ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ‘ਚ ਸਾਰੀਆਂ ਸਿਆਸੀ ਪਾਰਟੀਆਂ ਜੁੱਟ ਗਈਆਂ ਹਨ। ਜਿਸ ਤਹਿਤ ਹੁਣ ਕਾਂਗਰਸ ਪਾਰਟੀ ਨੇ ਵੀ ਕਮਰ ਕਸ ਲਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਅਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੇ ਕਾਂਗਰਸੀ ਵਿਧਾਇਕਾਂ ਨਾਲ ਮੁਲਾਕਾਤ ਕੀਤੀ।
ਮੀਟਿੰਗ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਈ ਜੋ ਦੁਪਹਿਰ ਤੱਕ ਚੱਲੀ। ਬੈਠਕ ਖ਼ਤਮ ਹੋਣ ਤੋਂ ਬਾਅਦ ਵਿਧਾਇਕਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੇ ਉਹਨਾਂ ਤੋਂ ਜ਼ਮੀਨੀ ਪੱਧਰ ਦੀ ਰਿਪੋਰਟ ਮੰਗੀ। ਕਾਦੀਆਂ ਤੋਂ ਕਾਂਗਰਸ ਦੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਮੀਟਿੰਗ ਵਿੱਚ ਵਿਧਾਇਕਾਂ ਨੇ ਕਾਂਗਰਸ ਪਾਰਟੀ ਵੱਲੋਂ ਕੀਤੇ ਚੋਣ ਵਾਅਦਿਆਂ ਦਾ ਵੀ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਬੈਠਕ ਵਿੱਚ ਇਹ ਵੀ ਵਿਚਾਰ ਚਰਚਾ ਕੀਤੀ ਗਈ ਕਿ ਅਗਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਕਿਵੇਂ ਜਿੱਤ ਹਾਸਲ ਕਰੇਗੀ, ਇਸ ਸਬੰਧੀ ਰਣਨੀਤੀ ਵੀ ਤਿਆਰ ਕੀਤੀ ਗਈ।
ਸਾਰੇ ਵਿਧਾਇਕਾਂ ਨੇ ਆਪੋ ਆਪਣੇ ਹਲਕੇ ਦੀਆਂ ਮੁਸ਼ਕਲਾਂ ਅਤੇ ਕੀਤੇ ਹੋਏ ਕੰਮਾਂ ਬਾਰੇ ਮੁੱਖ ਸਲਾਹਕਾਰ ਅਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਜਾਣਕਾਰੀ ਸਾਂਝੀ ਕੀਤੀ।