ਪਹਿਲਗਾਮ ਹਮਲੇ ਦੇ ਇੱਕ ਸਾਲ ਪੂਰੇ ਹੋਣ ‘ਤੇ PM ਮੋਦੀ ਸਾਂਝੀ ਕੀਤੀ ਭਾਵੁਕ ਪੋਸਟ; ਪੜ੍ਹੋ ਕੀ ਕਿਹਾ

Global Team
3 Min Read

ਨਵੀ ਦਿੱਲੀ : ਅੱਜ ਪਹਿਲਗਾਮ ਅੱਤਵਾਦੀ ਹਮਲੇ ਨੂੰ ਇੱਕ ਸਾਲ ਹੋ ਗਿਆ ਹੈ। 22 ਅਪ੍ਰੈਲ 2025 ਦੇ ਦਿਨ ਅੱਤਵਾਦੀਆਂ ਨੇ ਬੈਸਰਨ ਘਾਟੀ ਵਿੱਚ ਘੁੰਮਣ ਆਏ ਸੈਲਾਨੀਆਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ। ਇਸ ਹਮਲੇ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ। ਪਹਿਲਗਾਮ ਅੱਤਵਾਦੀ ਹਮਲੇ ਦੀ ਪਹਿਲੀ ਵਰ੍ਹੇਗੰਢ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਭਾਵੁਕ ਸੰਦੇਸ਼ ਸਾਂਝਾ ਕੀਤਾ, ਜਿਸ ਵਿੱਚ ਹਮਲੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਮਾਸੂਮ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦਰਦਨਾਕ ਹਮਲੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ। ਉਨ੍ਹਾਂ ਨੇ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਵੀ ਪ੍ਰਗਟ ਕੀਤੀ ਅਤੇ ਕਿਹਾ ਕਿ ਪੂਰਾ ਦੇਸ਼ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ “ਪਿਛਲੇ ਸਾਲ ਅੱਜ ਦੇ ਹੀ ਦਿਨ ਪਹਿਲਗਾਮ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਨਿਰਦੋਸ਼ ਲੋਕਾਂ ਨੂੰ ਯਾਦ ਕਰ ਰਿਹਾ ਹਾਂ। ਉਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ। ਇੱਕ ਰਾਸ਼ਟਰ ਦੇ ਤੌਰ ‘ਤੇ, ਅਸੀਂ ਦੁੱਖ ਅਤੇ ਸੰਕਲਪ ਵਿੱਚ ਇੱਕਜੁੱਟ ਹਾਂ। ਭਾਰਤ ਅੱਤਵਾਦ ਦੇ ਕਿਸੇ ਵੀ ਰੂਪ ਅੱਗੇ ਕਦੇ ਨਹੀਂ ਝੁਕੇਗਾ। ਅੱਤਵਾਦੀਆਂ ਦੇ ਨਾਪਾਕ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ।”

ਇਸ ਦੇ ਨਾਲ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਵਰ੍ਹੇਗੰਢ ‘ਤੇ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ 22 ਅਪ੍ਰੈਲ 2025 ਨੂੰ ਹੋਏ ਇਸ ਕਾਇਰਤਾਪੂਰਨ ਹਮਲੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਮਾਸੂਮ ਲੋਕਾਂ ਨੂੰ ਕਦੇ ਨਹੀਂ ਭੁੱਲ ਸਕਦਾ। ਦੁਖੀ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਦੇ ਦਰਦ ਨੂੰ ਸਾਂਝਾ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਜ਼ਖ਼ਮ ਭਾਰਤ ਦੀ ਯਾਦ ਵਿੱਚ ਹਮੇਸ਼ਾ ਤਾਜ਼ਾ ਰਹੇਗਾ। ਆਪਣੇ ਸੰਦੇਸ਼ ਵਿਚ ਰੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤ ਨੇ ਦਹਾਕਿਆਂ ਤੋਂ ਸਰਹੱਦ ਪਾਰ ਅੱਤਵਾਦ ਦਾ ਸਾਹਮਣਾ ਕੀਤਾ ਹੈ, ਪਰ ਅੱਜ ਦੇਸ਼ ਦਾ ਜਵਾਬ ਪਹਿਲਾਂ ਨਾਲੋਂ ਵੀ ਮਜ਼ਬੂਤ, ਸਪੱਸ਼ਟ ਅਤੇ ਫੈਸਲਾਕੁੰਨ ਹੈ।

ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਭਾਰਤ ਦੀ ਏਕਤਾ ਅਤੇ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਪੂਰੀ ਤਾਕਤ ਅਤੇ ਦ੍ਰਿੜਤਾ ਨਾਲ ਸਾਹਮਣਾ ਕੀਤਾ ਜਾਵੇਗਾ। ਰਾਜਨਾਥ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਹੁਣ ਹਰ ਚੁਣੌਤੀ ਦਾ ਸਖ਼ਤ ਜਵਾਬ ਦੇ ਰਿਹਾ ਹੈ। ਅੱਤਵਾਦ ਜਾਂ ਦੇਸ਼ ਦੀ ਏਕਤਾ ਨੂੰ ਚੁਣੌਤੀ ਦੇਣ ਵਾਲੀ ਕੋਈ ਵੀ ਕਾਰਵਾਈ ਗੰਭੀਰ ਨਤੀਜੇ ਭੁਗਤੇਗੀ।

Share This Article
Leave a Comment