ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿੱਚ ਹੋਈ ਫਾਇਰਿੰਗ ਦੀ ਘਟਨਾ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸਾਂਝੇ ਕੀਤੇ ਟਵੀਟ ‘ਚ ਅਮਰੀਕੀ ਰਾਸ਼ਟਰਪਤੀ ਦੇ ਸੁਰੱਖਿਅਤ ਹੋਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਬਾਅਦ ਵਿੱਚ ਹਮਲੇ ਦੀ ਨਿੰਦਾ ਕੀਤੀ।
ਉਨ੍ਹਾਂ ਕਿਹਾ ਕਿ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਡੋਨਾਲਡ ਟਰੰਪ, ਉਨ੍ਹਾਂ ਦੀ ਪਤਨੀ ਅਤੇ ਉਪ ਰਾਸ਼ਟਰਪਤੀ ਜੇਡੀ ਵੈਂਸ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਪੀਐਮ ਮੋਦੀ ਨੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਸੁਰੱਖਿਆ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ (X) ‘ਤੇ ਲਿਖਿਆ, “ਇਹ ਜਾਣ ਕੇ ਰਾਹਤ ਮਿਲੀ ਕਿ ਵਾਸ਼ਿੰਗਟਨ ਡੀਸੀ ਦੇ ਇੱਕ ਹੋਟਲ ਵਿੱਚ ਹਾਲ ਹੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਰਾਸ਼ਟਰਪਤੀ ਟਰੰਪ, ਫਰਸਟ ਲੇਡੀ ਅਤੇ ਉਪ ਰਾਸ਼ਟਰਪਤੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਮੈਂ ਉਨ੍ਹਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਲੋਕਤੰਤਰ ਵਿੱਚ ਹਿੰਸਾ ਦੀ ਕੋਈ ਥਾਂ ਨਹੀਂ ਹੈ ਅਤੇ ਇਸ ਦੀ ਪੂਰੀ ਤਰ੍ਹਾਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ।”
ਦੱਸ ਦੇਈਏ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਵਾਸ਼ਿੰਗਟਨ ਡੀਸੀ ਵਿੱਚ ‘ਵ੍ਹਾਈਟ ਹਾਊਸ ਕੌਰਸਪੋਂਡੈਂਟਸ ਡਿਨਰ’ ਚੱਲ ਰਿਹਾ ਸੀ। ਇਸੇ ਦੌਰਾਨ ਇੱਕ ਵਿਅਕਤੀ ਹਥਿਆਰਾਂ ਸਣੇ ਹੋਟਲ ਦੀ ਲਾਬੀ ਵਿੱਚ ਦਾਖਲ ਹੋ ਗਿਆ ਅਤੇ ਬਾਲਰੂਮ ਵੱਲ ਵਧਣ ਲੱਗਾ, ਜਿੱਥੇ ਵੱਡੀ ਗਿਣਤੀ ਵਿੱਚ ਅਮਰੀਕੀ ਨੇਤਾ ਅਤੇ ਪੱਤਰਕਾਰ ਮੌਜੂਦ ਸਨ। ਸ਼ਨੀਵਾਰ ਸ਼ਾਮ ਦੇ ਇਸ ਪ੍ਰੋਗਰਾਮ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਪਤਨੀ ਮੇਲਾਨੀਆ ਅਤੇ ਉਪ ਰਾਸ਼ਟਰਪਤੀ ਜੇਡੀ ਵੈਂਸ ਸਮੇਤ ਕਈ ਵੱਡੇ ਅਧਿਕਾਰੀ ਮੌਜੂਦ ਸਨ।
ਨਿਊਜ਼ ਏਜੰਸੀ ਏਪੀ (AP) ਮੁਤਾਬਕ, ਹਮਲਾਵਰ ਨੇ ਹੋਟਲ ਦੇ ਬਾਲਰੂਮ ਦੇ ਬਾਹਰ ਫਾਇਰਿੰਗ ਕੀਤੀ। ਟਰੰਪ ਅਤੇ ਹੋਰ ਮਹਿਮਾਨ ਬਾਲਰੂਮ ਦੇ ਅੰਦਰ ਸਨ। ਰਾਸ਼ਟਰਪਤੀ ਟਰੰਪ ਨੇ ਪੁਸ਼ਟੀ ਕੀਤੀ ਕਿ ਹਮਲਾਵਰ ਨੂੰ ਫੜ ਲਿਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰ ਦੀ ਪਛਾਣ ਕੈਲੀਫੋਰਨੀਆ ਦੇ ਟੋਰੈਂਸ ਦੇ ਰਹਿਣ ਵਾਲੇ 31 ਸਾਲਾ ਕੋਲ ਟਾਮਸ ਐਲਨ ਵਜੋਂ ਹੋਈ ਹੈ, ਜਿਸ ਨੂੰ ਸੀਕਰੇਟ ਸਰਵਿਸ ਨੇ ਫੜ ਲਿਆ ਹੈ। ਅਮਰੀਕੀ ਅਟਾਰਨੀ ਨੇ ਕਿਹਾ ਕਿ ਸ਼ੱਕੀ ‘ਤੇ ਹਥਿਆਰ ਰੱਖਣ ਅਤੇ ਹਮਲਾ ਕਰਨ ਦੇ ਦੋਸ਼ ਲੱਗੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

