ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਹੋਰ ਨੇਤਾਵਾਂ ਨੇ ਵੀ ਸ਼ਕਤੀ ਸਥਲ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ, “ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ।” ਇਸ ਤੋਂ ਇਲਾਵਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ਕਤੀ ਸਥਲ ਵਿਖੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 108ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ।
ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ ਕਿ ਇੰਦਰਾ ਗਾਂਧੀ ਦੀ ਵਿਲੱਖਣ ਅਤੇ ਪ੍ਰਭਾਵਸ਼ਾਲੀ ਅਗਵਾਈ, ਜੋ ਰਾਜਨੀਤਿਕ ਹਿੰਮਤ ਨੂੰ ਦਰਸਾਉਂਦੀ ਸੀ, ਹਮੇਸ਼ਾ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਪ੍ਰਤੀ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਦੀ ਕੁਰਬਾਨੀ ਨੂੰ ਲੱਖਾਂ ਲੋਕ ਸਲਾਮ ਕਰਦੇ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਦਾਦੀ ਦੀ ਹਿੰਮਤ, ਦੇਸ਼ ਭਗਤੀ ਅਤੇ ਨੈਤਿਕਤਾ ਉਨ੍ਹਾਂ ਨੂੰ ਬੇਇਨਸਾਫ਼ੀ ਵਿਰੁੱਧ ਮਜ਼ਬੂਤੀ ਨਾਲ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀ ਰਹਿੰਦੀ ਹੈ। ਓਨਾ ਕਿਹਾ ਕਿ ਮੈਨੂੰ ਆਪਣੀ ਦਾਦੀ ਤੋਂ ਭਾਰਤ ਲਈ ਨਿਡਰ ਫੈਸਲੇ ਲੈਣ ਅਤੇ ਹਰ ਹਾਲਾਤ ਵਿੱਚ ਰਾਸ਼ਟਰੀ ਹਿੱਤਾਂ ਨੂੰ ਪਹਿਲ ਦੇਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਦੀ ਹਿੰਮਤ, ਦੇਸ਼ ਭਗਤੀ ਅਤੇ ਨੈਤਿਕਤਾ ਮੈਨੂੰ ਬੇਇਨਸਾਫ਼ੀ ਦੇ ਵਿਰੁੱਧ ਡਟ ਕੇ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀ ਹੈ।
ਜ਼ਿਕਰਯੋਗ ਹੈ ਕਿ ਇੰਦਰਾ ਗਾਂਧੀ ਦਾ ਜਨਮ 19 ਨਵੰਬਰ, 1917 ਨੂੰ ਹੋਇਆ ਸੀ। ਉਹ 1966 ਤੋਂ 1977 ਤੱਕ ਅਤੇ ਫਿਰ 1980 ਤੋਂ 31 ਅਕਤੂਬਰ 1984 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦੀ 31 ਅਕਤੂਬਰ 1984 ਨੂੰ ਮੌਤ ਹੋ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

