ਓਟਾਵਾ : ਕੋਰੋਨਾ ਮਹਾਮਾਰੀ ਦੇ ਚੱਲਦਿਆ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ-ਅਮਰੀਕਾ ਸਰਹੱਦ ਖੋਲ੍ਹਣ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ ਟਰੂਡੋ ਨੇ ਕੈਨੇਡਾ-ਅਮਰੀਕਾ ਸਰਹੱਦ ‘ਤੇ ਗੈਰ-ਜ਼ਰੂਰੀ ਯਾਤਰਾ ਦੀ ਪਾਬੰਦੀ ਨੂੰ 21 ਜੁਲਾਈ ਤੱਕ ਵਧਾ ਦਿੱਤਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਹੁਣ 21 ਜੁਲਾਈ ਤੱਕ ਦੋਹਾਂ ਦੇਸ਼ਾਂ ਦਰਮਿਆਨ ਗੈਰ-ਜ਼ਰੂਰੀ ਯਾਤਰਾਂ ਨੂੰ ਪਹਿਲਾਂ ਦੀ ਤਰ੍ਹਾਂ ਸੀਮਤ ਰੱਖਣਗੇ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀਤੇ ਦਿਨ ਇੱਕ ਕਾਨਫਰੰਸ ‘ਚ ਐਲਾਨ ਕੀਤਾ ਕਿ ਕੈਨੇਡਾ-ਅਮਰੀਕਾ ਸਰਹੱਦ ‘ਤੇ ਗੈਰ-ਜ਼ਰੂਰੀ ਯਾਤਰਾ ਨੂੰ ਲੈ ਕੇ ਸਰਹੱਦ ਬੰਦ ਦਾ ਸਮਝੌਤਾ ਐਤਵਾਰ ਨੂੰ ਖਤਮ ਹੋ ਗਿਆ ਹੈ। ਇਸ ਲਈ ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਇਸ ਸਮਝੌਤੇ ਦੀ ਮਿਆਦ ਨੂੰ 21 ਜੁਲਾਈ ਤੱਕ ਵਧਾ ਦਿੱਤਾ ਹੈ। ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਇਹ ਦੋਵੇਂ ਦੇਸ਼ਾਂ ਦੀ ਸੁਰੱਖਿਆ ਲਈ ਇੱਕ ਮਹੱਤਵਪੂਰਨ ਫੈਸਲਾ ਹੈ।
ਦੱਸ ਦਈਏ ਕਿ ਕੈਨੇਡਾ-ਅਮਰੀਕਾ ਸਰਹੱਦ ‘ਤੇ ਮਾਰਚ ਤੋਂ ਇਹ ਪਾਬੰਦੀ ਲਾਗੂ ਹੈ ਅਤੇ ਹੁਣ ਤੀਜੀ ਵਾਰ ਇਸ ਦੀ ਮਿਆਦ ‘ਚ ਵਾਧਾ ਕੀਤਾ ਗਿਆ ਹੈ। ਹਾਲਾਂਕਿ ਵਪਾਰ ਅਤੇ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਇਸ ‘ਚ ਛੋਟ ਦਿੱਤੀ ਗਈ ਹੈ।
ਕੈਨੇਡਾ ‘ਚ ਹੁਣ ਕੋਰੋਨਾ ਵਾਇਰਸ ਦੀ ਰਫਤਾਰ ਧੀਮੀ ਹੋ ਗਈ ਹੈ। ਹੁਣ ਤੱਕ ਦੇਸ਼ ‘ਚ ਕੋਰੋਨਾ ਦੇ 99,426 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 8,213 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। 29,813 ਕੇਸ ਅਜੇ ਵੀ ਐਕਟਿਵ ਹਨ ਅਤੇ 61 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਤੋਂ ਠੀਕ ਹੋ ਚੁੱਕ ਹਨ।
ਇੱਥੇ ਦੱਸ ਦਈਏ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਫੋਨ ‘ਤੇ ਕੋਰੋਨਾ ਵਾਇਰਸ ਨੂੰ ਲੈ ਕੇ ਚਰਚਾ ਕੀਤੀ। ਦੋਵਾਂ ਨੇਤਾਵਾਂ ਨੇ ਸਿਹਤ ਅਤੇ ਆਰਥਿਕ ਸੰਕਟ ਦੇ ਹੱਲ ਲਈ ਅੰਤਰਰਾਸ਼ਟਰੀ ਸਹਿਯੋਗ ਦੀ ਸੰਭਾਵਨਾਵਾਂ ‘ਤੇ ਵੀ ਚਰਚਾ ਕੀਤੀ। ਇਸ ਦੌਰਾਨ ਪੀਐੱਮ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਸਿਹਤ, ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਮੁਦਿਆਂ ‘ਤੇ ਇਕੱਠੇ ਕੰਮ ਕਰਨ ‘ਤੇ ਸਹਿਮਤੀ ਪ੍ਰਗਟ ਕੀਤੀ।