਵਿੱਚ ਉਦਯੋਗ ਅਤੇ ਰੁਜ਼ਗਾਰ ਦੇ ਮੌਕੇ ਵਧਣ ਵੱਲ ਵੀ ਇਸ਼ਾਰਾ ਕਰਦਾ ਹੈ।
ਪੰਜਾਬ ਵਿੱਚੋਂ ਮੋਹਰੀ ਰਾਜਾਂ ਦੀ ਗੱਲ ਕਰੀਏ ਤਾਂ ਹਰਿਆਣਾ ਦੀ ਪ੍ਰਤੀ ਵਿਅਕਤੀ ਆਮਦਨ 2024-25 ਦੌਰਾਨ ਵਧ ਕੇ 3,53,182 ਰੁਪਏ ਹੋ ਗਈ ਹੈ, ਜਦੋਂ ਕਿ ਸਾਲ 2023-24 ਵਿੱਚ ਇਹ 3,19,363 ਰੁਪਏ ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ ਹਿਮਾਚਲ ਦੀ ਪ੍ਰਤੀ ਵਿਅਕਤੀ ਆਮਦਨ 2024-25 ਵਿੱਚ 2,56,137 ਰੁਪਏ ਦਰਜ ਕੀਤੀ ਗਈ ਹੈ। ਇਸ ਤੋਂ ਸਪੱਸ਼ਟ ਹੈ ਕਿ ਦੋਵਾਂ ਸੂਬਿਆਂ ਦੀ ਸਥਿਤੀ ਪੰਜਾਬ ਨਾਲੋਂ ਬਿਹਤਰ ਹੈ।
ਪੰਜਾਬ ਜਿੱਥੇ ਦੋ ਗੁਆਂਢੀ ਰਾਜਾਂ ਨਾਲੋਂ ਪਛੜਿਆ ਹੋਇਆ ਹੈ, ਉਥੇ ਪ੍ਰਤੀ ਵਿਅਕਤੀ ਆਮਦਨ ਵਿੱਚ ਵੀ ਇਹ ਸੂਬਾ ਦੇਸ਼ ਦੇ ਕਈ ਵੱਡੇ ਰਾਜਾਂ ਨਾਲੋਂ ਅੱਗੇ ਹੈ। ਜੇਕਰ ਬਿਹਾਰ ਦੀ ਗੱਲ ਕਰੀਏ ਤਾਂ ਉੱਥੇ ਪ੍ਰਤੀ ਵਿਅਕਤੀ ਆਮਦਨ ਪੰਜਾਬ ਨਾਲੋਂ ਬਹੁਤ ਘੱਟ ਹੈ ਜੋ ਸਿਰਫ਼ 69,321 ਰੁਪਏ ਹੈ। ਇਸੇ ਤਰ੍ਹਾਂ ਮੱਧ ਪ੍ਰਦੇਸ਼ ਦੀ ਪ੍ਰਤੀ ਵਿਅਕਤੀ ਆਮਦਨ 1,52,615 ਰੁਪਏ ਅਤੇ ਉੱਤਰ ਪ੍ਰਦੇਸ਼ ਦੀ 1,08,572 ਰੁਪਏ ਹੈ।
ਸਰਕਾਰ ਪ੍ਰਤੀ ਵਿਅਕਤੀ ਆਮਦਨ ਵਧਾਉਣ ਲਈ ਹੁਨਰ ਵਿਕਾਸ, ਰੁਜ਼ਗਾਰ ਸਿਰਜਣ, ਉੱਦਮਤਾ ਅਤੇ ਕਾਰੋਬਾਰ ਕਰਨ ਦੀ ਸੌਖ ਨੂੰ ਉਤਸ਼ਾਹਿਤ ਕਰ ਰਹੀ ਹੈ। ਇਸ ਤੋਂ ਇਲਾਵਾ ਪਰਿਵਾਰਾਂ ਦੀ ਰੋਜ਼ੀ-ਰੋਟੀ ਨੂੰ ਮਜ਼ਬੂਤ ਕਰਨ ਅਤੇ ਟਿਕਾਊ ਆਮਦਨ ਦੇ ਮੌਕੇ ਪੈਦਾ ਕਰਨ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।
ਪੰਜਾਬ ਸਾਹਮਣੇ ਕਰਜ਼ਾ ਸਭ ਤੋਂ ਵੱਡੀ ਚੁਣੌਤੀ ਹੈ। ਸਾਲ 2024-25 ਦੌਰਾਨ ਸੂਬੇ ਦਾ ਕੁੱਲ ਬਕਾਇਆ ਕਰਜ਼ਾ 3,79,963.94 ਕਰੋੜ ਰੁਪਏ ਸੀ, ਜੋ ਸਾਲ 2026-27 ਦੌਰਾਨ ਵਧ ਕੇ 4,47,754.78 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

