ਆਕਾਸ਼ਵਾਣੀ ਭਵਨ ਅੱਗੇ ਧਰਨੇ ’ਤੇ ਬੈਠੇ ਕਾਂਗਰਸ ਆਗੂਆਂ ਨੂੰ ਪੁਲਿਸ ਨੇ ਹਟਾਇਆ

Global Team
4 Min Read

 ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਹਟਾ ਦਿੱਤਾ ਹੈ, ਜੋ ਆਕਾਸ਼ਵਾਣੀ ਭਵਨ ਕੰਪਲੈਕਸ ਵਿੱਚ ਧਰਨਾ ਦੇ ਰਹੇ ਸਨ। ਇਸ ਤੋਂ ਪਹਿਲਾਂ, ਸੰਸਦ ਮਾਰਗ ਤੋਂ ਚੋਣ ਕਮਿਸ਼ਨ ਦੇ ਮੁੱਖ ਦਫਤਰ ਤੱਕ ਮਾਰਚ ਦੌਰਾਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਸੀ। ਫਿਰ ਉਨ੍ਹਾਂ ਨੇ ਆਕਾਸ਼ਵਾਣੀ ਭਵਨ ਦੇ ਨੇੜੇ ਧਰਨਾ ਦਿੱਤਾ।

ਇਸ ਮਾਰਚ ਦੌਰਾਨ ਕਈ ਥਾਵਾਂ ਤੇ ਪੁਲਿਸ ਅਤੇ ਪ੍ਰਦਰਸ਼ਨਕਾਰੀ ਸੰਸਦਾਂ ਵਿਚਾਲੇ ਤਿੱਖੀ ਧੱਕਾ-ਮੁੱਕੀ ਦੇਖਣ ਨੂੰ ਮਿਲੀ। ਪੁਲਿਸ ਨੇ ਸਖ਼ਤ ਘੇਰਾਬੰਦੀ ਕਰਕੇ ਵਿਰੋਧੀ ਆਗੂਆਂ ਨੂੰ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਜਾਣ ਤੋਂ ਰੋਕ ਦਿੱਤਾ ਅਤੇ ਕਈ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਵੱਖ-ਵੱਖ ਥਾਣਿਆਂ ਵਿੱਚ ਭੇਜ ਦਿੱਤਾ। ਦੂਜੇ ਪਾਸੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਆਕਾਸ਼ਵਾਣੀ ਕੰਪਲੈਕਸ ਦੇ ਅੰਦਰ ਹੀ ਰੋਕ ਦਿੱਤਾ ਗਿਆ, ਜਿੱਥੇ ਉਹ ਕਾਫ਼ੀ ਸਮਾਂ ਧਰਨੇ ਤੇ ਬੈਠੇ ਰਹੇ। ਬਾਅਦ ਵਿੱਚ ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਨੂੰ ਹਿਰਾਸਤ ਵਿੱਚ ਲੈ ਕੇ ਆਕਾਸ਼ਵਾਣੀ ਕੰਪਲੈਕਸ ਵਿੱਚੋਂ ਬਾਹਰ ਕੱਢ ਲਿਆ।

