ਨਵੀ ਦਿੱਲੀ : ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੇ ਕੇਂਦਰੀ ਸਿੱਖਿਆ ਮੰਤਰੀ ਦੇ ਰੂਪ ਵਿੱਚ ਕਾਰਜਭਾਰ ਸੰਭਾਲ ਲਿਆ ਹੈ। ਐਤਵਾਰ ਨੂੰ ਉਨ੍ਹਾਂ ਨੇ ਮੰਤਰਾਲੇ ਦਾ ਕਾਰਜਭਾਰ ਸੰਭਾਲਿਆ ਅਤੇ ਸਿੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਬੈਠਕ ਵੀ ਕੀਤੀ।
ਜੋਸ਼ੀ ਨੂੰ ਇਹ ਜ਼ਿੰਮੇਵਾਰੀ ਅਜਿਹੇ ਸਮੇਂ ਸੌਂਪੀ ਗਈ ਹੈ, ਜਦੋਂ ਦੇਸ਼ ਵਿੱਚ ਸਿੱਖਿਆ ਪ੍ਰਣਾਲੀ, ਪ੍ਰਤੀਯੋਗੀ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਅਤੇ ਰਾਸ਼ਟਰੀ ਸਿੱਖਿਆ ਨੀਤੀ ਦੇ ਪ੍ਰਭਾਵਸ਼ਾਲੀ ਅਮਲ ਵਰਗੇ ਮੁੱਦਿਆਂ ‘ਤੇ ਵਿਆਪਕ ਚਰਚਾ ਚੱਲ ਰਹੀ ਹੈ।
ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ‘ਤੇ ਪੋਸਟ ਕਰਦਿਆਂ ਪ੍ਰਹਲਾਦ ਜੋਸ਼ੀ ਨੇ ਕਿਹਾ, ‘ਅੱਜ ਮੈਂ ਕੇਂਦਰੀ ਸਿੱਖਿਆ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਮੇਰੇ ‘ਤੇ ਭਰੋਸਾ ਜਤਾਉਣ ਅਤੇ ਮੈਨੂੰ ਇਹ ਜ਼ਿੰਮੇਵਾਰੀ ਸੌਂਪਣ ਲਈ ਮੈਂ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦੀ ਹਾਂ। ਮੈਂ ਇਸਨੂੰ ਨਿਮਰਤਾ ਅਤੇ ਕਰਤੱਵ-ਭਾਵਨਾ ਨਾਲ ਸਵੀਕਾਰ ਕਰਦਾ ਹਾਂ।’
ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਵੱਲੋਂ ਸਾਬਕਾ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਪ੍ਰਹਲਾਦ ਜੋਸ਼ੀ ਨੂੰ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਕਾਰਜਭਾਰ ਸੰਭਾਲਣ ਤੋਂ ਤੁਰੰਤ ਬਾਅਦ ਪ੍ਰਹਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦੇ ਕੰਮਕਾਜ ਨਾਲ ਜੁੜੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
ਦਰਅਸਲ, ਸਿੱਖਿਆ ਮੰਤਰਾਲਾ ਦੇਸ਼ ਦੇ ਭਵਿੱਖ ਨਾਲ ਜੁੜਿਆ ਅਤਿ ਮਹੱਤਵਪੂਰਨ ਮੰਤਰਾਲਾ ਹੈ। ਨਵੇਂ ਸਿੱਖਿਆ ਮੰਤਰੀ ਲਈ ਰਾਸ਼ਟਰੀ ਸਿੱਖਿਆ ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਉੱਚ ਸਿੱਖਿਆ, ਸਕੂਲੀ ਸਿੱਖਿਆ, ਹੁਨਰ ਵਿਕਾਸ ਅਤੇ ਖੋਜ ਨੂੰ ਵੀ ਨਵੀਂ ਗਤੀ ਦੇਣਾ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਪ੍ਰਹਲਾਦ ਜੋਸ਼ੀ ਕੇਂਦਰ ਸਰਕਾਰ ਦੇ ਸੀਨੀਅਰ ਮੰਤਰੀਆਂ ਵਿੱਚ ਗਿਣੇ ਜਾਂਦੇ ਹਨ। ਉਹ ਵਰਤਮਾਨ ਵਿੱਚ ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਅਤੇ ਨਵੀਂ ਅਤੇ ਨਵੀਨੀਕਰਨ ਯੋਗ ਊਰਜਾ ਮੰਤਰਾਲੇ ਦੀ ਜ਼ਿੰਮੇਵਾਰੀ ਪਹਿਲਾਂ ਤੋਂ ਹੀ ਸੰਭਾਲ ਰਹੇ ਹਨ। ਇਸ ਤੋਂ ਪਹਿਲਾਂ ਉਹ ਸੰਸਦੀ ਮਾਮਲਿਆਂ ਦੇ ਮੰਤਰੀ, ਕੋਲਾ ਮੰਤਰੀ ਅਤੇ ਖਾਣਾਂ ਦੇ ਮੰਤਰੀ ਵਰਗੇ ਮਹੱਤਵਪੂਰਨ ਵਿਭਾਗਾਂ ਦਾ ਕਾਰਜਭਾਰ ਸੰਭਾਲ ਚੁੱਕੇ ਹਨ। ਰਾਸ਼ਟਰੀ ਯੋਗਤਾ ਅਤੇ ਪ੍ਰਵੇਸ਼ ਪ੍ਰੀਖਿਆ (NEET) ਦੇ ਪ੍ਰਸ਼ਨ ਪੱਤਰ ਲੀਕ ਹੋਣ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਰੋਸ-ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਪ੍ਰਦਰਸ਼ਨਾਂ ਦੇ ਚੱਲਦਿਆਂ, ਧਰਮੇਂਦਰ ਪ੍ਰਧਾਨ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਜਿਸ ਤੋਂ ਬਾਅਦ ਪ੍ਰਹਲਾਦ ਜੋਸ਼ੀ ਨੂੰ ਜਿੰਮੇਵਾਰੀ ਸੌਪੀ ਗਈ।

