ਚੰਡੀਗੜ੍ਹ : ਪੰਜਾਬ ਦੀ ਸੱਤਾਧਾਰੀ ਕੈਪਟਨ ਸਰਕਾਰ ਆਏ ਦਿਨ ਵਿਰੋਧੀਆਂ ਦੇ ਨਿਸ਼ਾਨੇ ਤੇ ਰਹਿੰਦੀ ਹੈ । ਆਏ ਦਿਨ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਆਗੂ ਜਾਂ ਫਿਰ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵੱਡੇ ਪੱਧਰ ਤੇ ਕਾਂਗਰਸ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾਂਦੇ ਹਨ। ਜਿਸ ਦੇ ਚਲਦਿਆਂ ਅੱਜ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਵੀ ਕਾਂਗਰਸ ਸਰਕਾਰ ਤੇ ਗੰਭੀਰ ਦੋਸ਼ ਲਾਏ ਗਏ ਹਨ । ਚੰਦੂਮਾਜਰਾ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਫੇਲ ਸਾਬਤ ਹੋਈ ਹੈ ਅਤੇ ਉਨ੍ਹਾਂ ਵੱਲੋਂ ਜਿਹੜੇ ਵਾਅਦੇ ਕੀਤੇ ਗਏ ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ ਹਾਸਲ ਕਰਨ ਲਈ ਜਿਹੜੇ ਝੂਠ ਬੋਲੇ ਉਹ ਲੋਕਾਂ ਨੂੰ ਪਤਾ ਚੱਲ ਗਏ ਹਨ ਅਤੇ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ । ਚੰਦੂਮਾਜਰਾ ਨੇ ਬੋਲਦੇ ਇਸ ਮੌਕੇ ਪ੍ਰਸ਼ਾਂਤ ਕਿਸ਼ੋਰ ਨੂੰ ਲੈ ਕੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਸ ਵਿਅਕਤੀ ਨੂੰ ਆਪਣਾ ਸਲਾਹਕਾਰ ਲਗਾਇਆ ਗਿਆ ਹੈ ਜੋ ਝੂਠ ਮਾਰਨ ਦਾ ਕਲਾਬਾਜ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਚੰਗੀ ਤਰ੍ਹਾਂ ਜਾਣਦੇ ਹਨ ਕਿ ਜਿਸ ਵਿਅਕਤੀ ਨੇ ਗੰਡਾ ਦਿੱਤੀਆਂ ਹਨ ਓਹੀ ਗੰਡਾਂ ਖੋਲ੍ਹ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਸਲਾਹਕਾਰ ਬਣਾ ਕੇ ਜੋ ਰਿਪੋਰਟ ਕਾਰਡ ਪੇਸ਼ ਕੀਤਾ ਹੈ ਉਹ ਲੋਕਾਂ ਦੇ ਹਜ਼ਮ ਨਹੀਂ ਆ ਸਕਦਾ ।