ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੱਧ ਪੂਰਬ ਅਤੇ ਯੂਕਰੇਨ ਵਿੱਚ ਜਾਰੀ ਜੰਗ ਨੂੰ ਜਲਦੀ ਖ਼ਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫੌਜੀ ਸੰਘਰਸ਼ ਨਾਲ ਕੋਈ ਵੀ ਮਸਲਾ ਹੱਲ ਨਹੀਂ ਹੋ ਸਕਦਾ। ਭਾਰਤ ਸਾਰੇ ਵਿਵਾਦਾਂ ਦੇ ਸ਼ਾਂਤੀਪੂਰਨ ਹੱਲ ਅਤੇ ਸ਼ਾਂਤੀ ਸਥਾਪਿਤ ਕਰਨ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਦਾ ਰਹੇਗਾ।
ਪੀ.ਐਮ. ਨੇ ਇਹ ਗੱਲ ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨਾਲ ਦੁਵੱਲੀ ਵਾਰਤਾ ਤੋਂ ਬਾਅਦ ਕਹੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਫਿਨਲੈਂਡ ਦੋਵੇਂ ਹੀ ਕਾਨੂੰਨ ਦੇ ਸ਼ਾਸਨ, ਸੰਵਾਦ ਅਤੇ ਕੂਟਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ। ਅਸੀਂ ਇਸ ਗੱਲ ‘ਤੇ ਸਹਿਮਤ ਹਾਂ ਕਿ ਸਿਰਫ਼ ਫੌਜੀ ਸੰਘਰਸ਼ ਨਾਲ ਕੋਈ ਵੀ ਸਮੱਸਿਆ ਹੱਲ ਨਹੀਂ ਹੋ ਸਕਦੀ।
ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਛੇ ਦਿਨਾਂ ਤੋਂ ਜੰਗ ਜਾਰੀ ਹੈ। ਮੀਡੀਆ ਰਿਪੋਰਟਸ ਮੁਤਾਬਕ, ਇਸ ਸੰਘਰਸ਼ ਵਿੱਚ ਹੁਣ ਤੱਕ 5000 ਤੋਂ ਵੱਧ ਬੰਬ ਸੁੱਟੇ ਗਏ ਹਨ, ਜਦਕਿ 20 ਈਰਾਨੀ ਜੰਗੀ ਜਹਾਜ਼ਾਂ ਨੂੰ ਡੁਬੋ ਦਿੱਤਾ ਗਿਆ ਹੈ। ਇਨ੍ਹਾਂ ਹਮਲਿਆਂ ਵਿੱਚ ਇੱਕ ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਹਨ। ਈਰਾਨ ਨੇ ਵੀ ਪਲਟਵਾਰ ਕਰਦਿਆਂ ਮੱਧ ਪੂਰਬ ਦੇ 9 ਦੇਸ਼ਾਂ ਵਿੱਚ ਬਣੇ ਅਮਰੀਕੀ ਬੇਸਾਂ ‘ਤੇ ਹਮਲਾ ਕੀਤਾ ਹੈ।
ਦੱਸ ਦਈਏ ਕਿ ਫਿਨਲੈਂਡ ਦੇ ਰਾਸ਼ਟਰਪਤੀ ਸਟੱਬ ਨੇ ਭਾਰਤ ਦੀ ਵਿਦੇਸ਼ ਨੀਤੀ ਅਤੇ ਆਰਥਿਕ ਤਰੱਕੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਦੁਨੀਆ ਨੂੰ “ਥੋੜ੍ਹਾ ਹੋਰ ਭਾਰਤੀ” ਬਣਨ ਦੀ ਲੋੜ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਅਤੇ ਸਭ ਤੋਂ ਪ੍ਰਭਾਵਸ਼ਾਲੀ ਦੇਸ਼ਾਂ ਵਿੱਚੋਂ ਇੱਕ ਹੈ। ਯੂਰਪ ਲਈ ਭਾਰਤ ਇੱਕ ਅਹਿਮ ਰਣਨੀਤਕ ਭਾਈਵਾਲ ਬਣ ਚੁੱਕਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

