ਦੇਸ਼ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਪੀਐਮ ਮੋਦੀ ਨੇ ਦੱਸਿਆ ਰੋਡ ਮੈਪ

TeamGlobalPunjab
3 Min Read

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ ਕੀਤੀ ਗਈ। ਜਿਸ ਵਿੱਚ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਹਤ ਖ਼ਰਾਬ ਹੋਣ ਦੇ ਕਾਰਨ ਇਸ ਬੈਠਕ ਸ਼ਾਮਿਲ ਨਹੀਂ ਹੋਏ ਅਤੇ ਉਨ੍ਹਾਂ ਦੀ ਥਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਬੈਠਕ ‘ਚ ਹਿੱਸਾ ਲਿਆ। ਬੈਠਕ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੂਬਿਆਂ ਦੀ ਅਰਥਵਿਵਸਥਾ ਨੂੰ ਕਿਵੇਂ ਮਜ਼ਬੂਤ ਬਣਾਇਆ ਜਾ ਸਕਦਾ ਇਸ ਬਾਰੇ ਜਾਣਕਾਰੀ ਦਿੱਤੀ। ਪੀਐਮ ਮੋਦੀ ਨੇ ਕਿਹਾ ਕਿ ਸਾਨੂੰ ਪ੍ਰਾਈਵੇਟ ਸੈਕਟਰ ਨੂੰ ਵਧਾਵਾ ਦੇਣਾ ਚਾਹੀਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਤੇਜ਼ੀ ਦੇ ਨਾਲ ਅੱਗੇ ਵਧਣਾ ਚਾਹੁੰਦਾ ਹੈ, ਇਸ ਦੇ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਚ ਪ੍ਰਾਈਵੇਟ ਸੈਕਟਰ ਅੱਗੇ ਆ ਰਿਹਾ ਹੈ ਇਸ ਲਈ ਸਾਨੂੰ ਪ੍ਰਾਈਵੇਟ ਸੈਕਟਰ ਵਿੱਚ ਵੱਧ ਨਿਵੇਸ਼ ਕਰਨਾ ਚਾਹੀਦਾ ਹੈ। ਕੋਰੋਨਾ ਕਾਲ ਦਾ ਜ਼ਿਕਰ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਲਈ ਪ੍ਰਾਈਵੇਟ ਸੈਕਟਰ ਨੇ ਵਿਸ਼ੇਸ਼ ਯੋਗਦਾਨ ਪਾਇਆ ਹੈ।

ਉਨ੍ਹਾਂ ਕਿਹਾ ਕਿ ਦੇਸੀ ਉਤਪਾਦਾਂ ਨੂੰ ਪ੍ਰਮੋਟ ਕਰਨ ਦੀ ਵੀ ਜ਼ਰੂਰਤ ਹੈ। ਕਿਸਾਨਾਂ ਦੇ ਸਹੀ ਮਾਰਗ ਦਰਸ਼ਨ ਦੇ ਨਾਲ ਹੀ ਦਿਸ਼ਾ ਬਦਲੇਗੀ। ਇਸ ਤੋਂ ਇਲਾਵਾ ਪੀਐਮ ਮੋਦੀ ਨੇ ਖੇਤੀ ਸੈਕਟਰ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਤਿਲਹਨ ਵਰਗੇ ਉਤਪਾਦਾਂ ਦੀ ਪੈਦਾਵਾਰ ਨੂੰ ਵਧਾਉਣਾ ਚਾਹੀਦਾ ਹੈ ਤਾਂ ਜੋ ਖਾਣ ਵਾਲੀਆਂ ਅਤੇ ਤੇਲ ਦੀਆਂ ਵਸਤੂਆਂ ਦਾ ਇੰਪੋਰਟ ਘਟਾਇਆ ਜਾ ਸਕੇ। ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੀ ਜ਼ਰੂਰਤ ਹੈ। ਪੀਐਮ ਮੋਦੀ ਨੇ ਕਿਹਾ ਕਿ ਜਿਹੜੀਆਂ ਖਾਣ ਵਾਲੀਆਂ ਵਸਤਾਂ ਬਾਹਰੋਂ ਮੰਗਵਾਈਆਂ ਜਾਂਦੀਆਂ ਹਨ ਉਨ੍ਹਾਂ ‘ਤੇ ਖਰਚ ਹੋਣ ਵਾਲੇ ਪੈਸੇ ਨੂੰ ਕਿਸਾਨਾਂ ਦੇ ਖਾਤੇ ਚ ਵੀ ਪਾਇਆ ਜਾ ਸਕਦਾ ਹੈ। ਇਸ ਦੇ ਨਾਲ ਕਿਸਾਨਾਂ ਦੀ ਆਮਦਨ ਚ ਵੀ ਵਾਧਾ ਹੋਵੇਗਾ।

ਪਿੰਡਾਂ ਅਤੇ ਸ਼ਹਿਰਾਂ ਚ ਘਰਾਂ ਦੇ ਨਿਰਮਾਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2014 ਤੋਂ ਬਾਅਦ ਪਿੰਡਾਂ ਅਤੇ ਸ਼ਹਿਰਾਂ ਨੂੰ ਮਿਲਾ ਕੇ 2 ਕਰੋੜ 40 ਲੱਖ ਤੋਂ ਵੱਧ ਘਰਾਂ ਦਾ ਨਿਰਮਾਣ ਸਰਕਾਰ ਵੱਲੋਂ ਕੀਤਾ ਗਿਆ ਹੈ। ਆਧੁਨਿਕ ਤਕਨਾਲੋਜੀ ਦੇ ਨਾਲ ਘਰ ਬਣਾਉਣ ਦਾ ਅਭਿਆਨ ਵੀ ਚਲਾਇਆ ਜਾ ਰਿਹਾ ਹੈ। ਇਕ ਮਹੀਨੇ ਚ ਨਵੀਂ ਤਕਨੀਕ ਦੇ ਨਾਲ ਚੰਗੇ ਘਰ ਬਣਾਉਣ ਲਈ ਇੱਕ ਮਾਡਲ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਦੀ ਕਮੀ ਅਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਲੋਕਾਂ ਦੇ ਵਿਕਾਸ ਚ ਮੁਸ਼ਕਿਲ ਨਾ ਬਣੇ ਇਸ ਦੇ ਲਈ ਮਿਸ਼ਨ ਮੋਡ ‘ਤੇ ਕੰਮ ਕੀਤਾ ਜਾ ਰਿਹਾ ਹੈ।ਪੀਐਮ ਨੇ ਕਿਹਾ ਕਿ ਜਲ ਮਿਸ਼ਨ ਤੋਂ ਬਾਅਦ ਸਾਢੇ ਤਿੰਨ ਕਰੋੜ ਤੋਂ ਵੀ ਵੱਧ ਪਿੰਡਾਂ ਚ ਘਰਾਂ ਨੂੰ ਵਾਟਰ ਪਾਈਪ ਸਪਲਾਈ ਨਾਲ ਜੋੜਿਆ ਜਾ ਚੁੱਕਿਆ ਹੈ।

Share this Article
Leave a comment