ਨਵੀਂ ਦਿੱਲੀ: ਪੀਐਮ ਨਰਿੰਦਰ ਮੋਦੀ 14 ਮਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਯੋਜਨਾ ਦੇ ਤਹਿਤ ਵਿੱਤੀ ਲਾਭ ਦੀ 8ਵੀਂ ਕਿਸ਼ਤ ਜਾਰੀ ਕਰਨਗੇ। ਇਸ ਨਾਲ 9.5 ਕਰੋੜ ਤੋਂ ਵੱਧ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 19,000 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਟਰਾਂਸਫਰ ਕਰਨ ਵਿੱਚ ਮਦਦ ਮਿਲੇਗੀ। ਪ੍ਰਧਾਨ ਮੰਤਰੀ ਇਸ ਦੌਰਾਨ ਕਿਸਾਨ ਲਾਭਾਰਥੀਆਂ ਨਾਲ ਗੱਲਬਾਤ ਵੀ ਕਰਨਗੇ। ਕੇਂਦਰੀ ਖੇਤੀਬਾੜੀ ਮੰਤਰੀ ਵੀ ਇਸ ਅਵਸਰ ‘ਤੇ ਮੌਜੂਦ ਰਹਿਣਗੇ।
ਦੱਸ ਦਈਏ ਪੀਐੱਮ-ਕਿਸਾਨ ਯੋਜਨਾ ਦੇ ਤਹਿਤ ਪਾਤਰ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 6,000 ਰੁਪਏ ਪ੍ਰਤੀ ਵਰ੍ਹੇ ਦਾ ਵਿੱਤੀ ਲਾਭ ਪ੍ਰਦਾਨ ਕੀਤਾ ਜਾਂਦਾ ਹੈ, ਜੋ ਚਾਰ-ਚਾਰ ਮਹੀਨੇ ਦੀ ਮਿਆਦ ਵਿੱਚ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਦਿੱਤਾ ਜਾਂਦਾ ਹੈ। ਪੈਸੇ ਸਿੱਧੇ ਲਾਭਾਰਥੀਆਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾਂਦੇ ਹਨ। ਇਸ ਯੋਜਨਾ ਦੇ ਤਹਿਤ ਹੁਣ ਤੱਕ ਕਿਸਾਨ ਪਰਿਵਾਰਾਂ ਨੂੰ 1.15 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।