ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਬੇਅਦਬੀ ਕਰਨ ਦੇ ਘਿਨੌਣੇ ਯਤਨਾਂ ਨੂੰ ਬਹੁਤ ਹੀ ਹੈਰਾਨੀਜਨਕ, ਪੀੜਾ ਭਰਿਆ ਤੇ ਅਤਿਅੰਤ ਦੁਖਦਾਈ ਕਰਾਰ ਦਿੱਤਾ।
ਬਾਦਲ ਨੇ ਕਿਹਾ ਕਿ ਇਸ ਅਪਰਾਧ ਦੀ ਜਿੰਨੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ ਤੇ ਇਸਨੇ ਦੁਨੀਆਂ ਭਰ ਵਿਚ ਸਿੱਖਾਂ ਦੇ ਮਨਾਂ ਵਿਚ ਡੂੰਘਾ ਦੁੱਖ ਤੇ ਰੋਹ ਪੈਦਾ ਕੀਤਾ ਹੈ।
ਬਾਦਲ ਨੇ ਕਿਹਾ ਕਿ ਇਹ ਵਿਸ਼ਵਾਸਯੋਗ ਗੱਲ ਨਹੀਂ ਹੈ ਕਿ ਅਜਿਹਾ ਪੀੜਾਦਾਇਕ ਤੇ ਘਿਨੌਣਾ ਅਪਰਾਧ ਮਨੁੱਖਤਾ ਦੇ ਸਭ ਤੋਂ ਪਵਿੱਤਰ ਅਸਥਾਨ ’ਤੇ ਇਕ ਵਿਅਕਤੀ ਵੱਲੋਂ ਕੀਤਾ ਗਿਆ ਹੋਵੇ। ਉਹਨਾਂ ਕਿਹਾ ਕਿ ਇਸ ਪਿੱਛੇ ਡੂੰਘੀ ਸਾਜ਼ਿਸ਼ ਹੋਣ ਦੀ ਸੰਭਾਵਨਾ ਰੱਦ ਨਹੀਂ ਕੀਤੀ ਜਾ ਸਕਦੀ।
ਉਹਨਾਂ ਕਿਹਾ ਕਿ ਸਾਰੀ ਸਾਜ਼ਿਸ਼ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਜੋ ਪਿੱਛੇ ਹਨ ਉਹਨਾਂ ਨੂੰ ਬੇਨਕਾਬ ਕਰ ਕੇ ਮਿਸਾਲੀ ਸਜ਼ਾ ਦੇਣੀ ਚਾਹੀਦੀ ਹੈ।