ਯੂਕਰੇਨ ਸੰਕਟ ‘ਤੇ PM ਮੋਦੀ ਦੀ ਉੱਚ ਪੱਧਰੀ ਬੈਠਕ, ਯੂਕਰੇਨ ਦੇ ਗੁਆਂਢੀ ਦੇਸ਼ਾਂ ‘ਚ ਜਾ ਸਕਦੇ ਹਨ ਪੁਰੀ-ਸਿੰਧੀਆ-ਰਿਜਿਜੂ

TeamGlobalPunjab
3 Min Read

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਸੰਕਟ ‘ਤੇ ਉੱਚ ਪੱਧਰੀ ਬੈਠਕ ਬੁਲਾਈ ਹੈ। ਜੇਕਰ ਸਰਕਾਰੀ ਸੂਤਰਾਂ ਦੀ ਮੰਨੀਏ ਤਾਂ ਕੁਝ ਕੇਂਦਰੀ ਮੰਤਰੀ ਭਾਰਤੀਆਂ ਨੂੰ ਕੱਢਣ ਲਈ ਤਾਲਮੇਲ ਕਰਨ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿੱਚ ਜਾ ਸਕਦੇ ਹਨ। ਇਨ੍ਹਾਂ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਜੋਤੀਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ ਅਤੇ ਜਨਰਲ (ਸੇਵਾਮੁਕਤ) ਵੀਕੇ ਸਿੰਘ ਸ਼ਾਮਿਲ ਹਨ। ਨਿਕਾਸੀ ਮਿਸ਼ਨ ਦੌਰਾਨ, ਇਹ ਲੋਕ ਤਾਲਮੇਲ ਅਤੇ ਵਿਦਿਆਰਥੀਆਂ ਦੀ ਮਦਦ ਲਈ ਕੰਮ ਕਰਨਗੇ।

ਰੂਸੀ ਹਮਲੇ ਤੋਂ ਬਾਅਦ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਉੱਚ ਪੱਧਰੀ ਬੈਠਕ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਛੇਤੀ ਵਾਪਸੀ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਪੀਐਮ ਮੋਦੀ ਨੇ ਐਤਵਾਰ ਨੂੰ ਉੱਚ ਪੱਧਰੀ ਮੀਟਿੰਗ ਵੀ ਕੀਤੀ। ਇਸ ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਸੂਤਰਾਂ ਨੇ ਦੱਸਿਆ ਕਿ ਉਕਤ ਮੀਟਿੰਗ ਦੋ ਘੰਟੇ ਤੋਂ ਵੱਧ ਸਮਾਂ ਚੱਲੀ। ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਤੋਂ ਵਾਪਿਸ ਆਉਣ ਤੋਂ ਤੁਰੰਤ ਬਾਅਦ ਮੀਟਿੰਗ ਦੀ ਪ੍ਰਧਾਨਗੀ ਕੀਤੀ। ਦੱਸ ਦਈਏ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੇ ਮੱਦੇਨਜ਼ਰ ਪੈਦਾ ਹੋਈ ਗਲੋਬਲ ਸਥਿਤੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ‘ਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਸੀ ਅਤੇ ਹਿੰਸਾ ਨੂੰ ਰੋਕਣ ਅਤੇ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ।

ਇਸ ਤੋਂ ਬਾਅਦ ਸ਼ਨੀਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਡੀਮੀਰ ਜ਼ੇਲੇਂਸਕੀ ਨੇ ਮੋਦੀ ਨਾਲ ਗੱਲਬਾਤ ਕੀਤੀ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ‘ਚ ਆਪਣੇ ਦੇਸ਼ ਦੇ ਖਿਲਾਫ਼ ਰੂਸ ਦੇ ਫੌਜੀ ਹਮਲੇ ਨੂੰ ਰੋਕਣ ਲਈ ਭਾਰਤ ਤੋਂ ਸਿਆਸੀ ਸਮਰਥਨ ਦੀ ਮੰਗ ਕੀਤੀ। ਇਸ ਦੌਰਾਨ ਭਾਰਤ ਨੇ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਬਹਾਲੀ ਦੀਆਂ ਕੋਸ਼ਿਸ਼ਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਯੋਗਦਾਨ ਪਾਉਣ ਦੀ ਆਪਣੀ ਵਚਨਬੱਧਤਾ ਪ੍ਰਗਟਾਈ। ਮੋਦੀ ਨੇ ਉੱਥੇ ਚੱਲ ਰਹੇ ਸੰਘਰਸ਼ ਕਾਰਨ ਜਾਨ-ਮਾਲ ਦੇ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਸਨੇ ਯੂਕਰੇਨ ਦੇ ਅਧਿਕਾਰੀਆਂ ਨੂੰ ਭਾਰਤੀ ਨਾਗਰਿਕਾਂ ਦੀ ਤੇਜ਼ੀ ਅਤੇ ਸੁਰੱਖਿਅਤ ਨਿਕਾਸੀ ਲਈ ਜ਼ਰੂਰੀ ਕਦਮ ਚੁੱਕਣ ਦੀ ਵੀ ਅਪੀਲ ਕੀਤੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment