ਨਵੀਂ ਦਿੱਲੀ: 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਮੌਕੇ ਕੁੱਝ ਪ੍ਰਦਰਸ਼ਨਕਾਰੀਆਂ ਵੱਲੋਂ ਲਾਲ ਕਿਲ੍ਹੇ ‘ਤੇ ਹਿੰਸਾ ਭੜਕਾਉਣ ਤੇ ਝੰਡਾ ਲਹਿਰਾਉਣ ਦੇ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੇਸ਼ ਧ੍ਰੋਹ ਦੀ ਧਾਰਾ ਜੋੜ ਦਿੱਤੀ ਹੈ। ਇਸ ਤੋਂ ਇਲਾਵਾ UAPA ਐਕਟ ਵੀ ਦਿੱਲੀ ਪੁਲਿਸ ਨੇ ਜੋੜ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਦਿੱਲੀ ਪੁਲਿਸ ਸਪੈਸ਼ਲ ਸੈਲ ਕਰੇਗੀ।
ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਹੋਈ ਹਿੰਸਾ ਸਬੰਧੀ 33 FIR ਦਰਜ ਕੀਤੀਆਂ ਗਈਆਂ ਹਨ। ਇਸ ਹਿੰਸਾ ਦੌਰਾਨ 394 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਸਨ ਅਤੇ ਇੱਕ ਕਿਸਾਨ ਦੀ ਮੌਤ ਹੋਈ ਸੀ। ਇਸ ਤੋਂ ਇਲਾਵਾ ਪੁਲਿਸ ਨੇ ਕਿਸਾਨ ਲੀਡਰਾਂ ਸਣੇ 44 ਲੋਕਾਂ ਖਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਹੈ।
ਲਾਲ ਕਿਲ੍ਹੇ ‘ਚ ਟੁੱਟ ਭੱਜ ਨੂੰ ਲੇ ਕੇ ਕੇਂਦਰੀ ਮੰਤਰੀ ਪ੍ਰਹਲਾਦ ਪਲੇਟ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲਾਲ ਕਿਲ੍ਹੇ ‘ਚ ਮੌਜੂਦ ਇਤਿਹਾਸਿਕ 2 ਕਲਸ਼ ਵੀ ਚੋਰੀ ਹੋ ਗਏ ਹਨ। ਦੂਜੇ ਪਾਸੇ ਦਿੱਲੀ ਪੁਲਿਸ ਨੇ ਲਾਲ ਕਿਲ੍ਹੇ ਨੂੰ ਆਮ ਲੋਕਾਂ ਦੇ ਲਈ 31 ਜਨਵਰੀ ਤੱਕ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਦਿੱਲੀ ਪੁਲਿਸ ਨੇ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਇੱਕ ਦਿਨ ਪਹਿਲਾਂ ਵੀ ਦਿੱਲੀ ਪੁਲਿਸ ਦੇ ਕਮੀਸ਼ਨਰ ਐਸਐਨ ਸ੍ਰੀਵਾਸਤਵ ਨੇ ਕਿਹਾ ਸੀ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।