ਕੁਰਸੀ ਲਈ ਆਪਸੀ ਲੜਾਈ ‘ਚ ਉਲਝੀ ਕਾਂਗਰਸ ਨੇ ਪੰਜਾਬ ਅਤੇ ਲੋਕਾਂ ਨੂੰ ਵਿਸਾਰਿਆ : ਹਰਪਾਲ ਚੀਮਾ

TeamGlobalPunjab
4 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਤੇ ਸਵਾਲ ਚੁੱਕੇ ਹਨ। ਸਨੀਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਕੁਰਸੀ ਲਈ ਆਪਸੀ ਲੜਾਈ ‘ਚ ਉਲਝੇ ਹੋਏ ਹਨ ਅਤੇ ਉਨ੍ਹਾਂ ਨੇ ਪੰਜਾਬ ਤੇ ਲੋਕਾਂ ਨੂੰ ਵਿਸਾਰ ਦਿੱਤਾ ਹੈ। ਚੀਮਾ ਨੇ ਕਿਹਾ ਕਿ ਭਾਵੇਂ ਇਹ ਕਾਂਗਰਸ ਪਾਰਟੀ ਦਾ ਅੰਦਰੂਨੀ ਮਾਮਲਾ ਹੈ, ਪਰ ਇਸ ਕਾਟੋ ਕਲੇਸ ਦਾ ਪੰਜਾਬ ਦੇ ਹਰੇਕ ਵਰਗ ‘ਤੇ ਅਸਿੱਧੇ ਤੌਰ ‘ਤੇ ਬੁਰਾ ਅਸਰ ਪੈ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਕਾਂਗਰਸੀ ਆਗੂ ਆਪਣੀਆਂ ਕੁਰਸੀਆਂ ਬਚਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੂੰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਦੁੱਖ ਤਕਲੀਫਾਂ ਦੀ ਕੋਈ ਚਿੰਤਾ ਨਹੀਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸਨ, ਉਹ ਵਾਅਦੇ ਪੂਰੇ ਕਰਨ ‘ਚ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਰਹੀ ਹੈ। ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਫੇਲ ਮੁੱਖ ਮੰਤਰੀ ਵਜੋਂ ਸਵੀਕਾਰ ਕੀਤਾ ਹੈ ਅਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 2022 ਦੀਆਂ ਵਿਧਾਨ ਸਭਾ ਚੋਣਾ ਵਿੱਚ ਮੁੱਖ ਮੰਤਰੀ ਦਾ ਚਿਹਰਾ ਨਹੀਂ ਹਨ। ਉਨ੍ਹਾਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਸੂਬਾਈ ਪ੍ਰਧਾਨਾਂ ਪ੍ਰਤਾਪ ਸਿੰਘ ਬਾਜਵਾ, ਸਮਸੇਰ ਸਿੰਘ ਦੂਲੋਂ ਸਮੇਤ ਕਈ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਮਾੜੀ ਕਾਰਗੁਜਾਰੀ ਦੀ ਅਲੋਚਨਾ ਕੀਤੀ ਹੈ ਅਤੇ ਕਿਹਾ ਕਿ ਕੈਪਟਨ ਦੀ ਅਗਵਾਈ ‘ਚ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ।

ਚੀਮਾ ਨੇ ਕਿਹਾ ਜਾਖੜ ਦੀਆਂ ਗੱਲਾਂ ਤੋਂ ਇੰਝ ਜਾਪਦਾ ਹੈ ਕਿ ਕੈਪਟਨ ਖਲਿਾਫ ਪੈਦਾ ਹੋਏ ਰੋਸ ਤੋਂ ਡਰਦਿਆਂ ਕਾਂਗਰਸ ਪਾਰਟੀ ਅਗਲੀਆਂ ਚੋਣਾ ਵਿੱਚ ਮੁੱਖ ਮੰਤਰੀ ਦੇ ਚਿਹਰੇ ਤੋਂ ਬਿਨਾਂ ਹੀ ਉਤਰਣ ਦੇ ਪੈਂਤਰੇ ‘ਚ ਹੈ, ਪ੍ਰੰਤੂ ਪੰਜਾਬ ਦੇ ਲੋਕਾਂ ਨੂੰ ਵਾਰ ਵਾਰ ਬੇਵਕੂਫ ਨਹੀਂ ਬਣਾਇਆ ਜਾ ਸਕਦਾ। ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਸਬਦੀ ਹਮਲਾ ਕਰਦਿਆਂ ਕਿਹਾ ਕਿ ਕੈਪਟਨ ਨੇ ਸਾਲ 2017 ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਕੇ ਲੋਕਾਂ ਨੂੰ ਧੋਖਾ ਦਿੱਤਾ ਹੈ। ਨਤੀਜੇ ਵਜੋਂ ਸੂਬੇ ਦਾ ਹਰ ਵਰਗ ਸਰਕਾਰ ਵਿਰੁੱਧ ਸੜਕਾਂ ‘ਤੇ ਉਤਰਿਆ ਹੋਹਿਆ ਹੈ। ਪੰਜਾਬ ਦੇ ਨੌਜਵਾਨ ਅੱਜ ਵੀ ਕੈਪਟਨ ਦੀਆਂ 20 ਲੱਖ ਨੌਕਰੀਆਂ ਅਤੇ ਕਿਸਾਨ ਕਰਜਾ ਮੁਆਫੀ ਦਾ ਇੰਤਜਾਰ ਕਰ ਰਹੇ ਹਨ। ਆਪ ਆਗੂ ਨੇ ਕਿਹਾ ਕੈਪਟਨ ਦੀ ਕਾਂਗਰਸ ਸਰਕਾਰ ਦੇ ਹਰ ਖੇਤਰ ਵਿੱਚ ਫੇਲ ਹੋਣ ਕਾਰਨ ਪੰਜਾਬ ਵਿੱਚ ਅਣ ਐਲਾਨੀ ਐਮਰਜੈਂਸੀ ਲੱਗੀ ਹੋਈ ਹੈ। ਸੂਬੇ ਦੇ ਲੋਕ ਕੋਵਿਡ ਮਹਾਂਮਾਰੀ ਦੌਰਾਨ ਬਹੁਤ ਹੀ ਮੁਸਕਲ ਸਮੇਂ ਵਿਚੋਂ ਲੰਘ ਰਹੇ ਹਨ। ਲੋਕ ਆਪਣੀਆਂ ਮੰਗਾਂ ਨੂੰ ਲੈ ਕੇ ਥਾਂ ਥਾਂ ਧਰਨੇ ਪ੍ਰਦਰਸਨ ਕਰ ਰਹੇ ਹਨ, ਪਰ ਕੈਪਟਨ ਸਰਕਾਰ ਸਭ ਨੂੰ ਨਜਰਅੰਦਾਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਉਮੀਦਾਂ ਨਾਲ ਖੇਡ ਰਹੀ ਹੈ, ਪਰ ਸੂਬੇ ਦੇ ਲੋਕ ਕੈਪਟਨ ਤੋਂ ਝੂਠੇ ਵਾਅਦੇ ਕਰਨ ਦਾ ਹਿਸਾਬ ਆਉਂਦੀਆਂ ਵਿਧਾਨ ਸਭਾ ਚੋਣਾ ਵਿੱਚ ਜਰੂਰ ਲੈਣਗੇ।

Share This Article
Leave a Comment