ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਅਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਹੜ੍ਹ ਪੀੜਤਾਂ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਲਈ 1600 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ।
ਸੋਸ਼ਲ ਮੀਡੀਆ ‘ਤੇ ਵੀਡੀਓ ਕੀਤੀ ਸਾਂਝੀ
ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਉਹ ਹੜ੍ਹ ਪੀੜਤਾਂ ਨਾਲ ਗੱਲਬਾਤ ਕਰਦੇ ਨਜ਼ਰ ਆਏ। ਵੀਡੀਓ ਵਿੱਚ ਉਨ੍ਹਾਂ ਨੇ ਕਿਹਾ, “ਇਸ ਸਮੇਂ ਇਹ ਨਹੀਂ ਸੋਚਣਾ ਚਾਹੀਦਾ ਕਿ ਸਾਡਾ ਕੋਈ ਹਾਲ ਪੁੱਛਣ ਵਾਲਾ ਜਾਂ ਹੱਥ ਫੜਨ ਵਾਲਾ ਨਹੀਂ ਹੈ। ਕੇਂਦਰ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ।”
ਗੱਲਬਾਤ ਦੌਰਾਨ ਇੱਕ ਹੜ੍ਹ ਪੀੜਤ ਕਿਸਾਨ ਨੇ ਪ੍ਰਧਾਨ ਮੰਤਰੀ ਨੂੰ ਇੱਕ ਪੈੱਨ ਭੇਟ ਕੀਤਾ ਅਤੇ ਕਿਹਾ, “ਤੁਸੀਂ ਇਸ ਨਾਲ ਪੰਜਾਬ ਦਾ ਭਾਗ ਲਿਖ ਦਿਓ।” ਪ੍ਰਧਾਨ ਮੰਤਰੀ ਨੇ ਪੈੱਨ ਲੈਂਦਿਆਂ ਕਿਹਾ, “ਇਹ ਤੁਹਾਡਾ ਪਿਆਰ ਹੈ।” ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਹੜ੍ਹ ਕਾਰਨ ਖਰਾਬ ਹੋਈ ਝੋਨੇ ਦੀ ਫਸਲ ਵੀ ਵਿਖਾਈ।
ਵੀਡੀਓ ਦੀਆਂ ਮੁੱਖ ਗੱਲਾਂ
ਵੀਡੀਓ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਮੋਦੀ ਹੈਲੀਕਾਪਟਰ ਵਿੱਚ ਬੈਠ ਕੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਂਦੇ ਨਜ਼ਰ ਆਉਂਦੇ ਹਨ। ਉਹ ਕਹਿੰਦੇ ਹਨ ਕਿ ਭਾਰਤ ਸਰਕਾਰ ਪੂਰੀ ਤਰ੍ਹਾਂ ਸੂਬਾ ਸਰਕਾਰ ਦੇ ਨਾਲ ਹੈ ਅਤੇ ਹਰ ਸੰਭਵ ਸਹਾਇਤਾ ਲਈ ਤਿਆਰ ਹੈ।
ਵੀਡੀਓ ਵਿੱਚ ਅਗਲਾ ਸੀਨ ਇੱਕ ਮੀਟਿੰਗ ਦਾ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਐਲਾਨ ਕਰਦੇ ਹਨ ਕਿ ਪੰਜਾਬ ਨੂੰ 1600 ਕਰੋੜ ਰੁਪਏ ਦਿੱਤੇ ਜਾਣਗੇ, ਤਾਂ ਜੋ ਜ਼ਰੂਰੀ ਕੰਮ ਜਲਦੀ ਸ਼ੁਰੂ ਹੋ ਸਕਣ। ਉਹ ਇਹ ਵੀ ਕਹਿੰਦੇ ਹਨ ਕਿ ਭਾਰਤ ਸਰਕਾਰ ਆਪਣੀਆਂ ਯੋਜਨਾਵਾਂ ਰਾਹੀਂ ਪਹਿਲ ਦੇ ਆਧਾਰ ‘ਤੇ ਸਹਾਇਤਾ ਪ੍ਰਦਾਨ ਕਰੇਗੀ।
ਇਸ ਤੋਂ ਇਲਾਵਾ ਵੀਡੀਓ ਵਿੱਚ ਵਿੱਚ ਪ੍ਰਧਾਨ ਮੰਤਰੀ ਹੜ੍ਹ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਦੇ ਹਨ। ਕਿਸਾਨਾਂ ਨੂੰ ਪਿੱਛੇ ਬਿਠਾਇਆ ਗਿਆ ਸੀ, ਪਰ ਪ੍ਰਧਾਨ ਮੰਤਰੀ ਨੇ ਕਿਹਾ, “ਨੇੜੇ ਆ ਜਾਓ, ਮੈਂ ਤੁਹਾਡੇ ਲਈ ਹੀ ਆਇਆ ਹਾਂ।”
ਅਖੀਰ ਵਿੱਚ ਪ੍ਰਧਾਨ ਮੰਤਰੀ ਕਹਿੰਦੇ ਹਨ, “ਕਿਸੇ ਵੀ ਨਾਗਰਿਕ ਨੂੰ ਇਹ ਨਹੀਂ ਲੱਗਣਾ ਚਾਹੀਦਾ ਕਿ ਮੇਰਾ ਕੋਈ ਪੁੱਛਣ ਵਾਲਾ ਨਹੀਂ, ਮੇਰਾ ਹੱਥ ਫੜਨ ਵਾਲਾ ਨਹੀਂ। ਅਜਿਹੇ ਸਮੇਂ ਸਰਕਾਰ ਦੀ ਜ਼ਰੂਰਤ ਹੁੰਦੀ ਹੈ।”
ਗੁਰਦਾਸਪੁਰ ਦਾ ਦੌਰਾ
ਮੰਗਲਵਾਰ ਨੂੰ ਗੁਰਦਾਸਪੁਰ ਵਿੱਚ ਪ੍ਰਧਾਨ ਮੰਤਰੀ ਨੇ ਹੈਲੀਕਾਪਟਰ ਰਾਹੀਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ 19 ਅਜਿਹੇ ਕਿਸਾਨਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੀਆਂ ਫਸਲਾਂ ਹੜ੍ਹ ਕਾਰਨ ਤਬਾਹ ਹੋ ਗਈਆਂ। ਇਸ ਤੋਂ ਬਾਅਦ ਉਨ੍ਹਾਂ ਨੇ NDRF ਅਤੇ SDRF ਦੇ ਜਵਾਨਾਂ ਨਾਲ ਵੀ ਗੱਲਬਾਤ ਕੀਤੀ। ਫਿਰ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਲਈ 1600 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ।