ਬੀਤੇ ਦਿਨੀਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਭਾਰਤ ‘ਚ ਹੀ ਨਹੀਂ ਬਲਕਿ ਪੂਰੀ ਦੁਨੀਆ ‘ਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਪਾਰਟੀਆਂ ਤੇ ਸੰਸਥਾਵਾਂ ਵੱਲੋਂ ਵੱਖ-ਵੱਖ ਸਟੇਜ਼ਾਂ ਲਗਾਈਆਂ ਗਈਆਂ।
ਸੁਲਤਾਨਪੁਰ ਲੋਧੀ ‘ਚ ਹੋਏ ਸਮਾਗਮ ਦੌਰਾਨ ਜਦੋਂ ਪ੍ਰਕਾਸ਼ ਸਿੰਘ ਬਾਦਲ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਸ ਸਮੇਂ ਉਹ ਸ੍ਰੀ ਅਕਾਲ ਤਖਤ ਦੇ ਮੌਜੂਦਾ ਜੱਥੇਦਾਰ ਦਾ ਨਾਅ ਭੁਲ ਗਏ। ਉਨ੍ਹਾਂ ਕਿਹਾ ਕਿ ਅੱਜ ਅਸੀਂ ਪਹਿਲੇ ਪਾਤਸ਼ਾਹ ਦਾ ਗੁਰਪੁਰਬ ਬੜੀ ਖੁਸ਼ੀ ਨਾਲ ਮਨਾ ਰਹੇ ਹਾਂ, ਨਾਲ ਹੀ ਉਨ੍ਹਾਂ ਕਿਹਾ ਕਿ ਕਰਤਾਰਪੁਰ ਕਾਰੀਡੋਰ ਖੁਲ੍ਹਣ ਨਾਲ ਸਾਡੀ ਖੁਸ਼ੀ ‘ਚ ਹੋਰ ਵਾਧਾ ਹੋ ਗਿਆ ਹੈ। ਇਸ ਲਈ ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੇ ਪਾਕਿਸਤਾਨ ਸਰਕਾਰ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਕਰਤਾਰਪੁਰ ਕਾਰੀਡੋਰ ਪੂਰੀ ਦੁਨੀਆ ਦਾ ਸਭ ਤੋਂ ਵੱਡਾ ਧਾਰਮਿਕ ਟੂਰੀਜ਼ਮ ਸੈਂਟਰ ਬਣੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਤੇ ਉਨ੍ਹਾਂ ਦੀ ਧਰਮ ਪਤਨੀ ਦਾ ਸਮਾਗਮ ‘ਚ ਪਹੁੰਚਣ ‘ਤੇ ਅਤਿ ਧੰਨਵਾਦ ਕੀਤਾ।
ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਸਤਾਰ ਸਜਾਈ ਜਿਸ ਨਾਲ ਸਿੱਖ ਕੌਮ ਦਾ ਦਰਜਾ ਪੂਰੀ ਦੁਨੀਆ ‘ਚ ਹੋਰ ਵੀ ਉੱਚਾ ਹੋ ਗਿਆ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ‘ਚ ਵੀ ਦਸਤਾਰ ਸਜਾਈ ਗਈ ਸੀ।
ਇਸ ਮੌਕੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਟੇਜ਼ ਤੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਉਨ੍ਹਾਂ ਦਾ ਸੁਲਤਾਨਪੁਰ ਲੋਧੀ ਹੋਣਾ ਉਨ੍ਹਾਂ ਲਈ ਬੜੇ ਮਾਣ ਦੀ ਗੱਲ ਹੈ। ਉਨ੍ਹਾਂ ਨੇ ਇਸ ਮੌਕੇ ਪੰਜਾਬੀ ਭਾਸ਼ਾ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਤੇ ਉਨ੍ਹਾ ਦੀਆਂ ਸਿੱਖਿਆਵਾਂ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੂੰ ਮੰਨਣ ਵਾਲੇ ਲੋਕ ਪੂਰੀ ਦੁਨੀਆ ‘ਚ ਬਿਨ੍ਹਾ ਕਿਸੇ ਸੁਆਰਥ ਦੇ ਸੇਵਾ ਕਰਦੇ ਹਨ ਤੇ ਆਪਣੀ ਸਫਲਤਾ ਲਈ ਜਾਣੇ ਜਾਂਦੇ ਹਨ।