ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਭਾਈਚਾਰੇ ਦੇ ਪ੍ਰਮੁੱਖ ਲੋਕਾਂ ਨਾਲ ਕੀਤੀ ਮੁਲਾਕਾਤ

TeamGlobalPunjab
2 Min Read

ਨਵੀਂ ਦਿੱਲੀ: ਰਾਜਾਂ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਸਾਰੀਆਂ ਸਿਆਸੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਾ ਰਹੀਆਂ ਹਨ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਰਿਹਾਇਸ਼ ‘ਤੇ ਸਿੱਖ ਭਾਈਚਾਰੇ ਦੇ ਪ੍ਰਮੁੱਖ ਲੋਕਾਂ ਨਾਲ ਮੁਲਾਕਾਤ ਕੀਤੀ।ਭਾਰਤੀ ਜਨਤਾ ਪਾਰਟੀ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਦੇ ਸੁਖਦੇਵ ਸਿੰਘ ਢੀਂਡਸਾ ਧੜੇ ਨਾਲ ਗਠਜੋੜ ਕਰਕੇ ਸਿੱਖ ਭਾਈਚਾਰੇ ਨੂੰ ਲੁਭਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। 

ਸੂਤਰਾਂ ਅਨੁਸਾਰ  ਮੋਦੀ ਨੂੰ ਮਿਲਣ ਵਾਲੇ ਸਿੱਖ ਭਾਈਚਾਰੇ ਦੇ ਨੇਤਾਵਾਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਪਦਮਸ੍ਰੀ ਬਾਬਾ ਬਲਬੀਰ ਸਿੰਘ ਸੀਚੇਵਾਲ, ਸੇਵਾਪੰਥੀ ਯਮੁਨਾ ਨਗਰ ਦੇ ਮਹੰਤ ਕਰਮਜੀਤ ਸਿੰਘ, ਕਰਨਾਲ ਦੇ ਡੇਰਾ ਬਾਬਾ ਜੰਗ ਸਿੰਘ ਦੇ ਬਾਬਾ ਜੋਗਾ ਸਿੰਘ ਤੇ ਬਾਬਾ ਮੇਜਰ ਸਿੰਘ,  ਆਨੰਦਪੁਰ ਸਾਹਿਬ ਵਿਖੇ ਕਾਰ ਸੇਵਾ ਦੇ ਜਥੇਦਾਰ ਬਾਬਾ ਸਾਹਿਬ ਸਿੰਘ, ਭੈਣੀ ਸਾਹਿਬ ਦੇ ਨਾਮਧਾਰੀ ਦਰਬਾਰ ਦੇ ਸੁਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਬੁੱਢਾ ਦਲ ਦੇ ਬਾਬਾ ਜੱਸਾ ਸਿੰਘ, ਦਮਦਮੀ ਟਕਸਾਲ ਦੇ ਹਰਭਜਨ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਸ਼ਾਮਲ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਹੋਈ ਇਸ ਮੁਲਾਕਾਤ ਨੂੰ ਸਿਆਸੀ ਨਜ਼ਰੀਏ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਚੋਣਾਂ ਹੋਣੀਆਂ ਹਨ। ਇਸ ਵਾਰ ਭਾਜਪਾ ਨੇ ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਧੜੇ ਨਾਲ ਗਠਜੋੜ ਕੀਤਾ ਹੈ।

Share this Article
Leave a comment