ਅਮਰੀਕਾ : ਡਿਊਟੀ ਦੌਰਾਨ ਸ਼ਹੀਦ ਹੋਏ ਮਰਹੂਮ ਸਿੱਖ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਨਾਮ ‘ਤੇ ਹੋਵੇਗਾ ਡਾਕਘਰ, ਅਮਰੀਕੀ ਸੰਸਦ ਕਰੇਗੀ ਸਨਮਾਨਿਤ

TeamGlobalPunjab
2 Min Read

ਵਾਸ਼ਿੰਗਟਨ : ਅਮਰੀਕਾ ਦੇ ਹਿਊਸਟਨ ਦੇ ਡਾਕਘਰ ਦਾ ਨਾਮ ਭਾਰਤੀ ਮੂਲ ਦੇ ਮਰਹੂਮ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਮ ਤੇ ਰੱਖਿਆ ਜਾਵੇਗਾ। ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਨੇ ਇਸ ਨਾਲ ਜੁੜੇ ਬਿਲ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ। ‘ਡਿਪਟੀ ਸੰਦੀਪ ਸਿੰਘ ਧਾਲੀਵਾਲ ਪੋਸਟ ਆਫਿਸ ਐਕਟ’ ਸੈਨੇਟ ਤੋਂ ਪਾਸ ਹੋਣ ਪਿੱਛੋਂ ਦਸਤਖ਼ਤ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੋਲ ਜਾਏਗਾ।

ਹੈਰੀਸ ਕਾਉਂਟੀ ਸ਼ੈਰਿਫ ਦੇ ਦਫਤਰ ਵਿਚ ਕੰਮ ਕਰਨ ਵਾਲਾ ਪਹਿਲੇ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ 27 ਸਤੰਬਰ, 2019 ਨੂੰ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅਕਤੂਬਰ 2019 ਵਿਚ ਮਹਿਲਾ ਐੱਮਪੀ ਲਿਜੀ ਫਲੈਚਰ ਦੀ ਅਗਵਾਈ ਵਿਚ ਦੋਵਾਂ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਟੈਕਸਾਸ ਦੇ ਪ੍ਰਤੀਨਿਧੀਆਂ ਨੇ ਉਨ੍ਹਾਂ ਦੇ ਸਨਮਾਨ ਵਿਚ ਇਕ ਬਿੱਲ ਪੇਸ਼ ਕੀਤਾ। ਫਲੈਚਰ ਨੇ ਕਿਹਾ ਕਿ ਧਾਲੀਵਾਲ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਮੈਂ ਇਸ ਬਿੱਲ ਨੂੰ ਪਾਸ ਕਰਵਾਉਣ ਵਿਚ ਯੋਗਦਾਨ ਦੇਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦੀ ਹਾਂ।

ਜੇਕਰ ਰਾਸ਼ਟਰਪਤੀ ਟਰੰਪ ਇਸ ਬਿੱਲ ‘ਤੇ ਦਸਤਖ਼ਤ ਕਰ ਕੇ ਇਸ ਨੂੰ ਕਾਨੂੰਨ ਦਾ ਰੂਪ ਦੇ ਦਿੰਦੇ ਹਨ ਤਾਂ ਇਹ ਕਿਸੇ ਵੀ ਭਾਰਤੀ ਮੂਲ ਦੇ ਅਮਰੀਕੀ ਦੇ ਨਾਂ ‘ਤੇ ਦੂਜਾ ਡਾਕਖਾਨਾ ਹੋਵੇਗਾ। ਇਸ ਤੋਂ ਪਹਿਲੇ ਸਾਲ 2006 ਵਿਚ ਦੱਖਣੀ ਕੈਲੀਫੋਰਨੀਆ ਵਿਚ ਭਾਰਤੀ ਮੂਲ ਦੇ ਅਮਰੀਕੀ ਐੱਮਪੀ ਦਲੀਪ ਸਿੰਘ ਦੇ ਨਾਂ ‘ਤੇ ਇਕ ਡਾਕਖਾਨੇ ਦਾ ਨਾਂ ਰੱਖਿਆ ਗਿਆ ਸੀ।

Share this Article
Leave a comment