ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੇ ਕੇਂਦਰ ਸਰਕਾਰ ਦੀ ਨੀਂਦ ਉਡਾ ਦਿੱਤੀ ਹੈ। ਹਾਲਾਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਬੈਠਕ ਕਰ ਕੇ ਸਥਿਤੀ ਦੀ ਸਮੀਖਿਆ ਕਰਨਗੇ। ਇਸ ਬੈਠਕ ‘ਚ ਹੋਣ ਵਾਲੇ ਫ਼ੈਸਲੇ ‘ਤੇ ਸਾਰੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਕੀ ਦੇਸ਼ ਵਿਚ ਇਕ ਵਾਰ ਫਿਰ ਲਾਕਡਾਊਨ ਲਗਾਇਆ ਜਾ ਸਕਦਾ ਹੈ।
ਮਿਲੀ ਜਾਣਕਾਰੀ ਮੁਤਾਬਕ ਵਰਚੁਅਲ ਮੋਡ ‘ਚ ਹੋਣ ਵਾਲੀ ਇਹ ਬੈਠਕ ਦੁਪਹਿਰ 12:30 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਦੋ ਮਹੀਨੇ ਪਹਿਲਾਂ ਸ਼ੁਰੂ ਹੋਏ ਦੇਸ਼ ਦੇ ਟੀਕਾਕਰਨ ਅਭਿਆਨ ਦੀ ਪੜਤਾਲ ਕਰਨਗੇ। ਦੱਸਣਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਖ਼ਿਲਾਫ਼ 16 ਜਨਵਰੀ ਨੂੰ ਟੀਕਾਕਰਨ ਅਭਿਆਨ ਸ਼ੁਰੂ ਹੋਇਆ ਸੀ।