PM ਮੋਦੀ ਤਿੰਨ ਦੇਸ਼ਾਂ ਦੇ ਦੌਰੇ ‘ਤੇ ਰਵਾਨਾ; ਇੰਡੋਨੇਸ਼ੀਆ, ਆਸਟ੍ਰੇਲੀਆ – ਨਿਊਜ਼ੀਲੈਂਡ ਨਾਲ ਹੋਣਗੇ ਕਈ ਮਹੱਤਵਪੂਰਨ ਸਮਝੌਤੇ!

Global Team
3 Min Read

ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਦੇ 6 ਰੋਜ਼ਾ ਦੌਰੇ ਲਈ ਸੋਮਵਾਰ ਨੂੰ ਨਵੀਂ ਦਿੱਲੀ ਤੋਂ ਜਕਾਰਤਾ ਲਈ ਰਵਾਨਾ ਹੋ ਗਏ ਹਨ। ਪੀਐਮ ਮੋਦੀ ਅੱਜ ਤੋਂ 11 ਜੁਲਾਈ ਤੱਕ ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਵਪਾਰ, ਨਿਵੇਸ਼, ਰੱਖਿਆ, ਤਕਨਾਲੋਜੀ, ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਰਣਨੀਤਕ ਸਹਿਯੋਗ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਕਈ ਅਹਿਮ ਬੈਠਕਾਂ ਹੋਣਗੀਆਂ। ਯਾਤਰਾ ਦੌਰਾਨ ਮਹੱਤਵਪੂਰਨ ਸਮਝੌਤਿਆਂ ਅਤੇ ਐਲਾਨਾਂ ‘ਤੇ ਵੀ ਨਜ਼ਰ ਰਹੇਗੀ।

ਤਿੰਨ ਦੇਸ਼ਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਪੀਐਮ ਮੋਦੀ ਨੇ ਕਿਹਾ ਕਿ ਇਸ ਦਾ ਮਕਸਦ ਇਹਨਾਂ ਕੀਮਤੀ ਵਿਕਾਸ ਭਾਈਵਾਲਾਂ (ਪਾਰਟਨਰਾਂ) ਨਾਲ ਆਰਥਿਕ ਅਤੇ ਰਣਨੀਤਕ ਸਹਿਯੋਗ ਨੂੰ ਵਧਾਉਣਾ ਅਤੇ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਹੋਰ ਮੌਕੇ ਮਿਲਣ।

ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੀ ਸ਼ੁਰੂਆਤ ਇੰਡੋਨੇਸ਼ੀਆ ਤੋਂ ਕਰਨਗੇ। ਦੌਰੇ ਦੇ ਦੂਜੇ ਪੜਾਅ ਵਿੱਚ ਪ੍ਰਧਾਨ ਮੰਤਰੀ ਆਸਟ੍ਰੇਲੀਆ ਪਹੁੰਚਣਗੇ। ਇੱਥੇ ਮੈਲਬਰਨ ਵਿੱਚ ਭਾਰਤ-ਆਸਟ੍ਰੇਲੀਆ ਸਾਲਾਨਾ ਆਗੂਆਂ ਦਾ ਸਿਖਰ ਸੰਮੇਲਨ ਕਰਵਾਇਆ ਜਾਵੇਗਾ। ਕਵਾਡ (Quad) ਦੇ ਤਹਿਤ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਰਹੇਗਾ। ਦੌਰੇ ਦੇ ਆਖਰੀ ਪੜਾਅ ਵਿੱਚ ਪ੍ਰਧਾਨ ਮੰਤਰੀ ਮੋਦੀ ਨਿਊਜ਼ੀਲੈਂਡ ਜਾਣਗੇ। ਭਾਰਤ ਅਤੇ ਨਿਊਜ਼ੀਲੈਂਡ ਨੇ ਇਸੇ ਸਾਲ ਮੁਕਤ ਵਪਾਰ ਸਮਝੌਤੇ ‘ਤੇ ਦਸਤਖਤ ਕੀਤੇ ਹਨ।

ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਯਾਂਤੋ ਦੇ ਸੱਦੇ ‘ਤੇ ਪ੍ਰਧਾਨ ਮੰਤਰੀ ਮੋਦੀ ਅਧਿਕਾਰਤ ਯਾਤਰਾ ਕਰਨਗੇ। ਵਿਦੇਸ਼ ਮੰਤਰਾਲੇ ਦੇ ਮੁਤਾਬਕ, ਜਕਾਰਤਾ ਵਿੱਚ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਪ੍ਰਬੋਵੋ ਨਾਲ ਦੁਵੱਲੀ ਗੱਲਬਾਤ ਕਰਨਗੇ ਅਤੇ ਦੋਵਾਂ ਦੇਸ਼ਾਂ ਵਿਚਾਲੇ ਭਾਈਵਾਲੀ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ। ਉਹ ਭਾਰਤੀ ਭਾਈਚਾਰੇ ਨੂੰ ਵੀ ਸੰਬੋਧਨ ਕਰਨਗੇ।

ਇੰਡੋਨੇਸ਼ੀਆ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ 8 ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੇ ਮੈਲਬਰਨ ਦਾ ਦੌਰਾ ਕਰਨਗੇ। ਇਹ ਯਾਤਰਾ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਦੇ ਸੱਦੇ ‘ਤੇ ਹੋ ਰਹੀ ਹੈ। ਮੈਲਬਰਨ ਵਿੱਚ, ਪ੍ਰਧਾਨ ਮੰਤਰੀ ਮੋਦੀ, ਪ੍ਰਧਾਨ ਮੰਤਰੀ ਅਲਬਨੀਜ਼ ਨਾਲ ਦੁਵੱਲੀ ਗੱਲਬਾਤ ਕਰਨਗੇ। ਉਹ ਆਸਟ੍ਰੇਲੀਆ ਦੀ ਗਵਰਨਰ-ਜਨਰਲ ਸੈਮ ਮੋਸਟਿਨ ਨਾਲ ਵੀ ਮੁਲਾਕਾਤ ਕਰਨਗੇ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment