ਨਵੀਂ ਦਿੱਲੀ: ਦਿੱਲੀ ਵਿੱਚ ਕਿਸਾਨਾਂ ਵੱਲੋਂ ਕੱਢੇ ਗਏ ਟਰੈਕਟਰ ਮਾਰਚ ਦੌਰਾਨ ਉੱਤਰ ਪ੍ਰਦੇਸ਼ ਦੇ ਨੌਜਵਾਨ ਕਿਸਾਨ ਨਵਰੀਤ ਸਿੰਘ ਦੀ ਮੌਤ ਹੋ ਗਈ ਸੀ। ਹੁਣ ਨਵਰੀਤ ਸਿੰਘ ਦੇ ਪਰਿਵਾਰ ਨੇ ਘਟਨਾ ਦੀ ਜਾਂਚ ਸਬੰਧੀ ਮੰਗ ਕੀਤੀ ਹੈ। ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਨੇ ਦਿੱਲੀ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਹਰਦੀਪ ਸਿੰਘ ਨੇ ਪਟੀਸ਼ਨ ਵਿੱਚ ਮੰਗ ਕੀਤੀ ਹੈ ਕਿ ਹਿੰਸਾ ਦੌਰਾਨ ਉਹਨਾਂ ਦੇ ਪੋਤੇ ਦੀ ਮੌਤ ਦੀ ਸਹੀ ਤੇ ਨਿਰਪੱਖ ਜਾਂਚ ਅਤੇ ਨਿਆਂ ਲਈ ਸੱਚਾਈ ਜਾਣਨ ਦਾ ਉਨ੍ਹਾਂ ਦਾ ਅਧਿਕਾਰ ਹੈ। ਇਸ ਲਈ ਨਵਰੀਤ ਸਿੰਘ ਦੀ ਮੌਤ ਸਬੰਧੀ ਨਿਪੱਖ ਜਾਂਚ ਕੀਤੀ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ। ਉਮੀਦ ਲਾਈ ਜਾ ਰਹੀ ਹੈ ਕਿ ਮ੍ਰਿਤਕ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਦੀ ਤਰਫੋਂ ਦਿੱਲੀ ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵੀਰਵਾਰ ਨੂੰ ਸੁਣਵਾਈ ਲਈ ਲਿਸਟ ਹੋ ਸਕਦੀ ਹੈ।
26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ ਸੀ। ਇਸ ਦੌਰਾਨ ਦਿੱਲੀ ਦੇ ਆਈਟੀਓ ‘ਤੇ 25 ਸਾਲਾ ਕਿਸਾਨ ਨਵਰੀਤ ਸਿੰਘ ਦਾ ਕਥਿਤ ਤੌਰ ‘ਤੇ ਟਰੈਕਟਰ ਉਲਟ ਗਿਆ ਸੀ। ਜਿਸ ਕਾਰਨ ਉਹਨਾਂ ਦੀ ਹਾਦਸੇ ਵਿੱਚ ਮੌਤ ਹੋ ਗਈ ਸੀ।