ਨਵੀਂ ਦਿੱਲੀ : ਸਿੰਘੂ ਬਾਰਡਰ ‘ਤੇ ਭਖੇ ਹੋਏ ਮਾਹੌਲ ਨੂੰ ਆਖਿਰਕਾਰ ਦਿੱਲੀ ਪੁਲਿਸ ਨੇ ਕੰਟ੍ਰੋਲ ਕਰ ਲਿਆ ਹੈ। ਦੂਜੇ ਪਾਸੇ ਦਿੱਲੀ ਪੁਲਿਸ ਨੇ ਰਾਜਧਾਨੀ ਨਾਲ ਲੱਗਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਹਨ। ਪੁਲਿਸ ਨੇ ਸਰਹੱਦਾਂ ‘ਤੇ ਬੈਰੀਕੇਡ ਲਗਾ ਦਿੱਤੇ ਹਨ ਅਤੇ ਕੰਡਿਆਲੀ ਤਾਰ ਵੀ ਵਿਛਾ ਦਿੱਤੀ ਹੈ।
ਸਿੰਘੂ ਬਾਰਡਰ ‘ਤੇ ਸਥਾਨਕ ਲੋਕਾਂ ਅਤੇ ਕਿਸਾਨਾਂ ਵਿਚਾਲੇ ਝੜਪ ਦੇਖਣ ਨੂੰ ਮਿਲੀ ਸੀ। ਜਿਸ ਤੋਂ ਬਾਅਦ ਭੀੜ ਦਾ ਗੁੱਸਾ ਪੁਲਿਸ ‘ਤੇ ਵੀ ਦੇਖਣ ਨੂੰ ਮਿਲਿਆ। ਸਿੰਘੂ ਬਾਰਡਰ ‘ਤੇ ਕਿਸਾਨ ਖੇਤੀ ਕਾਨੂੰਨ ਖਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸ਼ਾਂਤਮਈ ਢੰਗ ਨਾਲ ਬੈਠੇ ਕਿਸਾਨਾਂ ‘ਤੇ ਸਥਾਨਕ ਲੋਕਾਂ ਨੇ ਹਮਲਾ ਕਰ ਦਿੱਤਾ। ਹਮਲੇ ਵਿੱਚ ਕਈ ਕਿਸਾਨ ਜ਼ਖਮੀ ਵੀ ਹੋ ਗਏ। ਸਥਾਨਕ ਲੋਕਾਂ ਨੇ ਕਿਸਾਨਾਂ ‘ਤੇ ਪੱਥਰਬਾਜ਼ੀ ਸ਼ੁਰੂ ਕੀਤੀ ਅਤੇ ਲਾਠੀਆਂ ਵੀ ਮਾਰੀਆਂ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚੇ ਕੇ ਮਾਹੌਲ ਨੂੰ ਸ਼ਾਂਤ ਕਰਵਾਇਆ।
ਇਸ ਦੌਰਾਨ ਸਥਾਨਕ ਲੋਕਾਂ ਨੇ ਕਿਸਾਨਾਂ ਵੱਲੋਂ ਰਹਿਣ ਲਈ ਕੀਤੇ ਇੰਤਜ਼ਾਮਾਂ ਨੂੰ ਵੀ ਨੁਕਸਾਨ ਪਹੁੰਚਾਇਆ। ਹਿੰਸਕ ਹੋਏ ਲੋਕਾਂ ਵੱਲੋਂ ਪੁਲਿਸ ਵੱਲੋਂ ਮੀਟਿੰਗ ਲਈ ਬਣਾਏ ਟੈਂਟ ਵੀ ਉਖਾੜ ਦਿੱਤੇ ਗਏ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਬੀਜੇਪੀ ਵਰਕਰਾਂ ਨੂੰ ਸਾਡੇ ‘ਤੇ ਹਮਲਾ ਕਰਨ ਲਈ ਭੇਜਿਆ ਸੀ।