ਕਾਂਗਰਸ ਪਾਰਟੀ ਦੇ ਸੂਤਰਾਂ ਅਨੁਸਾਰ, ਦੋਵਾਂ ਚੋਣ ਕਮਿਸ਼ਨਰਾਂ ਸਮੇਤ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਦਾ ਸਮਾਂ ਤੈਅ ਕਰਨ ਲਈ ਇੱਕ ਰਸਮੀ ਪੱਤਰ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਜੇਕਰ ਚੋਣ ਕਮਿਸ਼ਨ ਵੱਲੋਂ ਕੋਈ ਸੀਨੀਅਰ ਅਧਿਕਾਰੀ ਆ ਕੇ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਮੀਟਿੰਗ ਦਾ ਲਿਖਤੀ ਜਾਂ ਪੁਖ਼ਤਾ ਭਰੋਸਾ ਦਿੰਦਾ ਹੈ, ਤਾਂ ਰਾਹੁਲ ਗਾਂਧੀ ਅੱਜ ਦਾ ਧਰਨਾ ਸਮਾਪਤ ਕਰ ਸਕਦੇ ਹਨ। ਹਾਲਾਂਕਿ, ਰਾਹੁਲ ਗਾਂਧੀ ਆਪਣੀ ਇਸ ਸ਼ਰਤ ਤੇ ਕਾਇਮ ਰਹੇ ਕਿ ਮੁਲਾਕਾਤ ਦੌਰਾਨ ਸਾਰੇ ਤਿੰਨ ਸੌ ਸਾਂਸਦ ਮੌਜੂਦ ਰਹਿਣਗੇ। ਪ੍ਰਦਰਸ਼ਨ ਦੌਰਾਨ ਇੱਕ ਸੀਨੀਅਰ ਪੁਲਿਸ ਅਧਿਕਾਰੀ ਲਗਾਤਾਰ ਪ੍ਰਿਯੰਕਾ ਗਾਂਧੀ ਨਾਲ ਗੱਲਬਾਤ ਕਰ ਰਹੇ ਸਨ, ਜਦਕਿ ਪ੍ਰਿਯੰਕਾ ਰਾਹੁਲ ਗਾਂਧੀ ਨਾਲ ਵਿਚਾਰ-ਵਟਾਂਦਰਾ ਕਰਕੇ ਪ੍ਰਸ਼ਾਸਨ ਨੂੰ ਜਵਾਬ ਦੇ ਰਹੀ ਸੀ।


ਦੂਜੇ ਪਾਸੇ, ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਵਿਰੋਧੀ ਸਾਂਸਦਾਂ ਦੇ ਇਸ ਵਿਰੋਧ ਮਾਰਚ ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ, ਰਾਹੁਲ ਗਾਂਧੀ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਆਏ ਦਿਨ ਚੋਣ ਕਮਿਸ਼ਨ ਅਤੇ ਸੁਪਰੀਮ ਕੋਰਟ ਵਰਗੀਆਂ ਸੰਵਿਧਾਨਕ ਸੰਸਥਾਵਾਂ ਤੇ ਨਿਸ਼ਾਨਾ ਸਾਧਣ ਦਾ ਸਿਲਸਿਲਾ ਹੁਣ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਾਲ 2014 ਤੋਂ ਇਹ ਸਿਆਸੀ ਡਰਾਮਾ ਲਗਾਤਾਰ ਜਾਰੀ ਹੈ।

ਰਿਜਿਜੂ ਨੇ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਦੀ ਸੇਵਾ ਕਰਨ ਨਾਲ ਹੀ ਜਨਾਦੇਸ਼ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਆਪਣੀ ਹਾਰ ਦਾ ਠੀਕਰਾ ਚੋਣ ਕਮਿਸ਼ਨ ਸਿਰ ਭੰਨ ਰਹੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਜਦੋਂ ਸੁਪਰੀਮ ਕੋਰਟ ਮੁਆਫ਼ੀ ਮੰਗਣ ਲਈ ਕਹਿੰਦਾ ਹੈ ਤਾਂ ਇਹ ਅਦਾਲਤਾਂ ‘ਤੇ ਵੀ ਭਰੋਸਾ ਨਾ ਹੋਣ ਦੇ ਦੋਸ਼ ਲਗਾਉਂਦੇ ਹਨ। ਉਨ੍ਹਾਂ ਰਾਹੁਲ ਗਾਂਧੀ ਨੂੰ ਸਲਾਹ ਦਿੱਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਵਰਕਰਾਂ ਤੋਂ ਲੋਕ ਸੇਵਾ ਦਾ ਸਬਕ ਸਿੱਖਣ, ਜੋ ਬਿਨਾਂ ਕਿਸੇ ਸਵਾਰਥ ਦੇ ਦੇਸ਼ ਹਿੱਤ ਵਿੱਚ ਕੰਮ ਕਰ ਰਹੇ ਹਨ। ਕੇਂਦਰੀ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਕਾਂਗਰਸ ਨੇ 55 ਸਾਲ ਦੇਸ਼ ਤੇ ਰਾਜ ਕੀਤਾ ਅਤੇ ਉਸ ਦੌਰਾਨ 2 ਸਾਲ ਐਮਰਜੈਂਸੀ ਲਗਾ ਕੇ ਸੰਵਿਧਾਨ ਨੂੰ ਕੁਚਲਣ ਦਾ ਕੰਮ ਕੀਤਾ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment